- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੈ-ਗਣਨਾ ਅਤੇ ਪ੍ਰਚਾਰ-ਪ੍ਰਸਾਰ ਲਈ ਤਰਨਤਾਰਨ 'ਚ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ

ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਜਨਗਣਨਾ-2027 ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਯੋਜਨਾਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨਤਾਰਨ ਵੱਲੋਂ ਵੱਖ-ਵੱਖ ਅਧਿਕਾਰੀਆਂ ਦੀਆਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਦਾ ਮੁੱਖ ਉਦੇਸ਼ ਜਨਗਣਨਾ ਪ੍ਰਕਿਰਿਆ ਦੌਰਾਨ ਸਵੈ-ਗਣਨਾ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ-ਪ੍ਰਸਾਰ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ। ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਤਰਨਤਾਰਨ ਰਜਿੰਦਰ ਕੌਰ ਨੂੰ ਬਤੌਰ ਜ਼ਿਲ੍ਹਾ ਨੋਡਲ ਅਫ਼ਸਰ ਸਵੈ-ਗਣਨਾ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਹਰਦੇਵ ਸਿੰਘ ਆਸੀ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਪਬਲਿਸਿਟੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਤਾਂ ਜੋ ਜਨਗਣਨਾ ਅਤੇ ਸਵੈ-ਗਣਨਾ ਸਬੰਧੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤਕ ਪਹੁੰਚਾਈ ਜਾ ਸਕੇ। ਇਸੇ ਤਰ੍ਹਾਂ ਸਿੱਖਿਆ ਵਿਭਾਗ ਤਰਨਤਾਰਨ ਦੇ ਐਲੀਮੈਂਟਰੀ ਅਤੇ ਸੈਕੰਡਰੀ ਵਿੰਗ ’ਚ ਵੀ ਸਵੈ-ਗਣਨਾ ਦੇ ਕੰਮ ਨੂੰ ਸੁਚਾਰੂ ਬਣਾਉਣ ਲਈ ਸਹਾਇਕ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਐਲੀਮੈਂਟਰੀ ਵਿੰਗ ਲਈ ਪ੍ਰੇਮ ਸਿੰਘ ਨੂੰ ਸਹਾਇਕ ਨੋਡਲ ਅਫ਼ਸਰ ਸਵੈ-ਗਣਨਾ ਅਤੇ ਸੈਕੰਡਰੀ ਵਿੰਗ ਲਈ ਬਰਿੰਦਰ ਸਿੰਘ ਲਹਿਰੀ ਨੂੰ ਸਹਾਇਕ ਨੋਡਲ ਅਫ਼ਸਰ ਸਵੈ-ਗਣਨਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਨਿਯੁਕਤੀਆਂ ਰਾਹੀਂ ਜ਼ਿਲ੍ਹਾ ਪੱਧਰ 'ਤੇ ਜਨਗਣਨਾ ਦੀ ਸਵੈ-ਗਣਨਾ ਪ੍ਰਕਿਰਿਆ ਨਾਲ ਸਬੰਧਿਤ ਕਾਰਜਾਂ ’ਚ ਬਿਹਤਰ ਤਾਲਮੇਲ ਸਥਾਪਿਤ ਕਰਨ, ਸਿੱਖਿਆ ਵਿਭਾਗ ਦੇ ਦੋਵਾਂ ਵਿੰਗਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਅਤੇ ਲੋਕਾਂ ਤਕ ਜ਼ਰੂਰੀ ਜਾਣਕਾਰੀ ਪਹੁੰਚਾਉਣ ’ਚ ਮਦਦ ਮਿਲੇਗੀ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਰਜਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤਕ ਸਵੈ-ਗਣਨਾ ਕਰਨ ਸਬੰਧੀ ਪੋਸਟਰ/ਫਲਾਇਰ, ਸੋਸ਼ਲ ਮੀਡੀਆ ਅਤੇ ਮੀਟਿੰਗਾਂ ਰਾਹੀਂ ਲਗਾਤਾਰ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ। ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਨਿਯੁਕਤ ਕੀਤੇ ਗਏ ਨੋਡਲ ਅਤੇ ਸਹਾਇਕ ਨੋਡਲ ਅਫ਼ਸਰ ਆਪੋ-ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਕੰਮ ਕਰਨਗੇ। ਇਸ ਨਾਲ ਜਨਗਣਨਾ ਸਬੰਧੀ ਸਰਗਰਮੀਆਂ ਨੂੰ ਜ਼ਿਲ੍ਹਾ ਪੱਧਰ 'ਤੇ ਹੋਰ ਵਧੇਰੇ ਸੁਚੱਜੇ ਢੰਗ ਨਾਲ ਲਾਗੂ ਕਰਨ ’ਚ ਸਹਿਯੋਗ ਮਿਲਣ ਦੀ ਉਮੀਦ ਹੈ।