‘ਖੇਤ ਬਚਾਓ’ ਮੁਹਿੰਮ ਤਹਿਤ ਸਹਿਕਾਰੀ ਸਭਾ ’ਚ ਕਿਸਾਨ ਸਿਖਲਾਈ ਕੈਂਪ ਲਗਾਇਆ ‘ਖੇਤ ਬਚਾਓ’ ਅਭਿਆਨ ਤਹਿਤ ਸਹਿਕਾਰੀ ਸਭਾ ਪਿੰਡ ਲੌਹੁਕਾ ’ਚ ਕਿਸਾਨ ਸਿਖਲਾਈ ਕੈਂਪ ਲਗਾਇਆ
Publish Date: Tue, 10 Nov 2026 04:46 PM (IST)
Updated Date: Tue, 10 Nov 2026 04:48 PM (IST)
ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ‘ਖੇਤ ਬਚਾਓ’ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਹਿਕਾਰੀ ਸਭਾ ਪਿੰਡ ਲੌਹੁਕਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ, ਸੂਚਨਾ ਅਫ਼ਸਰ ਡਾ. ਜਸਵਿੰਦਰ ਸਿੰਘ ਭਾਟੀਆ ਅਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਿਤ ਵੱਖ-ਵੱਖ ਤਕਨੀਕੀ ਅਤੇ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਾਹਿਰਾਂ ਨੇ ਕਿਸਾਨਾਂ ਨੂੰ ਰਸਾਇਣਿਕ ਖਾਦਾਂ ਦੀ ਲੋੜ ਤੋਂ ਵੱਧ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਂਦਿਆਂ ਮਿੱਟੀ ਦੀ ਪਰਖ ਦੇ ਆਧਾਰ ਤੇ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਯੂਰੀਆ ਅਤੇ ਡੀਏਪੀ ਦੀ ਬੇਲੋੜੀ ਵਰਤੋਂ ਨਾਲ ਖੇਤੀ ਲਾਗਤ ’ਚ ਵਾਧਾ ਹੋਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ’ਚ ਹੀ ਸੰਭਾਲਣ ਅਤੇ ਸੁਪਰ ਸੀਡਰ, ਹੈਪੀ ਸੀਡਰ ਤੇ ਸਮਾਰਟ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮਾਹਿਰਾਂ ਨੇ ਦੱਸਿਆ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਨਾਲ ਮਿੱਟੀ ’ਚ ਜੈਵਿਕ ਕਾਰਬਨ ਅਤੇ ਪੌਸ਼ਟਿਕ ਤੱਤਾਂ ਵਿਚ ਵਾਧਾ ਹੁੰਦਾ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਅਤੇ ਮੂੰਗੀ, ਮਸਰ ਤੇ ਛੋਲਿਆਂ ਵਰਗੀਆਂ ਦਾਲਾਂ ਵਾਲੀਆਂ ਫ਼ਸਲਾਂ ਨੂੰ ਫ਼ਸਲੀ ਚੱਕਰ ’ਚ ਸ਼ਾਮਿਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮਾਹਿਰਾਂ ਨੇ ਦੱਸਿਆ ਕਿ ਦਾਲਾਂ ਵਾਲੀਆਂ ਫ਼ਸਲਾਂ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ, ਨਾਈਟ੍ਰੋਜਨ ਦੀ ਕੁਦਰਤੀ ਪੂਰਤੀ ਕਰਨ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੁੰਬਾਂ ਦੀ ਕਾਸ਼ਤ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਕਿਸਾਨ ਆਪਣੀ ਆਮਦਨ ’ਚ ਵੀ ਵਾਧਾ ਕਰ ਸਕਦੇ ਹਨ। ਇਸ ਮੌਕੇ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਕਣਕ ਦੇ ਬੀਜ ਅਤੇ ਜਿਪਸਮ ਸਬੰਧੀ ਵਿਭਾਗੀ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਭਵਿੱਖ ’ਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਖੇਤੀਬਾੜੀ ਸਹੂਲਤਾਂ ਅਤੇ ਸਕੀਮਾਂ ਦਾ ਲਾਭ ਨਿਰਵਿਘਨ ਪ੍ਰਾਪਤ ਕਰਨ ਲਈ ਆਪਣੀ ਕਿਸਾਨ ਆਈਡੀ ਬਣਵਾਉਣ ਦੀ ਅਪੀਲ ਕੀਤੀ ਗਈ। ਮਾਹਿਰਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਸਹੀ ਮਾਤਰਾ, ਸਹੀ ਸਮੇਂ ਅਤੇ ਸਹੀ ਢੰਗ ਨਾਲ ਵਰਤੋਂ ਕਰਨ, ਜੈਵਿਕ ਖਾਦਾਂ ਦੀ ਵਰਤੋਂ ਵਧਾਉਣ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਖੇਤੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਤੁਲਿਤ ਖਾਦ ਪ੍ਰਬੰਧਨ, ਪਰਾਲੀ ਦੀ ਸੁਚੱਜੀ ਸੰਭਾਲ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਨਾਲ ਖੇਤੀ ਖਰਚੇ ਘਟਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦੀ ਸੰਭਾਲ ਵੀ ਯਕੀਨੀ ਬਣਾਈ ਜਾ ਸਕਦੀ ਹੈ। ਇਸ ਮੌਕੇ ਸਹਿਕਾਰੀ ਸਭਾ ਦੇ ਸੈਕਟਰੀ ਮਨਜੀਤ ਸਿੰਘ, ਗੁਰਦੇਵ ਸਿੰਘ ਮਾਣਕਪੁਰਾ, ਖੇਤੀ ਤਕਨੀਕ ਪ੍ਰਬੰਧਕ, ਕਿਸਾਨ ਆਗੂ ਹਰਚਰਨ ਸਿੰਘ, ਬਲਕਾਰ ਸਿੰਘ, ਫੀਲਡ ਵਰਕਰ ਫਤਿਹ ਸਿੰਘ ਅਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ।