ਪਿੰਡ ਚੂਸਲੇਵੜ ਦੇ ਸ੍ਰੀ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਪੱਟੀ ਪਿੰਡ ਚੂਸਲੇਵੜ ਦੇ ਸ੍ਰੀ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਜੱਸਾ ਪੱਟੀ, ਲਿਆ ਓਟ ਆਸਰਾ
Publish Date: Sat, 14 Nov 2026 05:55 PM (IST)
Updated Date: Sat, 14 Nov 2026 05:57 PM (IST)
ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਵਿਧਾਨ ਸਭਾ ਹਲਕਾ ਪੱਟੀ ਤੋਂ ਪਾਰਟੀ ਦੀ ਟਿਕਟ ਮਿਲਣ ਉਪਰੰਤ ਆਪਣੇ ਜੱਦੀ ਪਿੰਡ ਚੂਸਲੇਵੜ ਵਿਖੇ ਗੁਰਦੁਆਰਾ ਧੰਨ-ਧੰਨ ਬਾਬਾ ਚਰਨ ਦਾਸ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਦਾ ਓਟ-ਆਸਰਾ ਲਿਆ। ਇਸ ਮੌਕੇ ਗੁਰੂ ਚਰਨਾਂ ’ਚ ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣੀ ਰਹਿਣ ਲਈ ਅਰਦਾਸ ਕੀਤੀ। ਇਸ ਮੌਕੇ ਜਸਕੰਵਰ ਸਿੰਘ ਜੱਸਾ ਗਿੱਲ ਨੇ ਕਿਹਾ ਕਿ ‘ਵਾਹਿਗੁਰੂ’ ਦੀ ਅਪਾਰ ਕਿਰਪਾ ਅਤੇ ਸ੍ਰੀ ਗੁਰੂ ਸਾਹਿਬਾਨ ਜੀ ਦੇ ਆਸ਼ੀਰਵਾਦ ਸਦਕਾ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਹਲਕਾ ਪੱਟੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਹ ਇਸ ਜ਼ਿੰਮੇਵਾਰੀ ਨੂੰ ਇਕ ਵੱਡੀ ਸੇਵਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਨਵੇਂ ਸਫ਼ਰ ਦੀ ਸ਼ੁਰੂਆਤ ਗੁਰੂ ਮਹਾਰਾਜ ਦਾ ਓਟ-ਆਸਰਾ ਲੈ ਕੇ ਕਰਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ। ਉਨ੍ਹਾਂ ਦਾ ਮਕਸਦ ਹਮੇਸ਼ਾ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਾ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਾ ਰਹੇਗਾ। ਜੱਸਾ ਗਿੱਲ ਨੇ ਕਿਹਾ ਕਿ ਪਿੰਡ ਚੂਸਲੇਵੜ ਉਨ੍ਹਾਂ ਦਾ ਜੱਦੀ ਪਿੰਡ ਹੈ ਅਤੇ ਇਸ ਧਰਤੀ ਨਾਲ ਉਨ੍ਹਾਂ ਦਾ ਗਹਿਰਾ ਭਾਵਨਾਤਮਕ ਰਿਸ਼ਤਾ ਹੈ। ਇੱਥੋਂ ਦੇ ਲੋਕਾਂ ਵੱਲੋਂ ਮਿਲਿਆ ਪਿਆਰ, ਸਤਿਕਾਰ ਅਤੇ ਸਹਿਯੋਗ ਉਨ੍ਹਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਉਨ੍ਹਾਂ ਲਈ ਅਹੁਦੇ ਜਾਂ ਨਿੱਜੀ ਸਵਾਰਥ ਦਾ ਸਾਧਨ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦਾ ਇਕ ਮੌਕਾ ਹੈ। ਇਸ ਮੌਕੇ ਪਿੰਡ ਦੇ ਸਮੂਹ ਸਰਪੰਚਾਂ, ਚੇਅਰਮੈਨਾਂ ਅਤੇ ਪਿੰਡ ਵਾਸੀਆਂ ਵੱਲੋਂ ਜੱਸਾ ਗਿੱਲ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਪਿੰਡ ਵਾਸੀਆਂ ਵੱਲੋਂ ਦਿੱਤੇ ਗਏ ਇਸ ਮਾਣ-ਸਨਮਾਨ ਅਤੇ ਪਿਆਰ ਤੋਂ ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਉਹ ਸਮੂਹ ਸਰਪੰਚਾਂ, ਚੇਅਰਮੈਨਾਂ ਅਤੇ ਪਿੰਡ ਦੇ ਹਰ ਇਕ ਵਸਨੀਕ ਦੇ ਤਹਿ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਇਹ ਸਨੇਹ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ। ਅਖੀਰ ’ਚ ਉਨ੍ਹਾਂ ਕਿਹਾ ਕਿ ਉਹ ਗੁਰੂ ਮਹਾਰਾਜ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਨੂੰ ਹਮੇਸ਼ਾ ਸੱਚਾਈ, ਇਮਾਨਦਾਰੀ ਅਤੇ ਨਿਮਰਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸਮਰੱਥਾ ਬਖ਼ਸ਼ਣ ਅਤੇ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ਤੇ ਅੱਗੇ ਵਧਾਉਣ ਲਈ ਸਭ ਨੂੰ ਮਿਲ ਕੇ ਕੰਮ ਕਰਨ ਦੀ ਤਾਕਤ ਦੇਣ।