ਮੈਰਿਟ ਦੇ ਆਧਾਰ ’ਤੇ ਹੀ ਮਿਲੇਗੀ ਟਿਕਟ, ਕਿਸੇ ਦੀ ਸਿਫ਼ਾਰਸ਼ ਜਾਂ ਰਿਸ਼ਤੇਦਾਰੀ ਨਹੀਂ ਚੱਲੇਗੀ – ਸਚਿਨ ਪਾਇਲਟ ਮੈਰਿਟ ਦੇ ਆਧਾਰ ’ਤੇ ਹੀ ਮਿਲੇਗੀ ਟਿਕਟ, ਕਿਸੇ ਦੀ ਸਿਫ਼ਾਰਸ਼ ਜਾਂ ਰਿਸ਼ਤੇਦਾਰੀ ਨਹੀਂ ਚੱਲੇਗੀ – ਸਚਿਨ ਪਾਇਲਟ
Publish Date: Fri, 13 Nov 2026 08:08 PM (IST)
Updated Date: Fri, 13 Nov 2026 08:09 PM (IST)
2027 ਦੀਆਂ ਚੋਣਾਂ ਨੂੰ ਲੈ ਕੇ ਤਰਨਤਾਰਨ ਪੁੱਜੇ ਪਾਇਲਟ ਤੇ ਠਾਕੁਰ ਨੇ ਲਿਆ ਵੱਖ-ਵੱਖ ਹਲਕਿਆਂ ਦੇ ਆਗੂਆਂ ਦਾ ‘ਫੀਡਬੈਕ’ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ 9 ਵਿਧਾਨ ਸਭਾ ਹਲਕਿਆਂ ਦੇ ਸੀਨੀਅਰ ਆਗੂਆਂ ਨਾਲ ਕੀਤਾ ਵਿਚਾਰ-ਵਟਾਂਦਰਾ ਜਸਪਾਲ ਸਿੰਘ ਜੱਸੀ•ਪੰਜਾਬੀ ਜਾਗਰਣ ਤਰਨਤਾਰਨ : ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ ਤੇ ਟਿਕਟਾਂ ਦੀ ਵੰਡ ਸਮੇਂ ਕਿਸੇ ਦੀ ਸਿਫ਼ਾਰਸ਼, ਰਿਸ਼ਤੇਦਾਰੀ ਜਾਂ ਕਿਸੇ ਹੋਰ ਕਿਸਮ ਦੇ ਦਬਾਅ ਨੂੰ ਤਰਜੀਹ ਨਹੀਂ ਦਿੱਤੀ ਜਾਵੇਗੀ, ਸਗੋਂ ਉਸ ਆਗੂ ਨੂੰ ਹੀ ਮੌਕਾ ਮਿਲੇਗਾ ਜੋ ਆਪਣੇ ਹਲਕੇ ’ਚ ਲੋਕਾਂ ਦਾ ਭਰੋਸਾ ਜਿੱਤਣ ਦੇ ਨਾਲ-ਨਾਲ ਪਾਰਟੀ ਲਈ ਮਿਹਨਤ ਕਰ ਰਿਹਾ ਹੋਵੇਗਾ। ਇਹ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਤਰਨਤਾਰਨ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਅਗਾਮੀ ਵਿਧਾਨ ਸਭਾ ਚੋਣਾਂ ਲਈ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀ ਜਥੇਬੰਦਕ ਸਥਿਤੀ, ਲੋਕਾਂ ਦੇ ਰੁਝਾਨ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਹਿ ਇੰਚਾਰਜ ਸੂਰਜ ਠਾਕੁਰ ਤਰਨਤਾਰਨ ਪੁੱਜੇ, ਜਿਥੇ ਉਨ੍ਹਾਂ ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜਾਂ, ਸੀਨੀਅਰ ਆਗੂਆਂ ਅਤੇ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕਰਕੇ ਚੋਣ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੇ ਉੱਦਮ ਸਦਕਾ ਹੋਈ ਮੀਟਿੰਗ ਦੌਰਾਨ ਹਲਕਾ ਤਰਨਤਾਰਨ, ਖਡੂਰ ਸਾਹਿਬ, ਪੱਟੀ, ਖੇਮਕਰਨ, ਜ਼ੀਰਾ, ਜੰਡਿਆਲਾ ਗੁਰੂ, ਬਾਬਾ ਬਕਾਲਾ ਸਾਹਿਬ, ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਵਿਧਾਨ ਸਭਾ ਹਲਕਿਆਂ ਦੀ ਸਿਆਸੀ ਸਥਿਤੀ, ਪਾਰਟੀ ਦੀ ਮੌਜੂਦਾ ਕਾਰਗੁਜ਼ਾਰੀ, ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਸਰਗਰਮੀ, ਲੋਕਾਂ ਦੀਆਂ ਸਮੱਸਿਆਵਾਂ ਅਤੇ ਕਾਂਗਰਸ ਦੀ ਮਜ਼ਬੂਤੀ ਬਾਰੇ ਆਗੂਆਂ ਤੋਂ ਜਾਣਕਾਰੀ ਹਾਸਿਲ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੇ ਸਪੱਸ਼ਟ ਕੀਤਾ ਕਿ ਚੋਣ ਲੜਨ ਦੀ ਦਾਅਵੇਦਾਰੀ ਪੇਸ਼ ਕਰਨਾ ਹਰੇਕ ਦਾ ਅਧਿਕਾਰ ਹੈ ਅਤੇ ਪਹਿਲਾਂ ਸਾਰੇ ਆਗੂ ਚੰਡੀਗੜ੍ਹ ਜਾ ਕੇ ਆਪਣਾ ਦਾਅਵਾ ਪੇਸ਼ ਕਰਦੇ ਸਨ, ਪ੍ਰੰਤੂ ਇਸ ਵਾਰ ਉਨ੍ਹਾਂ ਵੱਲੋਂ ਖੁਦ ਹਲਕਿਆਂ ’ਚ ਜਾ ਕੇ ‘ਫੀਡਬੈਕ’ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਕੋਸ਼ਿਸ਼ ਹੋਵੇਗੀ ਕਿ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਭਰੋਸੇ ’ਚ ਲੈ ਕੇ ਜਿੱਤ ਹਾਸਿਲ ਕਰਨ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰ ਹੀ ਚੋਣ ਮੈਦਾਨ ਵਿਚ ਉਤਾਰੇ ਜਾਣ, ਤਾਂ ਜੋ ਪਾਰਟੀ ਇਕਜੁੱਟ ਹੋ ਕੇ ਚੋਣਾਂ ਲੜ ਸਕੇ ਅਤੇ ਬਹੁਮਤ ਹਾਸਿਲ ਕਰ ਸਕੇ। ਉਨ੍ਹਾਂ ਆਗੂਆਂ ਨੂੰ ਹੁਣ ਤੋਂ ਹੀ ਲੋਕਾਂ ’ਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਿਆਰੀ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਸਚਿਨ ਪਾਇਲਟ ਅਤੇ ਸੂਰਜ ਠਾਕੁਰ ਨੇ ਕਿਹਾ ਕਿ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਤੋਂ ਭੱਜੀ ਝਾੜੂ ਸਰਕਾਰ ਦਾ ਤੀਲਾ-ਤੀਲਾ ਕਰਨ ਲਈ ਪੰਜਾਬ ਦੇ ਲੋਕ ਬੇਹੱਦ ਉਤਾਵਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਅਤੇ ਨਲਾਇਕੀ ਕਰਕੇ ਪੰਜਾਬ ’ਚ ਕਾਨੂੰਨ ਵਿਵਸਥਾ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ, ਵਪਾਰੀਆਂ ਦੀਆਂ ਚਿੰਤਾਵਾਂ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਜੁੜੇ ਮਸਲੇ ਅੱਜ ਵੀ ਗੰਭੀਰ ਚੁਣੌਤੀਆਂ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਹਰ ਵਰਗ ਦੀਆਂ ਮੁਸ਼ਕਿਲਾਂ ਦੂਰ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਉਨ੍ਹਾਂ ਵਾਅਦਿਆਂ ਅਨੁਸਾਰ ਰਾਹਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਹੁਣ ਸਰਕਾਰ ਤੋਂ ਸਵਾਲ ਪੁੱਛ ਰਹੀ ਹੈ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਦਾ ਕੀ ਬਣਿਆ ਅਤੇ ਪੰਜਾਬ ਨੂੰ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਕਿਉਂ ਹੋਈ ਹੈ। ਸਚਿਨ ਪਾਇਲਟ ਨੇ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਮੁੜ ਸੇਵਾ ਦਾ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਸਿਰਫ਼ ਸੱਤਾ ਹਾਸਿਲ ਕਰਨਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਅਤੇ ਸੂਬੇ ਨੂੰ ਵਿਕਾਸ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ’ਚ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਉਤਰੇਗੀ ਅਤੇ ਸੂਬੇ ਵਿਚ ਇਕ ਮਜ਼ਬੂਤ ਕਾਂਗਰਸ ਸਰਕਾਰ ਦਾ ਗਠਨ ਕਰੇਗੀ। ਮੀਟਿੰਗ ਦੌਰਾਨ ਹਲਕਿਆਂ ਦੇ ਵੱਖ-ਵੱਖ ਸੀਨੀਅਰ ਆਗੂਆਂ ਨਾਲ ਬੰਦ ਕਮਰਾ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਦੌਰਾਨ ਆਗੂਆਂ ਨੇ ਆਪਣੇ-ਆਪਣੇ ਹਲਕਿਆਂ ਦੀ ਸਥਿਤੀ, ਪਾਰਟੀ ਨੂੰ ਦਰਪੇਸ਼ ਚੁਣੌਤੀਆਂ ਅਤੇ ਜਥੇਬੰਦਕ ਮਜ਼ਬੂਤੀ ਲਈ ਸੁਝਾਅ ਪੇਸ਼ ਕੀਤੇ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਗਿੱਲ, ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ ਫਗਵਾੜਾ, ਹਰਮਿੰਦਰ ਸਿੰਘ ਗਿੱਲ ਸਾਬਕਾ ਵਿਧਾਇਕ, ਰਮਨਜੀਤ ਸਿੰਘ ਸਿੱਕੀ ਸਾਬਕਾ ਵਿਧਾਇਕ, ਸੁਖਪਾਲ ਸਿੰਘ ਭੁੱਲਰ ਸਾਬਕਾ ਵਿਧਾਇਕ, ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ, ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ, ਕਰਨਬੀਰ ਸਿੰਘ ਬੁਰਜ, ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ, ਦਵਿੰਦਰ ਸਿੰਘ ਲਾਲੀ ਢਾਲਾ, ਅਵਤਾਰ ਸਿੰਘ ਤਨੇਜਾ, ਮਨਿੰਦਰਪਾਲ ਸਿੰਘ ਪਲਾਸੌਰ, ਜਗਤਾਰ ਸਿੰਘ ਬੁਰਜ, ਪੰਜਾਬ ਸਿੰਘ ਆਸਲ, ਹਰਪ੍ਰੀਤ ਸਿੰਘ ਸੰਧੂ ਪੱਟੀ, ਸੁਖਬੀਰ ਸਿੰਘ ਬਿੱਲੂ ਸ਼ਹੀਦ, ਕੀਰਤਨਬੀਰ ਸਿੰਘ ਖਡੂਰ ਸਾਹਿਬ, ਪ੍ਰਦੀਪ ਚੋਪੜਾ ਫਤਿਆਬਾਦ ਆਦਿ ਹਾਜ਼ਰ ਸਨ। ਅਖ਼ੀਰ ਵਿਚ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵੱਲੋਂ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ, ਸਹਿ ਇੰਚਾਰਜ ਸੂਰਜ ਠਾਕੁਰ ਅਤੇ ਸੀਨੀਅਰ ਲੀਡਰਸ਼ਿਪ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।