ਸ਼ਹਿਰ ’ਚ ਨਵੀਆਂ ਸੜਕਾਂ ਦਾ ਵਿਛਾਇਆ ਜਾ ਰਿਹਾ ਹੈ ਜਾਲ : ਕੌਂਸਲਰ ਲਾਲੀ ਤਰਨਤਾਰਨ ਸ਼ਹਿਰ ’ਚ ਨਵੀਆਂ ਸੜਕਾਂ ਦਾ ਵਿਛਾਇਆ ਜਾ ਰਿਹਾ ਹੈ ਜਾਲ: ਕੌਂਸਲਰ ਲਾਲੀ
Publish Date: Wed, 11 Nov 2026 04:38 PM (IST)
Updated Date: Wed, 11 Nov 2026 04:39 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਗੁਰੂ ਨਗਰੀ ਤਰਨਤਾਰਨ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਤਰਨਤਾਰਨ ਦੇ ਸੀਨੀਅਰ ਕੌਂਸਲਰ ਸਰਬਜੀਤ ਸਿੰਘ ਲਾਲੀ ਨੇ ਕਿਹਾ ਕਿ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਸ਼ਹਿਰ ’ਚ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਦੇ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਨਾਲ ਜਿੱਥੇ ਲੋਕਾਂ ਨੂੰ ਆਉਣ-ਜਾਣ ’ਚ ਆਸਾਨੀ ਹੋਵੇਗੀ, ਉੱਥੇ ਹੀ ਸ਼ਹਿਰ ਦੀ ਦਿੱਖ ਵਿਚ ਵੀ ਸੁਧਾਰ ਆਵੇਗਾ। ਉਨ੍ਹਾਂ ਆਪਣੇ ਸਾਥੀਆਂ ਸਮੇਤ ਵੱਖ-ਵੱਖ ਇਲਾਕਿਆਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਕੌਂਸਲਰ ਲਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਲਈ ਸੜਕਾਂ, ਗਲੀਆਂ, ਪੀਣ ਵਾਲੇ ਸਾਫ਼ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਦੀਆਂ ਸ਼ਹਿਰੀ ਵਿਕਾਸ ਯੋਜਨਾਵਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣਾ ਹੈ। ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਵਿਭਾਗ ਰਾਹੀਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋੜ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਮਕਸਦ ਹੈ ਕਿ ਸ਼ਹਿਰ ਦੇ ਕਿਸੇ ਵੀ ਵਾਰਡ ਨੂੰ ਵਿਕਾਸ ਪੱਖੋਂ ਅਣਗੌਲਿਆ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ’ਚ ਗੁਣਵੱਤਾ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਕੋਸ਼ਿਸ਼ਾਂ ਜਾਰੀ ਰਹਿਣਗੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਤਰਨਤਾਰਨ ਨੂੰ ਇਕ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਲਈ ਸਰਕਾਰ ਅਤੇ ਸਥਾਨਕ ਨੁਮਾਇੰਦੇ ਵਚਨਬੱਧ ਹਨ। ਇਸ ਮੌਕੇ ਰੁਪਿੰਦਰ ਕੌਰ ਢਿੱਲੋਂ, ਡਾ. ਐੱਨਪੀ ਸਿੰਘ, ਰਾਜਾ ਮੋਬਾਈਲਾਂ ਵਾਲਾ, ਸੋਨੀ ਖਹਿਰਾ, ਗੁਰਿੰਦਰ ਸਿੰਘ ਪ੍ਰਿੰਟਿੰਗ ਪ੍ਰੈੱਸ ਵਾਲੇ ਆਦਿ ਵੀ ਮੌਜੂਦ ਸਨ।