ਸਰਕਲ ਚੋਹਲਾ ਸਾਹਿਬ ’ਚ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਭਾਜਪਾ ’ਚ ਸ਼ਾਮਲ ਸਰਕਲ ਚੋਹਲਾ ਸਾਹਿਬ ’ਚ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਭਾਜਪਾ ’ਚ ਸ਼ਾਮਿਲ
Publish Date: Tue, 10 Nov 2026 08:13 PM (IST)
Updated Date: Tue, 10 Nov 2026 08:15 PM (IST)
ਰਾਕੇਸ਼ ਨਈਅਰ•, ਪੰਜਾਬੀ ਜਾਗਰਣ ਚੋਹਲਾ ਸਾਹਿਬ : ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਸਰਕਲ ਚੋਹਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਕਈ ਆਗੂਆਂ ਅਤੇ ਵਰਕਰਾਂ ਨੇ ਭਾਰਤੀ ਜਨਤਾ ਪਾਰਟੀ ’ਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਜ਼ਿਲ੍ਹਾ ਭਾਜਪਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਚੋਹਲਾ ਸਾਹਿਬ ਦੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਹੋਈ। ਇਸ ਮੌਕੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਨਵੇਂ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਭਾਜਪਾ ’ਚ ਸ਼ਾਮਲ ਹੋਣਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਹਰੇਕ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਦੀਆਂ ਸਰਗਰਮੀਆਂ ’ਚ ਉਨ੍ਹਾਂ ਨੂੰ ਢੁੱਕਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਪਾਰਟੀ ਪਰਿਵਾਰ ਦਾ ਅਹਿਮ ਹਿੱਸਾ ਹੈ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਪਾਰਟੀ ਦੀ ਕਾਰਜਸ਼ੈਲੀ ਦਾ ਹਿੱਸਾ ਹੈ। ਸਮਾਗਮ ਦੌਰਾਨ ਹਾਜ਼ਰ ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਵਿਕਾਸ, ਸੁਸ਼ਾਸਨ ਅਤੇ ਲੋਕ-ਭਲਾਈ ਦੇ ਮੁੱਦਿਆਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਭਾਜਪਾ ਸ਼ਾਸਿਤ ਸੂਬਿਆਂ ’ਚ ਹੋ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਆਗੂਆਂ ਨੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਆਪਣਾ ਸਿਆਸੀ ਨਜ਼ਰੀਆਂ ਪੇਸ਼ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ’ਚ ਆਪਣੇ ਦਮ ’ਤੇ ਚੋਣ ਲੜਨ ਅਤੇ ਸਰਕਾਰ ਬਣਾਉਣ ਦੇ ਟੀਚੇ ਨਾਲ ਚੋਣ ਮੈਦਾਨ ’ਚ ਉਤਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਥੇਬੰਦਕ ਪੱਧਰ ’ਤੇ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਉਪ-ਪ੍ਰਧਾਨ ਡਾ. ਅਵਤਾਰ ਸਿੰਘ ਵੇਈਂਪੂੰਈ ਜਿਥੇ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਥੇ ਹੀ ਇਸ ਮੌਕੇ ਮੇਹਰ ਸਿੰਘ ਬਾਣੀਆਂ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ, ਮੰਡਲ ਪ੍ਰਧਾਨ ਕੁਲਦੀਪ ਸਿੰਘ, ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਜਿਓਬਾਲਾ, ਸੀਨੀਅਰ ਆਗੂ ਬੂਟਾ ਸਿੰਘ, ਜ਼ਿਲ੍ਹਾ ਦਫ਼ਤਰ ਸਕੱਤਰ ਇਕਬਾਲ ਸਿੰਘ ਰਾਹਲ ਚਾਹਲ, ਡਾ. ਬਲਜੀਤ ਸਿੰਘ ਧੁੰਨ, ਜ਼ਿਲ੍ਹਾ ਦਫ਼ਤਰ ਦੇ ਸੰਯੁਕਤ ਸਕੱਤਰ ਬਾਬਾ ਮਨਜਿੰਦਰ ਸਿੰਘ ਵਰਿਆਂ, ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਪੱਪੂ ਖਾਰਾ, ਆਈਟੀ ਵਿੰਗ ਦੇ ਜ਼ਿਲ੍ਹਾ ਇੰਚਾਰਜ ਹਰਵਿੰਦਰ ਸਿੰਘ ਅਤੇ ਡਾ. ਰਾਜਬੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਭਾਜਪਾ ’ਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ’ਚ ਕੁਲਵਿੰਦਰ ਸਿੰਘ, ਸਰਬਜੀਤ ਸਿੰਘ, ਬਲਕਾਰ ਸਿੰਘ, ਨਿਸ਼ਾਨ ਸਿੰਘ, ਅਨਮੋਲ ਸਿੰਘ, ਨਵਜੋਤ ਸਿੰਘ, ਗੁਰਪ੍ਰਤਾਪ ਸਿੰਘ, ਗੁਰਪਾਲ ਸਿੰਘ, ਸਰਬਜੀਤ ਸਿੰਘ, ਦਿਲਬਾਗ ਸਿੰਘ, ਮੇਜਰ ਸਿੰਘ, ਰਾਮ ਸਿੰਘ, ਰਾਮਪਾਲ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਮਨਜਿੰਦਰ ਸਿੰਘ, ਅਰਸ਼ਦੀਪ ਸਿੰਘ, ਕਵਲਜੀਤ ਸਿੰਘ ਅਤੇ ਸਰਬਜੀਤ ਸਿੰਘ ਸਮੇਤ ਹੋਰ ਵਰਕਰ ਮੌਜੂਦ ਸਨ।