ਐੱਨਐੱਚਐੱਮ ਮੁਲਾਜ਼ਮਾਂ ਨੇ ਜੱਸਾ ਪੱਟੀ ਨੂੰ ਮੰਗ ਪੱਤਰ ਸੌਂਪਿਆ ਐੱਨਐੱਚਐੱਮ ਮੁਲਾਜ਼ਮਾਂ ਨੇ ਜੱਸਾ ਪੱਟੀ ਨੂੰ ਮੰਗ ਪੱਤਰ ਸੌਂਪਿਆ
Publish Date: Sat, 14 Nov 2026 06:37 PM (IST)
Updated Date: Sat, 14 Nov 2026 06:39 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਅਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵੀਰ ਸਿੰਘ ਬਰਨਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐੱਨਐੱਚਐੱਮ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਬਹੁਤ ਹੀ ਘੱਟ ਤਨਖ਼ਾਹਾਂ ਅਤੇ ਨਿਗੂਣੀਆਂ ਸਿਹਤ ਸਹੂਲਤਾਂ ਨਾਲ ਕੰਮ ਕਰ ਰਹੇ ਹਨ। ਖ਼ਾਸ ਕਰਕੇ ਕੋਰੋਨਾ ਮਹਾਮਾਰੀ ਦੌਰਾਨ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨ੍ਹਾਂ ਘਰ-ਘਰ ਜਾ ਕੇ ਲੋਕਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਅਤੇ ਟੀਕਾਕਰਨ ਕਰਕੇ ਲੋਕਾਂ ਦੀਆਂ ਜਾਨਾਂ ਬਚਾਉਣ ’ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਯੂਨੀਅਨ ਨਾਲ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਵਿਚ ਮਾਨ ਸਰਕਾਰ ਬਣਨ ’ਤੇ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਦੇ ਕਾਰਜਕਾਲ ਦੇ ਪੌਣੇ ਪੰਜ ਸਾਲ ਬੀਤਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲਾਰੇ ਲਗਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਰੋਸ ਧਰਨਾ ਦਿੱਤਾ ਗਿਆ ਸੀ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ 17 ਨਵੰਬਰ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਇਸ ਮੀਟਿੰਗ ’ਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਜੱਸਾ ਪੱਟੀ ਨੂੰ ਆਪਣੀਆਂ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਹੈ। ਜੱਸਾ ਪੱਟੀ ਨੇ ਯੂਨੀਅਨ ਆਗੂਆਂ ਨਾਲ ਵਾਅਦਾ ਕੀਤਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ 16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੱਟੀ ਵਿਖੇ ਆ ਰਹੇ ਹਨ। ਇਸ ਮੌਕੇ ਯੂਨੀਅਨ ਵੱਲੋਂ ਉਨ੍ਹਾਂ ਨੂੰ ਵੀ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ’ਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 17 ਨਵੰਬਰ ਨੂੰ ਹੋਣ ਵਾਲੀ ਮੀਟਿੰਗ ’ਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਗਿਆ ਤਾਂ ਉਹ 17 ਨਵੰਬਰ ਨੂੰ ਸਿਹਤ ਮੰਤਰੀ ਦੇ ਹਲਕੇ ਪਟਿਆਲਾ ਵਿਖੇ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਮੌਕੇ ਜ਼ਿਲ੍ਹਾ ਤਰਨਤਾਰਨ ਦੇ ਯੂਨੀਅਨ ਪ੍ਰਧਾਨ ਮਨਦੀਪ ਸਿੰਘ, ਡਾ. ਤਰਸੇਮ ਸਿੰਘ ਕੈਰੋਂ, ਸੰਦੀਪ ਸਿੰਘ ਆਈਈ ਅਤੇ ਕੁਲਵਿੰਦਰ ਸਿੰਘ ਸਮੇਤ ਹੋਰ ਯੂਨੀਅਨ ਆਗੂ ਹਾਜ਼ਰ ਸਨ।