ਚੇਅਰਪਰਸਨ ਰੁਪਿੰਦਰ ਕੌਰ ਸੰਧੂ ਨੇ ਸਬਜ਼ੀ ਮੰਡੀ ਦਾ ਦੌਰਾ ਕੀਤਾ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਨੇ ਸਬਜ਼ੀ ਮੰਡੀ ਦਾ ਦੌਰਾ ਕੀਤਾ, ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ
Publish Date: Sat, 07 Nov 2026 04:54 PM (IST)
Updated Date: Sat, 07 Nov 2026 04:56 PM (IST)
ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸੁਣੀਆਂ ਮੁਸ਼ਕਲਾਂ ਸੀਵਰੇਜ ਤੇ ਸਫ਼ਾਈ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਆਦੇਸ਼, ਪੋਲੀਥੀਨ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਮਾਰਕੀਟ ਕਮੇਟੀ ਤਰਨਤਾਰਨ ਦੀ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਵੱਲੋਂ ਸਬਜ਼ੀ ਮੰਡੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ’ਚ ਕੰਮ ਕਰ ਰਹੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਦੌਰੇ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਮੰਡੀ ’ਚ ਸੀਵਰੇਜ ਦੀ ਸਮੱਸਿਆ, ਸਫ਼ਾਈ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਆਪਣੇ ਸੁਝਾਅ ਅਤੇ ਮੁਸ਼ਕਿਲਾਂ ਚੇਅਰਪਰਸਨ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਰੁਪਿੰਦਰ ਕੌਰ ਸੰਧੂ ਨੇ ਇਨ੍ਹਾਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਅਤੇ ਮੰਡੀ ’ਚ ਸਫ਼ਾਈ ਤੇ ਸੀਵਰੇਜ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਇਸ ਮੌਕੇ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਕਿਸਾਨ ਅਤੇ ਆੜ੍ਹਤੀ ਮੰਡੀ ਪ੍ਰਬੰਧ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੂੰ ਆਪਣਾ ਕੰਮ ਕਰਨ ਲਈ ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮਿਲਣਾ ਚਾਹੀਦਾ ਹੈ। ਮੇਰੀ ਕੋਸ਼ਿਸ਼ ਰਹੇਗੀ ਕਿ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਇਆ ਜਾਵੇ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਬੇਲੋੜੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਦੁਕਾਨਦਾਰਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਮੰਡੀ ਨੂੰ ਸਾਫ਼-ਸੁਥਰਾ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਸਬਜ਼ੀਆਂ ਅਤੇ ਹੋਰ ਸਮਾਨ ਲਈ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਇਸ ਦੀ ਬਜਾਏ ਵਾਤਾਵਰਣ ਪੱਖੀ ਬਦਲ ਅਪਣਾਏ ਜਾਣ। ਉਨ੍ਹਾਂ ਕਿਹਾ ਕਿ ਪੋਲੀਥੀਨ ਵਾਤਾਵਰਣ ਲਈ ਬਹੁਤ ਨੁਕਸਾਨਦੇਹ ਹੈ। ਇਹ ਸੀਵਰੇਜ ਅਤੇ ਨਾਲੀਆਂ ’ਚ ਫਸ ਕੇ ਪਾਣੀ ਦੀ ਨਿਕਾਸੀ ਵਿਚ ਰੁਕਾਵਟ ਪੈਦਾ ਕਰਦਾ ਹੈ ਅਤੇ ਗੰਦਗੀ ਦਾ ਕਾਰਨ ਵੀ ਬਣਦਾ ਹੈ। ਜੇਕਰ ਅਸੀਂ ਸਾਰੇ ਮਿਲ ਕੇ ਪੋਲੀਥੀਨ ਦੀ ਵਰਤੋਂ ਬੰਦ ਕਰਨ ਦਾ ਉਪਰਾਲਾ ਕਰੀਏ ਤਾਂ ਮੰਡੀ ਨੂੰ ਸਾਫ਼ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਮਾਰਕੀਟ ਕਮੇਟੀ ਦਾ ਮੁੱਖ ਉਦੇਸ਼ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਜੁੜੇ ਹਰ ਵਰਗ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਹ ਸਮੇਂ-ਸਮੇਂ ’ਤੇ ਮੰਡੀਆਂ ਦਾ ਦੌਰਾ ਕਰ ਕੇ ਜ਼ਮੀਨੀ ਪੱਧਰ ਤੇ ਸਮੱਸਿਆਵਾਂ ਦਾ ਜਾਇਜ਼ਾ ਲੈਂਦੇ ਰਹਿਣਗੇ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ। ਅੰਤ ’ਚ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।