ਐੱਨਐੱਚਐੱਮ ਮੁਲਾਜ਼ਮਾਂ ਨੇ ਕੰਮ ਦਾ ਮੁਕੰਮਲ ਬਾਈਕਾਟ ਕਰ ਕੇ ਕੀਤਾ ਰੋਸ ਪ੍ਰਦਰਸ਼ਨ ਐੱਨਐੱਚਐੱਮ ਮੁਲਾਜ਼ਮਾਂ ਨੇ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਕੀਤਾ ਪ੍ਰਦਰਸ਼ਨ
Publish Date: Tue, 10 Nov 2026 08:08 PM (IST)
Updated Date: Tue, 10 Nov 2026 08:09 PM (IST)
ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬੇ ਭਰ ’ਚ ਨੈਸ਼ਨਲ ਹੈਲਥ ਮਿਸ਼ਨ ਐੱਨਐੱਚਐੱਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੰਮ ਦਾ ਮੁਕੰਮਲ ਬਾਈਕਾਟ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਤਹਿਤ 11 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ-38 ਸਥਿਤ ਐੱਨਐੱਚਐੱਮ ਦੇ ਮੁੱਖ ਦਫ਼ਤਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਸ਼ਮੂਲੀਅਤ ਕਰਨਗੇ। ਇਸ ਸਬੰਧੀ ਯੂਨੀਅਨ ਆਗੂ ਮਨਦੀਪ ਸਿੰਘ ਨੇ ਦੱਸਿਆ ਕਿ ਐੱਨਐੱਚਐੱਮ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤਕ ਪਹੁੰਚ ਕਰਦੇ ਆ ਰਹੇ ਹਨ। ਮੁਲਾਜ਼ਮਾਂ ਵੱਲੋਂ ਹੁਣ ਤਕ ਕਰੀਬ 54 ਮੀਟਿੰਗਾਂ, ਰੋਸ ਪ੍ਰਦਰਸ਼ਨਾਂ, ਧਰਨਿਆਂ ਅਤੇ ਮੰਗ ਪੱਤਰਾਂ ਰਾਹੀਂ ਆਪਣੀਆਂ ਸਮੱਸਿਆਵਾਂ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ। ਇਸ ਦੇ ਬਾਵਜੂਦ ਮੰਗਾਂ ਦਾ ਕੋਈ ਸਥਾਈ ਅਤੇ ਠੋਸ ਹੱਲ ਨਾ ਨਿਕਲਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਬਣਾਈ ਗਈ ਭਲਾਈ ਕਮੇਟੀ ਦੀ ਅਜੇ ਤਕ ਇਕ ਵੀ ਮੀਟਿੰਗ ਨਹੀਂ ਬੁਲਾਈ ਗਈ, ਜਿਸ ਕਾਰਨ ਮੁਲਾਜ਼ਮਾਂ ’ਚ ਸਰਕਾਰ ਪ੍ਰਤੀ ਨਾਰਾਜ਼ਗੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਧਰਨਿਆਂ ’ਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਤਨਖਾਹਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਯੂਨੀਅਨ ਆਗੂ ਜੈਸਮੀਨ ਕੌਰ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ’ਚ ਐੱਨਐੱਚਐੱਮ ਮੁਲਾਜ਼ਮਾਂ ਲਈ ਠੋਸ ਅਤੇ ਸਥਾਈ ਨੀਤੀ ਬਣਾਉਣਾ, ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ, ਤਨਖਾਹਾਂ ਵਿਚ ਵਾਜਬ ਵਾਧਾ ਕਰਨਾ, ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕਰਨਾ ਅਤੇ ਸੇਵਾ ਸ਼ਰਤਾਂ ਨਾਲ ਸਬੰਧਿਤ ਹੋਰ ਮੰਗਾਂ ਦਾ ਹੱਲ ਕਰਨਾ ਸ਼ਾਮਿਲ ਹੈ। ਯੂਨੀਅਨ ਆਗੂ ਅਮਰਜੀਤ ਕੌਰ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨਾਲ ਤੁਰੰਤ ਉੱਚ ਪੱਧਰੀ ਮੀਟਿੰਗ ਕੀਤੀ ਜਾਵੇ ਅਤੇ ਮੰਗਾਂ ਦਾ ਸਮਾਂਬੱਧ ਤੇ ਲਿਖਤੀ ਰੂਪ ’ਚ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਮੁਲਾਜ਼ਮ ਸੰਤੁਸ਼ਟ ਨਹੀਂ ਹੋਣਗੇ, ਸਗੋਂ ਮੰਗਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਲੋੜੀਂਦੀ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੰਗਾਂ ਦਾ ਤਸੱਲੀਬਖ਼ਸ਼ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ। ਉਨ੍ਹਾਂ ਸਮੂਹ ਐੱਨਐੱਚਐੱਮ ਮੁਲਾਜ਼ਮਾਂ ਨੂੰ 11 ਨਵੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਰੋਸ ਰੈਲੀ ’ਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਤਰਸੇਮ ਸਿੰਘ, ਸੰਦੀਪ ਸਿੰਘ ਬੀਐੱਸਏ, ਸੰਦੀਪ ਸਿੰਘ ਆਈਏ, ਰਮਨਦੀਪ ਕੌਰ ਸੀਐੱਚਓ ਕੈਰੋਂ, ਜੁਗਰਾਜ ਸਿੰਘ, ਵਿਦਿਆ ਦੇਵੀ, ਅਮਰਜੀਤ ਕੌਰ ਸੀਐੱਚਓ ਖੇਮਕਰਨ, ਵਿਸ਼ਾਲ ਕੁਮਾਰ, ਪਰਮਿੰਦਰ ਸਿੰਘ, ਕੁਲਵੰਤ ਕੌਰ, ਸੁਪ੍ਰੀਤ ਕੌਰ, ਨਵਜੋਤ ਕੌਰ ਸਰਹਾਲੀ, ਰਵਿੰਦਰ ਕੌਰ, ਜੀਵਨਜੋਤ ਸਿੰਘ, ਮਨਦੀਪ ਕੌਰ ਸੀਐੱਚਓ ਝਬਾਲ, ਮਨਜਿੰਦਰ ਸਿੰਘ, ਪ੍ਰਵੀਨ ਕੌਰ, ਪ੍ਰਭਜੀਤ ਕੌਰ ਸੁਰਸਿੰਘ, ਜਗਦੀਪ ਕੌਰ, ਗੁਰਪ੍ਰੀਤ ਕੌਰ, ਡਾ. ਅਮਨ, ਯੋਗੇਸ਼ ਗਿੱਲ, ਡਾ. ਸ਼ਰਨ ਕਸੇਲ, ਡਾ. ਚੰਦਨ ਸ਼ਰਮਾ ਘਰਿਆਲਾ, ਡਾ. ਗੁਰਸ਼ਰਨ ਸਿੰਘ, ਤਰੁਣ, ਸੰਦੀਪ ਸਿੰਘ ਸੀਓ, ਕੰਵਲਜੀਤ ਕੌਰ ਡੀਐੱਸਏ, ਸਿਮਰਜੀਤ ਸਿੰਘ, ਆਰੂਸ਼ ਭੱਲਾ, ਕੋਮਲਜੀਤ ਕੌਰ, ਸੁਮਨ ਸਿੱਧੂ, ਰਜਿੰਦਰ ਸਿੰਘ, ਪ੍ਰਗਟ ਸਿੰਘ, ਕਮਲਜੀਤ ਕੌਰ ਅਤੇ ਮਨਿੰਦਰ ਕੌਰ ਸਮੇਤ ਹੋਰ ਐੱਨਐੱਚਐੱਮ ਮੁਲਾਜ਼ਮ ਹਾਜ਼ਰ ਸਨ।