ਮਰਹੂਮ ਸਰਪੰਚ ਸੰਧੂ ਦੀ ਯਾਦ ’ਚ ਬਣੇ ਖੇਡ ਸਟੇਡੀਅਮ ਦਾ ਵਿਧਾਇਕ ਧੁੰਨ ਵੱਲੋਂ ਉਦਘਾਟਨ ਮਰਹੂਮ ਸਰਪੰਚ ਜਰਮਲ ਸਿੰਘ ਸੰਧੂ ਦੀ ਯਾਦ ’ਚ ਬਣੇ ਖੇਡ ਸਟੇਡੀਅਮ ਦਾ ਵਿਧਾਇਕ ਧੁੰਨ ਨੇ ਕੀਤਾ ਉਦਘਾਟਨ
Publish Date: Wed, 11 Nov 2026 07:54 PM (IST)
Updated Date: Wed, 11 Nov 2026 07:57 PM (IST)
ਰਾਜਵਿੰਦਰ ਸਿੰਘ ਰਾਜੂ•, ਪੰਜਾਬੀ ਜਾਗਰਣ ਵਲਟੋਹਾ : ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਵਲਟੋਹਾ ਵਿਖੇ ਮਰਹੂਮ ਸਰਪੰਚ ਜਰਮਲ ਸਿੰਘ ਸੰਧੂ ਦੀ ਯਾਦ ’ਚ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਉਦਘਾਟਨ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਸਟੇਡੀਅਮ ਦੇ ਉਦਘਾਟਨ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਇਹ ਖੇਡ ਸਟੇਡੀਅਮ ਆਉਣ ਵਾਲੀ ਨੌਜਵਾਨ ਪੀੜ੍ਹੀ ਲਈ ਕਿਸੇ ਵਰਦਾਨ ਤੋਂ ਘੱਟ ਸਾਬਿਤ ਨਹੀਂ ਹੋਵੇਗਾ। ਇਸ ਨਾਲ ਪਿੰਡ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਦੇ ਖੇਤਰ ’ਚ ਅੱਗੇ ਵਧਣ ਦਾ ਮੌਕਾ ਮਿਲੇਗਾ। ਇਸ ਮੌਕੇ ਵਿਧਾਇਕ ਧੁੰਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਉਨ੍ਹਾਂ ’ਚ ਅਨੁਸ਼ਾਸਨ, ਮਿਹਨਤ ਅਤੇ ਅੱਗੇ ਵਧਣ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਅਜਿਹੇ ਖੇਡ ਮੈਦਾਨ ਨੌਜਵਾਨਾਂ ਨੂੰ ਉਸਾਰੂ ਸਰਗਰਮੀਆਂ ਵੱਲ ਪ੍ਰੇਰਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਮਰਹੂਮ ਸਰਪੰਚ ਜਰਮਲ ਸਿੰਘ ਸੰਧੂ ਦੇ ਪੁੱਤਰ ਸ਼ੇਰ ਸਿੰਘ ਨੇ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਲਈ ਵਿਧਾਇਕ ਸਰਵਨ ਸਿੰਘ ਧੁੰਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਦੇ ਪਿੰਡ ਦੇ ਵਿਕਾਸ ਅਤੇ ਪਿੰਡ ਵਾਸੀਆਂ ਦੀ ਭਲਾਈ ਸਬੰਧੀ ਜੋ ਸੁਪਨੇ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਪਰਿਵਾਰ ਵੱਲੋਂ ਪੂਰੀ ਤਨਦੇਹੀ ਅਤੇ ਜੀਅ-ਜਾਨ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਦਿੱਤੇ ਜਾ ਰਹੇ ਪਿਆਰ ਅਤੇ ਭਰੋਸੇ ’ਤੇ ਖਰੇ ਉਤਰਨਗੇ। ਸ਼ੇਰ ਸਿੰਘ ਨੇ ਦੱਸਿਆ ਕਿ ਪਿੰਡ ਅੰਦਰ ਹੋਰ ਵਿਕਾਸ ਕਾਰਜ ਵੀ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਮਰਹੂਮ ਸਰਪੰਚ ਜਰਮਲ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਸ਼ਗਨ ਸਕੀਮ ਵੀ ਲਗਾਤਾਰ ਚੱਲ ਰਹੀ ਹੈ ਅਤੇ ਇਸ ਦਾ ਲਾਭ ਪਿੰਡ ਦੇ ਲੋੜਵੰਦ ਪਰਿਵਾਰਾਂ ਤਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਉਦੇਸ਼ ਆਪਣੇ ਪਿਤਾ ਵੱਲੋਂ ਪਿੰਡ ਦੀ ਬਿਹਤਰੀ ਲਈ ਸ਼ੁਰੂ ਕੀਤੇ ਗਏ ਕਾਰਜਾਂ ਨੂੰ ਅੱਗੇ ਵਧਾਉਣਾ ਅਤੇ ਪਿੰਡ ਦੇ ਸਰਬਪੱਖੀ ਵਿਕਾਸ ’ਚ ਆਪਣਾ ਯੋਗਦਾਨ ਪਾਉਣਾ ਹੈ। ਇਸ ਮੌਕੇ ਵਿਧਾਇਕ ਦੇ ਪੀਏ ਹੀਰਾ ਸਿੰਘ ਭੁੱਲਰ, ਸਰਪੰਚ ਸਰਵਨ ਸਿੰਘ, ਠੇਕੇਦਾਰ ਮੇਜਰ ਸਿੰਘ ਭੂਰਾ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।