ਭਲਕੇ ਸਭਰਾ ’ਚ ਭਗਵੰਤ ਮਾਨ ਦੀ ਰੈਲੀ ’ਚ ਪਹੁੰਚਣ ਦੀ ਕੀਤੀ ਅਪੀਲ ਭਲਕੇ ਸਭਰਾ ’ਚ ਭਗਵੰਤ ਮਾਨ ਦੀ ਰੈਲੀ ’ਚ ਪਹੁੰਚਣ ਦੀ ਜੱਸਾ ਪੱਟੀ ਨੇ ਕੀਤੀ ਅਪੀਲ
Publish Date: Sat, 14 Nov 2026 06:39 PM (IST)
Updated Date: Sat, 14 Nov 2026 06:42 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਤੋਂ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ 16 ਨਵੰਬਰ ਨੂੰ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੋਣ ਵਾਲੀ ਵਿਸ਼ਾਲ ਰੈਲੀ ’ਚ ਹਲਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਹ ਰੈਲੀ ਹਲਕਾ ਪੱਟੀ ਦੇ ਸਿਆਸੀ ਅਤੇ ਵਿਕਾਸ ਪੱਖੋਂ ਅਹਿਮ ਸਾਬਿਤ ਹੋਵੇਗੀ ਅਤੇ ਇਸ ਦੌਰਾਨ ਮੁੱਖ ਮੰਤਰੀ ਸਿੱਧੇ ਤੌਰ ਤੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਨਾਲ ਵਿਚਾਰ ਸਾਂਝੇ ਕਰਨਗੇ। ਜੱਸਾ ਪੱਟੀ ਨੇ ਦੱਸਿਆ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਹਲਕੇ ਦੇ ਵੱਖ-ਵੱਖ ਬਲਾਕ ਪ੍ਰਧਾਨਾਂ, ਪਾਰਟੀ ਦੇ ਅਹੁਦੇਦਾਰਾਂ, ਪੰਚਾਂ, ਸਰਪੰਚਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਆਪੋ-ਆਪਣੇ ਇਲਾਕਿਆਂ ’ਚ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਰੈਲੀ ’ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਰੁਜ਼ਗਾਰ ਅਤੇ ਹੋਰ ਲੋਕ ਭਲਾਈ ਦੇ ਖੇਤਰਾਂ ’ਚ ਕੀਤੇ ਜਾ ਰਹੇ ਕੰਮਾਂ ਅਤੇ ਪ੍ਰਾਪਤੀਆਂ ਨੂੰ ਇਸ ਰੈਲੀ ਦੌਰਾਨ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ, ਵਿਕਾਸ ਕਾਰਜਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਵੀ ਲੋਕਾਂ ਨਾਲ ਗੱਲਬਾਤ ਕਰਨਗੇ। ਜੱਸਾ ਪੱਟੀ ਨੇ ਕਿਹਾ ਕਿ ਮੁੱਖ ਮੰਤਰੀ ਦਾ ਹਲਕਾ ਪੱਟੀ ’ਚ ਆਉਣਾ ਇਲਾਕੇ ਦੇ ਲੋਕਾਂ ਲਈ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਇਸ ਤਰ੍ਹਾਂ ਦੇ ਜਨਤਕ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਦਾ ਹੈ ਅਤੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਰਕਾਰ ਦੇ ਮੁਖੀ ਤਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਵਰਗ ਦੀ ਭਲਾਈ ਕਰਨਾ ਅਤੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ਤੇ ਲੈ ਕੇ ਜਾਣਾ ਹੈ। ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ, ਅਹੁਦੇਦਾਰਾਂ, ਪਿੰਡਾਂ ਦੇ ਪੰਚਾਂ-ਸਰਪੰਚਾਂ, ਨੌਜਵਾਨਾਂ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇਸ ਜਨਤਕ ਰੈਲੀ ’ਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵੱਡਾ ਇਕੱਠ ਮੁੱਖ ਮੰਤਰੀ ਦਾ ਸਵਾਗਤ ਕਰਨ ਦੇ ਨਾਲ-ਨਾਲ ਹਲਕਾ ਪੱਟੀ ਦੀ ਏਕਤਾ ਅਤੇ ਵਿਕਾਸ ਪ੍ਰਤੀ ਲੋਕਾਂ ਦੀ ਦਿਲਚਸਪੀ ਦਾ ਪ੍ਰਗਟਾਵਾ ਵੀ ਕਰੇਗਾ। ਜੱਸਾ ਪੱਟੀ ਨੇ ਸਮੂਹ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 16 ਨਵੰਬਰ ਨੂੰ ਪਿੰਡ ਸਭਰਾ ਵਿਖੇ ਸਮੇਂ ਸਿਰ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੈਲੀ ਨੂੰ ਸਫ਼ਲ ਬਣਾਉਣ ’ਚ ਆਪਣਾ ਯੋਗਦਾਨ ਪਾਉਣ।