ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੀ ਕਬੱਡੀ ਟੀਮ ਬਣੀ ਚੈਂਪੀਅਨ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੀ ਕਬੱਡੀ ਟੀਮ ਬਣੀ ਚੈਂਪੀਅਨ
Publish Date: Tue, 10 Nov 2026 06:28 PM (IST)
Updated Date: Tue, 10 Nov 2026 06:33 PM (IST)
ਕਿਰਪਾਲ ਸਿੰਘ ਰੰਧਾਵਾ/ਲਵਦੀਪ ਦੇਵਗਨ•, ਪੰਜਾਬੀ ਜਾਗਰਣ ਹਰੀਕੇ ਪੱਤਣ/ਸਰਹਾਲੀ ਕਲਾਂ : ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੀ ਕਬੱਡੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਰਵਾਏ ਅੰਤਰ-ਕਾਲਜ ਬੀ ਡਵੀਜ਼ਨ ਲੀਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਟੀਮ ਨੇ ਆਪਣੇ ਤਿੰਨੋਂ ਮੁਕਾਬਲਿਆਂ ’ਚ ਵਿਰੋਧੀ ਟੀਮਾਂ ਨੂੰ ਕਰਾਰੀ ਹਾਰ ਦਿੱਤੀ। ਮੁਕਾਬਲਿਆਂ ਦੌਰਾਨ ਕਾਲਜ ਦੀ ਟੀਮ ਨੇ ਡੀਏਵੀ ਕਾਲਜ ਫਗਵਾੜਾ ਨੂੰ 40-23 ਅੰਕਾਂ ਨਾਲ, ਬੀੜ ਬਾਬਾ ਬੁੱਢਾ ਸਾਹਿਬ ਕਾਲਜ ਨੂੰ 42-25 ਅੰਕਾਂ ਨਾਲ ਅਤੇ ਟ੍ਰਿਨਿਟੀ ਕਾਲਜ ਜਲੰਧਰ ਨੂੰ 40-18 ਅੰਕਾਂ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ। ਖਿਡਾਰੀਆਂ ਨੇ ਬਿਹਤਰੀਨ ਤਾਲਮੇਲ, ਰਣਨੀਤੀ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੀ ਸਥਾਪਨਾ ਸੰਨ 1970 ’ਚ ਸੰਤ ਬਾਬਾ ਤਾਰਾ ਸਿੰਘ ਜੀ ਵੱਲੋਂ ਕੀਤੀ ਗਈ ਸੀ। ਮੌਜੂਦਾ ਸਮੇਂ ਸੰਸਥਾ ਸੰਪਰਦਾਇ ਕਾਰ ਸੇਵਾ, ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਯੋਗਦਾਨ ਪਾ ਰਹੀ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਸਮੂਹ ਖਿਡਾਰੀਆਂ ਅਤੇ ਟੀਮ ਇੰਚਾਰਜ ਡਾ. ਅਮਨਦੀਪ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਹਰਜਿੰਦਰ ਸਿੰਘ ਬਿੱਲਿਆਂਵਾਲਾ, ਸਮੂਹ ਕਮੇਟੀ ਮੈਂਬਰਾਂ ਅਤੇ ਪ੍ਰਿੰਸੀਪਲ ਡਾ. ਜਸਬੀਰ ਸਿੰਘ ਨੇ ਵੀ ਟੀਮ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਡਾ. ਜਸਬੀਰ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਿਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਟੀਮ ਇੰਚਾਰਜ ਡਾ. ਅਮਨਦੀਪ ਸਿੰਘ, ਅਸਿਸਟੈਂਟ ਪ੍ਰੋਫੈਸਰ ਫਿਜ਼ੀਕਲ ਐਜੂਕੇਸ਼ਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਟੀਮ ਭਵਿੱਖ ’ਚ ਵੀ ਹੋਰ ਵੱਡੀਆਂ ਪ੍ਰਾਪਤੀਆਂ ਹਾਸਿਲ ਕਰੇਗੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸਨ।