- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
16 ਨਵੰਬਰ ਨੂੰ ਪੱਟੀ ਹਲਕੇ ’ਚ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਕਰਨਗੇ ਸਿੱਧਾ ਰਾਬਤਾ
ਹਲਕਾ ਇੰਚਾਰਜ ਜੱਸਾ ਪੱਟੀ ਨੇ ਤਿਆਰੀਆਂ ਲਈ ਮੀਟਿੰਗਾਂ ਦਾ ਦੌਰ ਕੀਤਾ ਸ਼ੁਰੂ
ਬੱਲੂ ਮਹਿਤਾ, •ਪੰਜਾਬੀ ਜਾਗਰਣ
ਪੱਟੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 16 ਨਵੰਬਰ ਨੂੰ ਪੱਟੀ ਹਲਕੇ ਦੇ ਦੌਰੇ ’ਤੇ ਆਉਣਗੇ। ਇਸ ਦੌਰਾਨ ਉਹ ਲੋਕ ਮਿਲਣੀ ਪ੍ਰੋਗਰਾਮ ਤਹਿਤ ਇਲਾਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਅ ਸੁਣਨਗੇ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਪੱਟੀ ਹਲਕੇ ’ਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵੱਲੋਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਨ੍ਹਾਂ ਮੀਟਿੰਗਾਂ ’ਚ ਮੁੱਖ ਮੰਤਰੀ ਦੇ ਦੌਰੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਮਿਲਣੀ ਪ੍ਰੋਗਰਾਮ ’ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਲੋਕ ਮਿਲਣੀ ਪ੍ਰੋਗਰਾਮ ਦਾ ਮੁੱਖ ਮਕਸਦ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਅਤੇ ਮੰਗਾਂ ਸਿੱਧੇ ਮੁੱਖ ਮੰਤਰੀ ਦੇ ਸਾਹਮਣੇ ਰੱਖਣ ਦਾ ਮੌਕਾ ਦੇਣਾ ਹੈ। ਇਸ ਦੌਰਾਨ ਲੋਕ ਆਪਣੇ ਇਲਾਕਿਆਂ ਨਾਲ ਸਬੰਧਿਤ ਵਿਕਾਸ ਕਾਰਜਾਂ, ਸੜਕਾਂ, ਸਿਹਤ ਸਹੂਲਤਾਂ, ਸਿੱਖਿਆ, ਪੀਣ ਵਾਲੇ ਪਾਣੀ ਅਤੇ ਹੋਰ ਜਨਤਕ ਮੁੱਦਿਆਂ ਬਾਰੇ ਆਪਣੀ ਗੱਲ ਰੱਖ ਸਕਣਗੇ।
ਜੱਸਾ ਪੱਟੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਪੱਟੀ ਹਲਕੇ ’ਚ ਆਉਣ ਨਾਲ ਇਲਾਕੇ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਰਕਾਰ ਦੇ ਮੁਖੀ ਤਕ ਸਿੱਧੇ ਪਹੁੰਚਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮਾਂ ਰਾਹੀਂ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਪਰਕ ਬਣਦਾ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ’ਚ ਮਦਦ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਪਾਰਟੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ’ਚ ਮੀਟਿੰਗਾਂ ਦਾ ਇਹ ਸਿਲਸਿਲਾ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ। 16 ਨਵੰਬਰ ਨੂੰ ਹੋਣ ਵਾਲੇ ਇਸ ਦੌਰੇ ਨੂੰ ਲੈ ਕੇ ਹੁਣ ਪੱਟੀ ਹਲਕੇ ਦੇ ਲੋਕਾਂ ਦੀਆਂ ਨਜ਼ਰਾਂ ਮੁੱਖ ਮੰਤਰੀ ਦੀ ਲੋਕ ਮਿਲਣੀ ’ਤੇ ਟਿਕੀਆਂ ਹੋਈਆਂ ਹਨ।