ਸੰਧੂ ਨੇ ਪਰਗਟ ਸਿੰਘ ਤੇ ਪਾਇਲਟ ਨਾਲ ਕੀਤੀ ਅਹਿਮ ਮੁਲਾਕਾਤ ਹਰਪ੍ਰੀਤ ਸਿੰਘ ਸੰਧੂ ਨੇ ਪਰਗਟ ਸਿੰਘ ਤੇ ਸਚਿਨ ਪਾਇਲਟ ਨਾਲ ਕੀਤੀ ਅਹਿਮ ਮੁਲਾਕਾਤ
Publish Date: Sat, 14 Nov 2026 04:51 PM (IST)
Updated Date: Sat, 14 Nov 2026 04:54 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੀਪੀਸੀਸੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਹਰਪ੍ਰੀਤ ਸਿੰਘ ਸੰਧੂ ਨੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ ਅਤੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਵੱਲੋਂ ਚੰਗੇ ਅਕਸ, ਸਾਫ਼-ਸੁਥਰੇ ਅਕਸ ਅਤੇ ਵਧੀਆ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਹੀ ਚੋਣ ਮੈਦਾਨ ’ਚ ਉਤਾਰਨ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਸਮੇਂ ਉਨ੍ਹਾਂ ਦੀ ਲੋਕਾਂ ’ਚ ਪਕੜ, ਸਮਾਜ ਪ੍ਰਤੀ ਸੇਵਾ ਭਾਵਨਾ, ਪਾਰਟੀ ਪ੍ਰਤੀ ਸਮਰਪਣ ਅਤੇ ਜਨਤਕ ਜੀਵਨ ’ਚ ਉਨ੍ਹਾਂ ਦੇ ਕਿਰਦਾਰ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਾ ਅਤੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣਾ ਹੈ। ਇਸ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਲੋਕਾਂ ’ਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂੰ ਕਰਵਾਉਣ ਦੀ ਲੋੜ ਹੈ। ਹਰਪ੍ਰੀਤ ਸਿੰਘ ਸੰਧੂ ਨੇ ਇਸ ਮੁਲਾਕਾਤ ਨੂੰ ਅਹਿਮ ਦੱਸਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।