13 ਨੂੰ ਖਹਿਰਾ ਪੈਲੇਸ ’ਚ ਹੋਵੇਗੀ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ : ਸ਼ੇਰੋਂ 13 ਨੂੰ ਖਹਿਰਾ ਪੈਲੇਸ ’ਚ ਹੋਵੇਗੀ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ : ਰਮਨਦੀਪ ਕੌਰ ਸ਼ੇਰੋਂ
Publish Date: Tue, 10 Nov 2026 05:13 PM (IST)
Updated Date: Tue, 10 Nov 2026 05:15 PM (IST)
ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ’ਚ ਕੀਤੀਆਂ ਜਾ ਰਹੀਆਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀਆਂ ਦੀ ਲੜੀ ਤਹਿਤ 13 ਨਵੰਬਰ ਨੂੰ ਖਹਿਰਾ ਪੈਲੇਸ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਰੈਲੀ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ। ਇਸ ਰੈਲੀ ’ਚ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਮਹਿਲਾਵਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ’ਚ ਕਰਵਾਈਆਂ ਜਾਂਦੀਆਂ ਰੈਲੀਆਂ ਨੂੰ ਹਮੇਸ਼ਾ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਇਸ ਵਾਰ ਵੀ ਇਸਤਰੀ ਅਕਾਲੀ ਦਲ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵੱਡਾ ਇਕੱਠ ਕਰ ਕੇ ਇਸ ਸਮਾਜਿਕ ਬੁਰਾਈ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਬੀਬੀ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਨਸ਼ਿਆਂ ਦਾ ਸਭ ਤੋਂ ਵੱਧ ਸੰਤਾਪ ਮਾਵਾਂ ਅਤੇ ਭੈਣਾਂ ਨੂੰ ਆਪਣੇ ਘਰਾਂ ’ਚ ਹੰਢਾਉਣਾ ਪੈ ਰਿਹਾ ਹੈ। ਅੱਜ ਸਮਾਂ ਆ ਗਿਆ ਹੈ ਕਿ ਔਰਤਾਂ ਆਪਣੇ ਪਰਿਵਾਰਾਂ ਅਤੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕਿਸੇ ਇਕ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਲੜਾਈ ਹੈ।