ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਭਰਾ ਦੌਰੇ ਤੋਂ ਪਹਿਲਾਂ 35 ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਭਰਾ ਦੌਰੇ ਤੋਂ ਪਹਿਲਾਂ 35 ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ
Publish Date: Tue, 10 Nov 2026 04:38 PM (IST)
Updated Date: Tue, 10 Nov 2026 04:39 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 16 ਨਵੰਬਰ ਨੂੰ ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ ਹੋਣ ਵਾਲੇ ਲੋਕ ਮਿਲਣੀ ਪ੍ਰੋਗਰਾਮ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਹੁਲਾਰਾ ਮਿਲਿਆ, ਜਦੋਂ ਪਿੰਡ ਸਭਰਾ ਵਿਖੇ ਤਕਰੀਬਨ 35 ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਪਿੰਡ ਸਭਰਾ ਵਿਚ ਵੱਡੀ ਗਿਣਤੀ ’ਚ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਕੀਤੇ ਜਾ ਰਹੇ ਕੰਮਾਂ ਬਾਰੇ ਆਪਣੀ ਰਾਇ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਉਨ੍ਹਾਂ ਨੂੰ ਪਹਿਲਾਂ ਕਿਸੇ ਵੀ ਸਰਕਾਰ ਦੇ ਸਮੇਂ ਨਹੀਂ ਮਿਲੀਆਂ। ਜੱਸਾ ਪੱਟੀ ਨੇ ਕਿਹਾ ਕਿ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਇਹ ਵੀ ਆਖਿਆ ਹੈ ਕਿ ਉਹ 2027 ’ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਮੌਕਾ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਾਰਟੀ ਨਾਲ ਜੁੜਨਾ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਕੀਤੇ ਜਾ ਰਹੇ ਸੰਪਰਕ ਦਾ ਨਤੀਜਾ ਹੈ। ਪਾਰਟੀ ’ਚ ਸ਼ਾਮਿਲ ਹੋਣ ਵਾਲੇ ਹਰੇਕ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਿੰਡ ਸਭਰਾ ਵਿਖੇ ਆਉਣਾ ਇਲਾਕੇ ਦੇ ਲੋਕਾਂ ਲਈ ਅਹਿਮ ਮੌਕਾ ਹੈ। ਲੋਕ ਮਿਲਣੀ ਪ੍ਰੋਗਰਾਮ ਰਾਹੀਂ ਮੁੱਖ ਮੰਤਰੀ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਸਕਣ। ਇਸ ਮੌਕੇ ਜਸਕੰਵਰ ਸਿੰਘ ਜੱਸਾ ਪੱਟੀ ਨੇ ਪਿੰਡ ਸਭਰਾ ਵਿਖੇ ਮਾਂ ਚਿੰਤਪੁਰਨੀ ਮੰਦਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਮਾਤਾ ਰਾਣੀ ਅੱਗੇ ਅਰਦਾਸ ਕੀਤੀ ਕਿ ਸਾਰਿਆਂ ਦੇ ਘਰਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਬਣੀ ਰਹੇ ਅਤੇ ਮਾਂ ਚਿੰਤਪੁਰਨੀ ਸਮੁੱਚੀ ਲੋਕਾਈ ’ਤੇ ਆਪਣੀ ਮਿਹਰ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਸਾਨੂੰ ਆਪਸੀ ਭਾਈਚਾਰੇ, ਪਿਆਰ ਅਤੇ ਮਿਲਵਰਤਣ ਦਾ ਸੰਦੇਸ਼ ਦਿੰਦੇ ਹਨ। ਹਰ ਵਿਅਕਤੀ ਨੂੰ ਸਮਾਜ ਦੀ ਭਲਾਈ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ।