ਨਸ਼ਿਆਂ, ਅਪਰਾਧ ਅਤੇ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਜਾਰੀ ਰਹੇਗੀ : ਡੀਐੱਸਪੀ ਨਸ਼ਿਆਂ, ਅਪਰਾਧ ਅਤੇ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਜਾਰੀ ਰਹੇਗੀ : ਡੀਐੱਸਪੀ ਰਵੀ ਸ਼ੇਰ ਸਿੰਘ
Publish Date: Wed, 11 Nov 2026 05:15 PM (IST)
Updated Date: Wed, 11 Nov 2026 05:18 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਡੀਐੱਸਪੀ ਪੱਟੀ ਰਵੀ ਸ਼ੇਰ ਸਿੰਘ ਨੇ ਕਿਹਾ ਕਿ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ, ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਗੈਰ-ਸਮਾਜਿਕ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨਾ ਪੁਲਿਸ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਇਸ ’ਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਇਸ ਮੌਕੇ ਪੱਟੀ ਇਲਾਕੇ ਦੇ ਸਮਾਜ ਸੇਵੀ ਅਵਤਾਰ ਸਿੰਘ ਆਜ਼ਾਦ ਸਾਬਕਾ ਡਾਇਰੈਕਟਰ ਨਾਲ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਡੀਐੱਸਪੀ ਪੱਟੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਵੇਚਣ ਅਤੇ ਇਸ ਗੈਰ-ਕਾਨੂੰਨੀ ਧੰਦੇ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਸਰਗਰਮੀਆਂ ਵੱਲ ਧਿਆਨ ਦੇਣ ਅਤੇ ਕਿਸੇ ਵੀ ਸ਼ੱਕੀ ਸਰਗਰਮੀ ਬਾਰੇ ਪੁਲਿਸ ਨੂੰ ਸੂਚਿਤ ਕਰਨ। ਡੀਐੱਸਪੀ ਨੇ ਕਿਹਾ ਕਿ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਪੁਲਿਸ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਪਹਿਨਣ ਅਤੇ ਵਾਹਨਾਂ ਦੇ ਜ਼ਰੂਰੀ ਦਸਤਾਵੇਜ਼ ਆਪਣੇ ਕੋਲ ਰੱਖਣ। ਬਾਜ਼ਾਰਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਵਾਹਨ ਗਲਤ ਢੰਗ ਨਾਲ ਖੜ੍ਹੇ ਨਾ ਕੀਤੇ ਜਾਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਆਪਣਾ ਸਹਿਯੋਗ ਦੇਣ ਅਤੇ ਇਲਾਕੇ ’ਚ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ। ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਸ਼ੱਕੀ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਸੁਰੱਖਿਅਤ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।