ਯਾਦਗਾਰੀ ਹੋ ਨਿਬੜਿਆ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿਬੜਿਆ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦਾ ਸਾਲਾਨਾ ਇਨਾਮ ਵੰਡ ਸਮਾਰੋਹ
Publish Date: Sat, 14 Nov 2026 05:41 PM (IST)
Updated Date: Sat, 14 Nov 2026 05:42 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਯਾਦਗਾਰੀ ਹੋ ਨਿਬੜੇ ਇਸ ਸਮਾਗਮ ਦਾ ਮੁੱਖ ਮਕਸਦ ਸਿੱਖਿਆ, ਖੇਡਾਂ ਅਤੇ ਹੋਰ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਦਗੀ ਦੇ ਹਰ ਖੇਤਰ ’ਚ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਲਵਕੇਸ਼ ਸੈਣੀ, ਡੀਐੱਸਪੀ ਸਪੈਸ਼ਲ ਬ੍ਰਾਂਚ ਅਤੇ ਕ੍ਰਿਮੀਨਲ ਇੰਟੈਲੀਜੈਂਸ ਜ਼ਿਲ੍ਹਾ ਤਰਨਤਾਰਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੰਜਾਬ ਦੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਇਤਿਹਾਸ ਨੂੰ ਦਰਸਾਉਂਦਾ ਵਿਰਾਸਤ-ਏ-ਪੰਜਾਬ ਵਿਸ਼ੇ ਅਧੀਨ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਪੰਜਾਬ ਦੇ ਸ਼ੁਰੂਆਤੀ ਇਤਿਹਾਸਕ ਦੌਰ ਤੋਂ ਲੈ ਕੇ ਆਧੁਨਿਕ ਯੁੱਗ ਤਕ ਦੇ ਸਫ਼ਰ ਨੂੰ ਨਾਚ, ਸੰਗੀਤ ਅਤੇ ਵੱਖ-ਵੱਖ ਕਲਾਤਮਕ ਪੇਸ਼ਕਾਰੀਆਂ ਰਾਹੀਂ ਬੇਹੱਦ ਖੂਬਸੂਰਤੀ ਨਾਲ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਪ੍ਰੋਗਰਾਮ ’ਚ ਪੰਜਾਬੀ ਸੱਭਿਆਚਾਰ ਦੇ ਵੱਖ-ਵੱਖ ਰੰਗਾਂ ਦੀ ਝਲਕ ਨੇ ਸਮਾਗਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡੀਐੱਸਪੀ ਲਵਕੇਸ਼ ਸੈਣੀ ਨੇ ਕਿਹਾ ਕਿ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਇਲਾਕੇ ਦਾ ਸਰਵੋਤਮ ਸਕੂਲ ਹੈ, ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਅਤੇ ਸਮਾਜ ਦੇ ਵਿਕਾਸ ’ਚ ਵਡਮੁੱਲਾ ਯੋਗਦਾਨ ਪਾਉਣ ਦੇ ਸਮਰੱਥ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ’ਚ ਸਿੱਖਿਆ ਸੰਸਥਾਵਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਅਜਿਹੀਆਂ ਸੰਸਥਾਵਾਂ ਹੀ ਭਵਿੱਖ ਦੇ ਜ਼ਿੰਮੇਵਾਰ ਨਾਗਰਿਕ ਤਿਆਰ ਕਰਦੀਆਂ ਹਨ। ਉਨ੍ਹਾਂ ਸਕੂਲ ਵੱਲੋਂ ਲਗਾਤਾਰ ਸੀਬੀਐੱਸਈ ਬੋਰਡ ਦੀਆਂ ਪ੍ਰੀਖਿਆਵਾਂ ’ਚ ਜ਼ਿਲ੍ਹਾ ਤਰਨਤਾਰਨ ਅੰਦਰ ਮੋਹਰੀ ਸਥਾਨ ਹਾਸਿਲ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਅਧਿਆਪਕਾਂ ਅਤੇ ਮਾਪਿਆਂ ਦੀ ਸਾਂਝੀ ਮਿਹਨਤ, ਲਗਨ ਅਤੇ ਸੁਚੱਜੀ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਪ੍ਰਾਪਤੀਆਂ ’ਤੇ ਮਾਣ ਕਰਨ ਦੇ ਨਾਲ-ਨਾਲ ਭਵਿੱਖ ’ਚ ਹੋਰ ਵੱਡੇ ਟੀਚੇ ਮਿੱਥ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ’ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਨਮਾਨ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਗੁਰੂ ਅਮਰਦਾਸ ਗਰੁੱਪ ਆਫ਼ ਸਕੂਲਜ਼ ਅਧੀਨ ਚੱਲ ਰਹੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੀ ਮੌਜੂਦਗੀ ਨੇ ਸਮਾਗਮ ਦੀ ਸ਼ਾਨ ’ਚ ਹੋਰ ਵਾਧਾ ਕੀਤਾ। ਸਮਾਗਮ ਦੇ ਅੰਤ ’ਚ ਸਕੂਲ ਦੇ ਸਰਪ੍ਰਸਤ ਜਸਪਾਲ ਸਿੰਘ ਰੰਧਾਵਾ, ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਮੁੱਖ ਮਹਿਮਾਨ ਅਤੇ ਸਮੂਹ ਪਤਵੰਤੇ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਮੈਨੇਜਮੈਂਟ ਵਿਦਿਆਰਥੀਆਂ ਦੇ ਅੰਦਰ ਛੁਪੀਆਂ ਪ੍ਰਤਿਭਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਿਖਾਰਨ ਅਤੇ ਹਰ ਖੇਤਰ ’ਚ ਅੱਗੇ ਵਧਣ ਲਈ ਢੁੱਕਵੇਂ ਮੌਕੇ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ। ਸਮਾਗਮ ਯਾਦਗਾਰੀ ਪਲਾਂ ਅਤੇ ਵਿਦਿਆਰਥੀਆਂ ਦੇ ਉਤਸ਼ਾਹ ਨਾਲ ਸੰਪੰਨ ਹੋਇਆ। ਇਸ ਮੌਕੇ ਵੱਡੀ ਗਿਣਤੀ ’ਚ ਬੱਚਿਆਂ ਦੇ ਮਾਤਾ-ਪਿਤਾ ਤੋਂ ਇਲਾਵਾ ਇਲਾਕੇ ਦੀਆਂ ਮਾਣਮੱਤੀਆਂ ਸ਼ਖਸੀਅਤਾਂ ਹਾਜ਼ਰ ਸਨ।