ਐੱਨਐੱਚਐੱਮ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਵਫ਼ਾ ਨਹੀਂ ਹੋ ਰਿਹਾ : ਮਨਦੀਪ ਸਿੰਘ ਐੱਨਐੱਚਐੱਮ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਵਫ਼ਾ ਨਹੀਂ ਹੋ ਰਿਹਾ : ਮਨਦੀਪ ਸਿੰਘ
Publish Date: Tue, 10 Nov 2026 04:53 PM (IST)
Updated Date: Tue, 10 Nov 2026 04:54 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਨੈਸ਼ਨਲ ਹੈਲਥ ਮਿਸ਼ਨ ਐੱਨਐੱਚਐੱਮ ਅਧੀਨ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਸਿਹਤ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਨੂੰ ਅਜੇ ਤਕ ਰੈਗੂਲਰ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਐੱਨਐੱਚਐੱਮ ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਐੱਨਐੱਚਐੱਮ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਜਾਂਦੇ ਰਹੇ ਹਨ, ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਨੂੰ ਰੈਗੂਲਰ ਤਨਖ਼ਾਹ ਸਕੇਲ ਅਤੇ ਹੋਰ ਸਹੂਲਤਾਂ ਨਹੀਂ ਦਿੱਤੀਆਂ। ਇਸ ਕਾਰਨ ਮੁਲਾਜ਼ਮਾਂ ਨੂੰ ਲੰਮੇ ਸਮੇਂ ਤੋਂ ਆਰਥਿਕ ਅਤੇ ਸਮਾਜਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੀ ਐੱਨਐੱਚਐੱਮ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਸ ਸਬੰਧੀ ਕਮੇਟੀ ਬਣਾਉਣ ਤੋਂ ਬਾਅਦ ਰੈਗੂਲਰ ਕਰਨ ਦੀ ਪ੍ਰਕਿਰਿਆ ਅੱਗੇ ਨਹੀਂ ਵਧ ਸਕੀ। ਸਰਕਾਰ ਦਾ ਵਾਅਦਾ ਪੂਰਾ ਹੁੰਦਾ ਨਜ਼ਰ ਨਾ ਆਉਣ ਕਾਰਨ ਮੁਲਾਜ਼ਮਾਂ ਨੇ ਇਸ ਵਾਰ ਕਾਲੀ ਦੀਵਾਲੀ ਮਨਾਈ ਹੈ। ਮਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਬਲਾਕਾਂ ਦੇ ਮੁਲਾਜ਼ਮਾਂ ਵੱਲੋਂ ਯੂਨੀਅਨ ਦੇ ਸੱਦੇ ’ਤੇ ਆਪੋ-ਆਪਣੇ ਸੀਨੀਅਰ ਮੈਡੀਕਲ ਅਫ਼ਸਰਾਂ ਐੱਸਐੱਮਓਜ਼ ਨੂੰ ਮੰਗ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ 11 ਨਵੰਬਰ ਨੂੰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁੱਖ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੁਜ਼ਾਹਰੇ ’ਚ ਪੰਜ ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਮੰਗਾਂ ਦੀ ਪੂਰਤੀ ਤਕ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰੱਖੀ ਜਾਵੇਗੀ। ਇਸ ਮੌਕੇ ਅਮਰਜੀਤ ਕੌਰ, ਤਰਸੇਮ ਸਿੰਘ, ਸੰਦੀਪ ਸਿੰਘ ਬੀਐੱਸਏ, ਸੰਦੀਪ ਸਿੰਘ ਆਈਏ, ਰਮਨਦੀਪ ਕੌਰ ਸੀਐੱਚਓ ਕੈਰੋਂ, ਜੁਗਰਾਜ ਸਿੰਘ, ਵਿਦਿਆ ਦੇਵੀ, ਅਮਰਜੀਤ ਕੌਰ ਸੀਐੱਚਓ ਖੇਮਕਰਨ, ਵਿਸ਼ਾਲ ਕੁਮਾਰ, ਪਰਮਿੰਦਰ ਸਿੰਘ, ਕੁਲਵੰਤ ਕੌਰ, ਸੁਪ੍ਰੀਤ ਕੌਰ, ਨਵਜੋਤ ਕੌਰ ਸਰਹਾਲੀ, ਰਵਿੰਦਰ ਕੌਰ, ਜੈਸਮੀਨ ਕੌਰ, ਜੀਵਨਜੋਤ ਸਿੰਘ, ਮਨਦੀਪ ਕੌਰ ਸੀਐੱਚਓ ਝਬਾਲ, ਮਨਜਿੰਦਰ ਸਿੰਘ, ਪ੍ਰਵੀਨ ਕੌਰ, ਪ੍ਰਭਜੀਤ ਕੌਰ ਸੁਰਸਿੰਘ, ਜਗਦੀਪ ਕੌਰ, ਗੁਰਪ੍ਰੀਤ ਕੌਰ, ਡਾ. ਅਮਨ, ਯੋਗੇਸ਼ ਗਿੱਲ, ਡਾ. ਸ਼ਰਨ ਕਸੇਲ, ਡਾ. ਚੰਦਨ ਸ਼ਰਮਾ ਘਰਿਆਲਾ, ਡਾ. ਗੁਰਸ਼ਰਨ ਸਿੰਘ, ਤਰੁਣ, ਸੰਦੀਪ ਸਿੰਘ ਸੀਓ, ਕੰਵਲਜੀਤ ਕੌਰ ਡੀਐੱਸਏ, ਸਿਮਰਜੀਤ ਸਿੰਘ, ਆਰੂਸ਼ ਭੱਲਾ, ਕੋਮਲਜੀਤ ਕੌਰ, ਸੁਮਨ ਸਿੱਧੂ, ਰਜਿੰਦਰ ਸਿੰਘ, ਪ੍ਰਗਟ ਸਿੰਘ, ਕਮਲਜੀਤ ਕੌਰ ਅਤੇ ਮਨਿੰਦਰ ਕੌਰ ਸਮੇਤ ਵੱਡੀ ਗਿਣਤੀ ’ਚ ਐੱਨਐੱਚਐੱਮ ਮੁਲਾਜ਼ਮ ਹਾਜ਼ਰ ਸਨ।