ਕੈਰੋਂ ਨੇ ਚੋਣਾਂ ’ਚ ਜਿੱਤ ਲਈ ਬਣਾਈ ਰਣਨੀਤੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪੱਟੀ ਹਲਕੇ ’ਚ ਵਰਕਰਾਂ ਨਾਲ ਕੀਤੀ ਮੀਟਿੰਗ, ਚੋਣਾਂ ਦੀ ਜਿੱਤ ਲਈ ਬਣਾਈ ਰਣਨੀਤੀ
Publish Date: Sat, 14 Nov 2026 04:55 PM (IST)
Updated Date: Sat, 14 Nov 2026 04:57 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਸਾਬਕਾ ਕੈਬਨਿਟ ਮੰਤਰੀ ਪੰਜਾਬ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਵਿਧਾਨ ਸਭਾ ਹਲਕਾ ਪੱਟੀ ’ਚ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰਾਂ ਨਾਲ ਰਣਨੀਤੀ ਸਾਂਝੀ ਕੀਤੀ। ਮੀਟਿੰਗ ਦੌਰਾਨ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹੁੰਦੇ ਹਨ। ਵਰਕਰਾਂ ਦੀ ਮਿਹਨਤ, ਸਮਰਪਣ ਅਤੇ ਲੋਕਾਂ ਨਾਲ ਉਨ੍ਹਾਂ ਦਾ ਸਿੱਧਾ ਸੰਪਰਕ ਹੀ ਪਾਰਟੀ ਨੂੰ ਮਜ਼ਬੂਤ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ’ਚ ਹਰੇਕ ਵਰਕਰ ਨੂੰ ਉਸ ਦੀ ਮਿਹਨਤ ਅਤੇ ਯੋਗਦਾਨ ਅਨੁਸਾਰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ’ਚ ਜਿੱਤ ਹਾਸਿਲ ਕਰਨ ਲਈ ਵਰਕਰਾਂ ਦੀ ਇਕਜੁੱਟਤਾ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬੇਹੱਦ ਜ਼ਰੂਰੀ ਹੈ। ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ’ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਉਠਾਇਆ ਜਾਵੇਗਾ। ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਪੱਟੀ ਹਲਕੇ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਪੱਧਰ ਤੇ ਯਤਨ ਕੀਤੇ ਜਾਣਗੇ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਪੂਰੀ ਮਿਹਨਤ ਨਾਲ ਜੁਟਣ ਦਾ ਸੱਦਾ ਦਿੱਤਾ। ਕੈਰੋਂ ਪਰਿਵਾਰ ਦਾ ਪੰਜਾਬ ਦੀ ਸਿਆਸਤ ’ਚ ਲੰਮਾ ਇਤਿਹਾਸ ਰਿਹਾ ਹੈ ਅਤੇ ਪੱਟੀ ਹਲਕੇ ’ਚ ਇਸ ਪਰਿਵਾਰ ਦੀ ਆਪਣੀ ਸਿਆਸੀ ਪਛਾਣ ਹੈ। ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਹਲਕੇ ’ਚ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸੰਗਤ ਬਾਠ, ਪਿੰਦਰਪਾਲ ਸਿੰਘ, ਚੇਅਰਮੈਨ ਅਮਨਦੀਪ ਸਿੰਘ ਰਾੜੀਆ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਕੈਪਸ਼ਨ - ਵੱਖ-ਵੱਖ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਆਦੇਸ਼ ਪ੍ਰਤਾਪ ਸਿੰਘ ਕੈਰੋ ਸਾਬਕਾ ਕੈਬਨਿਟ ਮੰਤਰੀ ਪੰਜਾਬ।