ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜ਼ੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜ਼ੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ
Publish Date: Sat, 14 Nov 2026 04:48 PM (IST)
Updated Date: Sat, 14 Nov 2026 04:51 PM (IST)
ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ, ਤਰਨਤਾਰਨ : ਜਨਗਣਨਾ-2027 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਅਹਿਮ ਕੌਮੀ ਪ੍ਰਕਿਰਿਆ ’ਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨਤਾਰਨ ਡਾ. ਨਿਰਮਲ ਓਸੇਪਚਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਨਗਣਨਾ ਜਾਗਰੂਕਤਾ ਡਿਜ਼ੀਟਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਪ ਅਰਥ ਅਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸੁਪਰਡੈਂਟ ਨਗਰ ਕੌਂਸਲ ਤਰਨਤਾਰਨ ਬਲਜਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਕਿਹਾ ਕਿ ਜਨਗਣਨਾ ਦੇ ਸਹੀ, ਭਰੋਸੇਯੋਗ ਅਤੇ ਮੁਕੰਮਲ ਅੰਕੜੇ ਦੇਸ਼ ਦੀ ਯੋਜਨਾਬੰਦੀ, ਪ੍ਰਭਾਵਸ਼ਾਲੀ ਪ੍ਰਸ਼ਾਸਨ, ਲੋਕ ਭਲਾਈ ਸਕੀਮਾਂ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਹਰੇਕ ਨਾਗਰਿਕ ਦਾ ਇਸ ਪ੍ਰਕਿਰਿਆ ’ਚ ਸਹਿਯੋਗ ਅਤੇ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਆਡੀਓ-ਵੀਡੀਓ ਸੰਦੇਸ਼ਾਂ ਨਾਲ ਲੈਸ ਇਹ ਡਿਜ਼ੀਟਲ ਐੱਲਈਡੀ ਵੈਨ ‘ਸਾਡੀ ਜਨਗਣਨਾ, ਸਾਡਾ ਵਿਕਾਸ’ ਦੇ ਸੰਦੇਸ਼ ਨੂੰ ਲੈ ਕੇ 14 ਤੋਂ 31 ਨਵੰਬਰ ਤਕ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ’ਚ ਪਹੁੰਚੇਗੀ। ਇਸ ਰਾਹੀਂ ਲੋਕਾਂ ਨੂੰ ਜਨਗਣਨਾ-2027 ਦੀ ਮਹੱਤਤਾ, ਪ੍ਰਕਿਰਿਆ ਅਤੇ ਡਿਜ਼ੀਟਲ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ ਸੈਲਫ਼ ਐਨਿਊਮੀਰੇਸ਼ਨ ਸਹੂਲਤ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ 16 ਤੋਂ 30 ਨਵੰਬਰ ਤਕ ਘਰ ਬੈਠੇ ਹੀ ਅਧਿਕਾਰਤ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਿਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਇਸ ਸਹੂਲਤ ਨਾਲ ਨਾਗਰਿਕ ਆਪਣੀ ਸੁਵਿਧਾ ਅਨੁਸਾਰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਣਗੇ। ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਆਨਲਾਈਨ ਜਾਣਕਾਰੀ ਦਰਜ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ ਐੱਸਈਆਈਡੀ ਜਾਰੀ ਕੀਤਾ ਜਾਵੇਗਾ। ਨਾਗਰਿਕਾਂ ਨੂੰ ਇਹ ਨੰਬਰ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ, ਤਾਂ ਜੋ ਦਰਜ ਕੀਤੀ ਗਈ ਜਾਣਕਾਰੀ ਦੀ ਤਸਦੀਕ ਅਤੇ ਅਗਲੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦਾ ਕਾਰਜ 1 ਦਸੰਬਰ ਤੋਂ 4 ਜਨਵਰੀ 2027 ਤਕ ਚੱਲੇਗਾ, ਜਦਕਿ 5 ਤੋਂ 9 ਜਨਵਰੀ 2027 ਤਕ ਸੋਧ ਪੜਾਅ ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਨਿੱਜੀ ਜਾਣਕਾਰੀ ਦੀ ਸੁਰੱਖਿਆ ਸਬੰਧੀ ਭਰੋਸਾ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਜਨਗਣਨਾ ਦੌਰਾਨ ਨਾਗਰਿਕਾਂ ਤੋਂ ਇਕੱਤਰ ਕੀਤੀ ਜਾਣ ਵਾਲੀ ਨਿੱਜੀ ਜਾਣਕਾਰੀ ਜਨਗਣਨਾ ਐਕਟ, 1948 ਦੇ ਉਪਬੰਧਾਂ ਤਹਿਤ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ, ਗ੍ਰਾਮ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਇਸ ਦੇ ਨਾਲ ਹੀ ਉਨ੍ਹਾਂ ਜਨਗਣਨਾ ਅਮਲੇ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਜਨਗਣਨਾ-2027 ਦਾ ਕੰਮ ਸਹੀ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕਦਾ ਹੈ।