ਔਰਤਾਂ ਦੇ ਸਨਮਾਨ ਲਈ ‘ਆਪ’ ਸਰਕਾਰ ਨੇ ਕੀਤੇ ਉਪਰਾਲੇ : ਸਕੱਤਰ ਸਿੰਘ ਸੰਧੂ ਔਰਤਾਂ ਦੀ ਸੁਰੱਖਿਆ, ਸਨਮਾਨ ਲਈ ਮਾਨ ਸਰਕਾਰ ਨੇ ਚੁੱਕੇ ਕਈ ਅਹਿਮ ਕਦਮ : ਸਕੱਤਰ ਸਿੰਘ ਸੰਧੂ
Publish Date: Fri, 06 Nov 2026 05:50 PM (IST)
Updated Date: Fri, 06 Nov 2026 05:53 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਐੱਨਆਰਆਈ ਕਮਿਸ਼ਨ ਦੇ ਡਾਇਰੈਕਟਰ ਸਕੱਤਰ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ 2026 ਤਕ ਔਰਤਾਂ ਦੀ ਸੁਰੱਖਿਆ, ਸਨਮਾਨ, ਆਰਥਿਕ ਆਜ਼ਾਦੀ ਅਤੇ ਸਸ਼ਕਤੀਕਰਨ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ। ਹਲਕਾ ਖਡੂਰ ਸਾਹਿਬ ਤੋਂ ਸਕੱਤਰ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ’ਚ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ, ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਅਤੇ ਯੋਗ ਔਰਤਾਂ ਲਈ 1000 ਤੋਂ 1,500 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਦੀ ਯੋਜਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਔਰਤਾਂ ਅਤੇ ਪਰਿਵਾਰਾਂ ਦੇ ਖਰਚਿਆਂ ਦਾ ਬੋਝ ਘਟਾਉਣ ’ਚ ਮਦਦ ਮਿਲ ਰਹੀ ਹੈ। ਉਨ੍ਹਾਂ ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਸਕੱਤਰ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਪੱਧਰ ’ਤੇ ਸਰਕਾਰੀ ਭਰਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ ਔਰਤਾਂ ਦੀ ਵੀ ਭਾਗੀਦਾਰੀ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਨਹੀਂ, ਸਗੋਂ ਸਮਾਜ ਦੀ ਤਰੱਕੀ ਦੀ ਅਹਿਮ ਭਾਈਵਾਲ ਵਜੋਂ ਦੇਖਦੀ ਹੈ। ਹਲਕਾ ਖਡੂਰ ਸਾਹਿਬ ਅਤੇ ਜ਼ਿਲ੍ਹਾ ਤਰਨਤਾਰਨ ਦੀਆਂ ਧੀਆਂ-ਭੈਣਾਂ ਦੀ ਸੁਰੱਖਿਆ, ਸਨਮਾਨ ਅਤੇ ਤਰੱਕੀ ਲਈ ਸਰਕਾਰ ਵਚਨਬੱਧ ਹੈ।