ਬਾਲ ਦਿਵਸ ’ਤੇ ਦਿੱਤੀਆਂ ਮਨਮੋਹਕ ਪੇਸ਼ਕਾਰੀਆਂ ਲੋਟਸ ਵੈਲੀ ਸਕੂਲ ’ਚ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Sat, 14 Nov 2026 05:28 PM (IST)
Updated Date: Sat, 14 Nov 2026 05:30 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਅਧਿਆਪਕਾਂ ਵੱਲੋਂ ਕਰਵਾਈ ਗਈ। ਅਧਿਆਪਕਾਂ ਨੇ ਨਾਚ, ਪ੍ਰੇਰਨਾਦਾਇਕ ਵਿਚਾਰਾਂ, ਨਾਟਕਾਂ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਸਮੁੱਚਾ ਸਕੂਲ ਖੁਸ਼ੀ ਅਤੇ ਉਤਸ਼ਾਹ ਦੇ ਮਾਹੌਲ ਨਾਲ ਗੂੰਜ ਉੱਠਿਆ। ਇਸ ਮੌਕੇ ਵਿਦਿਆਰਥੀਆਂ ਲਈ ਵਿਸ਼ੇਸ਼ ਕੇਕ ਤਿਆਰ ਕਰਵਾਇਆ ਗਿਆ। ਕੇਕ ਕੱਟਣ ਦੀ ਰਸਮ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਆਪਣੇ ਹੱਥੀਂ ਕੇਕ ਵਰਤਾਇਆ ਅਤੇ ਸਕੂਲ ਦੀ ਪ੍ਰਿੰਸੀਪਲ ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਵੰਸ਼ਿਕਾ ਦੇਵਗਨ ਅਤੇ ਹਰਮਨਪ੍ਰੀਤ ਕੌਰ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸ਼ਾਨਦਾਰ ਗੁਣਾਂ ਲਈ ਬੈਸਟ ਸਟੂਡੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਇਕ ਹੋਰ ਖਿੱਚ ਦਾ ਕੇਂਦਰ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਰਮਿਆਨ ਕਰਵਾਇਆ ਗਿਆ ਦੋਸਤਾਨਾ ਕ੍ਰਿਕਟ ਮੈਚ ਰਿਹਾ। ਇਸ ਰੋਮਾਂਚਕ ਮੁਕਾਬਲੇ ’ਚ ਵਿਦਿਆਰਥੀਆਂ ਦੀ ਟੀਮ ਨੇ ਜਿੱਤ ਹਾਸਿਲ ਕੀਤੀ, ਜਿਸ ਨਾਲ ਵਿਦਿਆਰਥੀਆਂ ਵਿਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਦੌੜ ਗਈ। ਇਸ ਤਰ੍ਹਾਂ ਬਾਲ ਦਿਵਸ ਦਾ ਇਹ ਸਮਾਗਮ ਖੁਸ਼ੀਆਂ ਭਰੀਆਂ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ। ਇਹ ਸਮਾਗਮ ਸਕੂਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।