ਸੈਂਟਰਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਬੰਨ੍ਹਿਆ ਰੰਗ ‘ਅਰਮਾਨ’ ਸਾਲਾਨਾ ਸਮਾਗਮ ਦੌਰਾਨ ਸੈਂਟਰਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਬੰਨ੍ਹਿਆ ਰੰਗ
Publish Date: Sat, 14 Nov 2026 06:03 PM (IST)
Updated Date: Sat, 14 Nov 2026 06:06 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ ਪੱਟੀ : ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸਾਲਾਨਾ ਸਮਾਗਮ ‘ਅਰਮਾਨ’ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ’ਚ 100 ਬਟਾਲੀਅਨ ਬੀਐੱਸਐੱਫ ਦੇ ਕਮਾਂਡੈਂਟ ਅਜੈ ਕੁਮਾਰ ਤਿਵਾੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਿੱਖਿਆ, ਸਮਾਜ ਸੇਵਾ ਅਤੇ ਹੋਰ ਖੇਤਰਾਂ ਦੀਆਂ ਅਨੇਕਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸ਼ਹੀਦ ਭਗਤ ਸਿੰਘ ਵਿੱਦਿਅਕ ਸੰਸਥਾਵਾਂ ਪੱਟੀ ਦੇ ਐੱਮਡੀ ਡਾ. ਰਾਜੇਸ਼ ਭਾਰਦਵਾਜ ਨੇ ਪਹੁੰਚੀਆਂ ਸਮੂਹ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ। ਉਨ੍ਹਾਂ ਕਿਹਾ ਕਿ ਅਜਿਹੇ ਸਾਲਾਨਾ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੀ ਪ੍ਰਿੰਸੀਪਲ ਕਮ ਐਗਜ਼ੀਕਿਊਟਿਵ ਡਾ. ਮਰਿਦੁਲਾ ਭਾਰਦਵਾਜ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸ਼ਹੀਦ ਭਗਤ ਸਿੰਘ ਸਕੂਲ ਅਤੇ ਸੈਂਟਰਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਲਾਨਾ ਪ੍ਰੀਖਿਆਵਾਂ ਅਤੇ ਖੇਡਾਂ ਦੇ ਖੇਤਰ ’ਚ ਹਾਸਿਲ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਨਤੀਜੇ ਵਜੋਂ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ’ਚ ਵੀ ਮੱਲਾਂ ਮਾਰ ਰਹੇ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਸ਼ਿਵ ਜੀ ਨਾਲ ਸਬੰਧਿਤ ਮਨਮੋਹਕ ਪੇਸ਼ਕਾਰੀ, ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਵੱਲੋਂ ਗੀਤਾਂ ਉੱਤੇ ਪੇਸ਼ਕਾਰੀਆਂ ਅਤੇ ਨਰਸਰੀ ਤੇ ਐੱਲਕੇਜੀ ਦੇ ਬੱਚਿਆਂ ਨੇ ਆਪਣੀਆਂ ਮਾਸੂਮ ਅਦਾਵਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਲੋਹੜੀ, ਡਾਂਡੀਆ, ਹਿਮਾਚਲੀ ਅਤੇ ਰਾਜਸਥਾਨੀ ਸੱਭਿਆਚਾਰ ਦੀ ਝਲਕ ਪੇਸ਼ ਕਰਦੀਆਂ ਵੰਨਗੀਆਂ ਨੇ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ। ਅਖੀਰ ’ਚ ਗਿੱਧੇ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਖੂਬ ਰੌਣਕਾਂ ਲਗਾਈਆਂ। ਇਸ ਮੌਕੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਪੜ੍ਹਾਈ ਪੂਰੀ ਕਰ ਚੁੱਕੇ ਸਾਬਕਾ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸੱਦਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵਿੱਦਿਅਕ, ਖੇਡਾਂ ਅਤੇ ਹੋਰ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਸਮਾਗਮ ਦੇ ਅੰਤ ’ਚ ਡਾਇਰੈਕਟਰ ਸੱਤਿਅਮ ਭਾਰਦਵਾਜ ਨੇ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ, ਮਾਪਿਆਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ‘ਅਰਮਾਨ’ ਸਾਲਾਨਾ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ, ਮਿਹਨਤ ਅਤੇ ਪ੍ਰਾਪਤੀਆਂ ਦਾ ਯਾਦਗਾਰੀ ਜਸ਼ਨ ਬਣ ਕੇ ਸੰਪੰਨ ਹੋਇਆ। ਸਮਾਗਮ ’ਚ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਪ੍ਰੋਫੈਸਰ ਵਿਜੇ ਸ਼ਰਮਾ, ਪ੍ਰੋਫੈਸਰ ਰਘੂਨਾਥ ਜੈਨ, ਗੁਰਬਚਨ ਸਿੰਘ ਲਾਲੀ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ, ਡਾ. ਸ਼ਾਮ ਲਾਲ ਗੁਪਤਾ, ਵਿਜੇ ਸ਼ਰਮਾ, ਦੀਪਕ ਮਹਿਤਾ, ਪਰਮਿੰਦਰ ਸਿੰਘ ਸੀਟਾ, ਹਰਜਿੰਦਰ ਸਿੰਘ ਪੱਪੂ ਸ਼ਰਾਫ਼, ਡਾ. ਹਰਬੰਸ ਸਿੰਘ, ਸੂਰਜ ਪ੍ਰਕਾਸ਼, ਜਗਦੀਪ ਸਿੰਘ ਸੋਨੂੰ, ਅਜੈ ਪ੍ਰਧਾਨ, ਸ਼ੇਰੂ, ਚੰਦਨ ਭਨੋਟ ਅਤੇ ਬੱਚਿਆ ਦੇ ਮਾਪੇ ਆਦਿ ਹਾਜ਼ਰ ਸਨ।