16 ਨਵੰਬਰ ਦੀ ਲੋਕ ਮਿਲਣੀ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਮੁਕੰਮਲ ਕਰਨ ਦੇ ਯਤਨ : ਜਸਕੰਵਰ ਸਿੰਘ ਗਿੱਲ ਜੱਸਾ 16 ਨਵੰਬਰ ਦੀ ਲੋਕ ਮਿਲਣੀ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਮੁਕੰਮਲ ਕਰਨ ਦੇ ਯਤਨ : ਜਸਕੰਵਰ ਸਿੰਘ ਗਿੱਲ ਜੱਸਾ
Publish Date: Sun, 15 Nov 2026 04:49 PM (IST)
Updated Date: Sun, 15 Nov 2026 04:51 PM (IST)
ਪਿੰਡ ਸਭਰਾਂ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ ਪੱਟੀ ’ਚ ਪੰਚਾਂ, ਸਰਪੰਚਾਂ, ਚੇਅਰਮੈਨਾਂ ਤੇ ਪਾਰਟੀ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਆਮ ਆਦਮੀ ਪਾਰਟੀ ਵੱਲੋਂ 16 ਨਵੰਬਰ ਨੂੰ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸਭਰਾਂ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੋਣ ਵਾਲੀ ਲੋਕ ਮਿਲਣੀ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੱਟੀ ’ਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਦੀ ਅਗਵਾਈ ਹੇਠ ਹਲਕੇ ਦੇ ਸਮੂਹ ਪੰਚਾਂ, ਸਰਪੰਚਾਂ, ਚੇਅਰਮੈਨਾਂ, ਬਲਾਕ ਪ੍ਰਧਾਨਾਂ, ਪਾਰਟੀ ਮੈਂਬਰਾਂ, ਐੱਮਸੀਜ਼, ਵਾਰਡ ਇੰਚਾਰਜਾਂ ਤੇ ਹੋਰ ਸਾਥੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ, ਲੋਕ ਮਿਲਣੀ ’ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦਿਆਂ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ ਅਤੇ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਿੰਡ ਸਭਰਾਂ ਵਿਖੇ ਹੋਣ ਵਾਲੀ ਲੋਕ ਮਿਲਣੀ ਪੱਟੀ ਹਲਕੇ ਲਈ ਅਹਿਮ ਪ੍ਰੋਗਰਾਮ ਹੈ। ਇਸ ਰਾਹੀਂ ਮੁੱਖ ਮੰਤਰੀ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਜੱਸਾ ਪੱਟੀ ਨੇ ਸੋਸ਼ਲ ਮੀਡੀਆ ਤੇ ਪੱਟੀ ਹਲਕੇ ਦੀ ਸਿਆਸਤ ਅਤੇ ਪਾਰਟੀ ਦੀ ਅੰਦਰੂਨੀ ਸਥਿਤੀ ਨੂੰ ਲੈ ਕੇ ਚੱਲ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਖ਼ਬਰਾਂ ਅਤੇ ਅਫ਼ਵਾਹਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਮੀਟਿੰਗ ਅਜਿਹੀਆਂ ਸਾਰੀਆਂ ਗੱਲਾਂ ਦਾ ਆਪਣੇ ਆਪ ’ਚ ਜਵਾਬ ਹੈ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦੇ ਸਮੂਹ ਸਰਪੰਚਾਂ, ਪੰਚਾਂ ਅਤੇ ਪਾਰਟੀ ਦੇ ਸਾਥੀਆਂ ਦੀ ਇੱਕੋ ਮੰਚ ਤੇ ਮੌਜੂਦਗੀ ਸਾਡੀ ਆਪਸੀ ਏਕਤਾ, ਭਰੋਸੇ ਅਤੇ ਮਜ਼ਬੂਤ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ ਅਤੇ ਹਲਕੇ ਦੇ ਵਿਕਾਸ ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਸਾਥੀ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਫੈਲਾਈਆਂ ਜਾ ਰਹੀਆਂ ਬੇਬੁਨਿਆਦ ਗੱਲਾਂ ਨਾਲ ਪਾਰਟੀ ਦੀ ਏਕਤਾ ਨੂੰ ਕੋਈ ਫ਼ਰਕ ਨਹੀਂ ਪੈਂਦਾ। ਜੱਸਾ ਪੱਟੀ ਨੇ ਮੀਟਿੰਗ ’ਚ ਸ਼ਾਮਿਲ ਹੋਏ ਸਮੂਹ ਪੰਚਾਂ, ਸਰਪੰਚਾਂ, ਚੇਅਰਮੈਨਾਂ, ਬਲਾਕ ਪ੍ਰਧਾਨਾਂ, ਐੱਮਸੀਜ਼, ਵਾਰਡ ਇੰਚਾਰਜਾਂ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਾਥੀਆਂ ਵੱਲੋਂ ਦਿੱਤਾ ਗਿਆ ਸਹਿਯੋਗ ਅਤੇ ਵਿਸ਼ਵਾਸ ਉਨ੍ਹਾਂ ਲਈ ਬਹੁਤ ਮਹੱਤਵ ਰੱਖਦਾ ਹੈ। ਅੰਤ ’ਚ ਉਨ੍ਹਾਂ ਪੱਟੀ ਹਲਕੇ ਦੇ ਸਮੂਹ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅੱਜ 16 ਨਵੰਬਰ ਨੂੰ ਪਿੰਡ ਸਭਰਾਂ ਵਿਖੇ ਹੋਣ ਵਾਲੀ ਮੁੱਖ ਮੰਤਰੀ ਦੀ ਲੋਕ ਮਿਲਣੀ ’ਚ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਪ੍ਰੋਗਰਾਮ ਦੀ ਸ਼ਾਨ ਵਧਾਉਣ ਅਤੇ ਇਸ ਨੂੰ ਯਾਦਗਾਰੀ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਚੀਮਾ ਸਮੇਂਤ ਵੱਖ-ਵੱਖ ਪਿੰਡਾਂ ਤੋਂ ਪੰਚ-ਸਰਪੰਚ, ਚੇਅਰਮੈਨ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।