- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਕੂਲਾਂ ’ਚ ਕਰਵਾਏ ਲੇਖ ਤੇ ਕੁਇਜ਼ ਮੁਕਾਬਲੇ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਸਕੂਲਾਂ ’ਚ ਸਵੀਪ ਨਾਲ ਸਬੰਧਿਤ ਕੁਇਜ਼ ਅਤੇ ਲੇਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ ਨੋਡਲ ਅਫ਼ਸਰ ਸਵੀਪ ਮੰਗਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਹ ਕੁਇਜ਼ ਅਤੇ ਲੇਖ ਮੁਕਾਬਲੇ ਚਾਰ ਵਿਧਾਨ ਸਭਾ ਹਲਕਿਆਂ ਪੱਟੀ, ਖਡੂਰ ਸਾਹਿਬ ਤਰਨਤਾਰਨ ਅਤੇ ਖੇਮਕਰਨ ਵਿਚ ਕਰਵਾਏ ਗਏ। ਵਿਦਿਆਰਥੀਆਂ ਨੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕਤਾ ਦਿਖਾਉਂਦਿਆਂ ਆਪਣੇ ਕੁਇਜ਼ ਅਤੇ ਲੇਖਾਂ ਦੇ ਮੁਕਾਬਲਿਆਂ ’ਚ ਇਸ ਨੂੰ ਬਾਖੂਬੀ ਦਰਸਾਇਆ। ਉਨ੍ਹਾਂ ਕਿਹਾ ਕਿ ਭਵਿੱਖ ਇਨ੍ਹਾਂ ਵਿਦਿਆਰਥੀਆਂ ਦੇ ਹੱਥਾਂ ’ਚ ਹੈ ਅਤੇ ਇਨ੍ਹਾਂ ਨੂੰ ਜਾਗਰੂਕ ਕਰਨਾ ਹੀ ਸਾਡਾ ਮੁੱਖ ਉਦੇਸ਼ ਹੈ, ਤਾਂ ਜੋ ਉਹ ਪੂਰੀ ਤਰ੍ਹਾਂ ਜਾਗਰੂਕ ਹੋ ਕੇ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰ ਸਕਣ। ਇਕ ਜਾਗਰੂਕ ਵੋਟਰ ਹੀ ਇਕ ਮਜ਼ਬੂਤ ਲੋਕਤੰਤਰ ਦੀ ਨੀਂਹ ਰੱਖ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 16 ਨਵੰਬਰ ਤਕ ਚੱਲਣਗੇ। ਉਨ੍ਹਾਂ ਕਿਹਾ ਕਿ ਮੁਕਾਬਲੇ ਦੀ ਸ਼ੁਰੂਆਤ ਵਿਚ ਹਰੇਕ ਦਿਲਚਸਪੀ ਰੱਖਣ ਵਾਲਾ ਵਿਦਿਆਰਥੀ ਹਿੱਸਾ ਲੈ ਸਕਦਾ ਹੈ। ਜਿਨ੍ਹਾਂ ਵਿੱਚੋਂ ਹਰੇਕ ਸੰਸਥਾ ਵਿੱਚੋਂ ਦੋ ਵਿਦਿਆਰਥੀ ਚੁਣੇ ਜਾਣਗੇ। ਇਸ ਉਪਰੰਤ ਹਰੇਕ ਵਿਧਾਨ ਸਭਾ ਹਲਕੇ ’ਚ ਮੁਕਾਬਲੇ ਕਰਵਾਉਣ ਉਪਰੰਤ 10-10 ਵਿਦਿਆਰਥੀ ਮੁਕਾਬਲੇ ਲਈ ਚੁਣੇ ਜਾਣਗੇ ਅਤੇ ਜ਼ਿਲ੍ਹਾ ਪੱਧਰੀ ਚੋਣ ਉਪਰੰਤ ਇਨ੍ਹਾਂ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜ਼ਿਲ੍ਹਾ ਪੱਧਰ 'ਤੇ 10 ਜੇਤੂ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਵਿੱਖ ’ਚ ਵੀ ਜ਼ਿਲ੍ਹੇ ਭਰ ਦੇ ਸਕੂਲਾਂ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਰ ਵੀ ਮੁਕਾਬਲੇ ਕਰਵਾਏ ਜਾਣਗੇ, ਤਾਂ ਜੋ ਨੌਜਵਾਨ ਪੀੜ੍ਹੀ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।