ਮਾਤਾ ਸਾਹਿਬ ਕੌਰ ਸਕੂਲ ’ਚ ਬਾਲ ਦਿਵਸ ਮਨਾਇਆ ਮਾਤਾ ਸਾਹਿਬ ਕੌਰ ਸਕੂਲ ’ਚ ਬਾਲ ਦਿਵਸ ਮਨਾਇਆ
Publish Date: Sat, 14 Nov 2026 05:26 PM (IST)
Updated Date: Sat, 14 Nov 2026 05:27 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਬੱਚਿਆਂ ਲਈ ਵੱਖ-ਵੱਖ ਗਤੀਵਿਧੀਆਂ ਅਤੇ ਮਨੋਰੰਜਕ ਪ੍ਰੋਗਰਾਮ ਕਰਵਾਏ ਗਏ। ਸਮਾਗਮ ਦੌਰਾਨ ਬੱਚਿਆਂ ਦੇ ਗੁਰਬਾਣੀ ਮੁਕਾਬਲੇ ਕਰਵਾਏ ਗਏ ਅਤੇ ਫੈਂਸੀ ਡਰੈੱਸ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਕਈ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ’ਚ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਦਿਲਚਸਪੀ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਵਜੋਤੀ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਪੰਡਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਦੀ ਯਾਦ ’ਚ ਮਨਾਇਆ ਜਾਂਦਾ ਹੈ। ਉਨ੍ਹਾਂ ਨੂੰ ਬੱਚਿਆਂ ਨਾਲ ਬਹੁਤ ਪਿਆਰ ਸੀ ਅਤੇ ਉਹ ਬੱਚਿਆਂ ਨੂੰ ਦੇਸ਼ ਦਾ ਭਵਿੱਖ ਮੰਨਦੇ ਸਨ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ’ਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਸੁਖਵਿੰਦਰ ਕੌਰ, ਐੱਮਡੀ ਤਜਿੰਦਰ ਸਿੰਘ, ਸੈਕਟਰੀ ਬਨਵੀਰ ਸਿੰਘ, ਮੈਨੇਜਮੈਂਟ ਕਮੇਟੀ ਮੈਂਬਰ ਸੰਗੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਬੱਚੇ ਹੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਖੁਸ਼ੀ, ਸਿੱਖਿਆ ਅਤੇ ਸਰਬਪੱਖੀ ਵਿਕਾਸ ਬਹੁਤ ਮਹੱਤਵਪੂਰਨ ਹੈ। ਇਹ ਸਮਾਗਮ ਬੱਚਿਆਂ ਲਈ ਯਾਦਗਾਰੀ ਅਤੇ ਖੁਸ਼ੀਆਂ ਭਰਿਆ ਰਿਹਾ।