ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਲਾਲਪੁਰਾ ਦੀ ਹੰਗਾਮੀ ਮੀਟਿੰਗ ਹੋਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਲਾਲਪੁਰਾ ਦੀ ਹੰਗਾਮੀ ਮੀਟਿੰਗ ਹੋਈ
Publish Date: Sun, 15 Nov 2026 05:54 PM (IST)
Updated Date: Sun, 15 Nov 2026 05:54 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਗੁਰਦੁਆਰਾ ਬਾਬਾ ਰਾਇਆਂ ਜੀ ਵਿਖੇ ਇਕਾਈ ਪ੍ਰਧਾਨ ਪਾਖਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਲੋਕ ਮੁੱਦਿਆਂ ਨੂੰ ਲੈ ਕੇ ਹੰਗਾਮੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸਬੰਧਿਤ ਅਹਿਮ ਮਸਲਿਆਂ ’ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਜਥੇਬੰਦੀ ਦੇ ਅਗਲੇ ਸੰਘਰਸ਼ਾਂ ਅਤੇ ਜਥੇਬੰਦਕ ਗਤੀਵਿਧੀਆਂ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਜ਼ੋਨ ਆਗੂ ਰਣਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਮੋਰਚੇ ਲਗਾਏ ਜਾ ਰਹੇ ਹਨ। ਇਨ੍ਹਾਂ ਮੋਰਚਿਆਂ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਵਰਗਾਂ ਦੇ ਲੋਕਾਂ ਨੂੰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਕਾਰਨ ਪੰਜਾਬ ਦੀ ਖੇਤੀਬਾੜੀ ਅਤੇ ਕਿਸਾਨੀ ਸਾਹਮਣੇ ਕਈ ਚੁਣੌਤੀਆਂ ਖੜ੍ਹੀਆਂ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀਆਂ ਖੇਤੀਯੋਗ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਸਬੰਧੀ ਕੀਤੇ ਸਮਝੌਤੇ ’ਤੇ ਵੀ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜਥੇਬੰਦੀ ਇਸ ਨੂੰ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਦੇ ਭਵਿੱਖ ਲਈ ਚਿੰਤਾਜਨਕ ਮੰਨਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜ਼ਮੀਨ ਅਤੇ ਕਿਸਾਨੀ ਹਿੱਤਾਂ ਦੀ ਰਾਖੀ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨਾ ਪਵੇਗਾ। ਇਸੇ ਦੌਰਾਨ ਕਿਸਾਨ ਆਗੂ ਹਰਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ’ਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ’ਤੇ ਮਹਿੰਗਾਈ ਦਾ ਵਾਧੂ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਦੱਬਿਆ ਹੋਇਆ ਹੈ ਅਤੇ ਖੇਤੀਬਾੜੀ ਦੀ ਲਾਗਤ ਲਗਾਤਾਰ ਵਧਣ ਕਾਰਨ ਉਸ ਦੀਆਂ ਮੁਸ਼ਕਿਲਾਂ ਹੋਰ ਵਧ ਰਹੀਆਂ ਹਨ। ਖ਼ਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਿਸਾਨਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਠੋਸ ਕਦਮ ਚੁੱਕੇ ਜਾਣ। ਮੀਟਿੰਗ ਦੌਰਾਨ ਆਗੂਆਂ ਨੇ ਜਥੇਬੰਦੀ ਦੀ ਮਜ਼ਬੂਤੀ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਅਤੇ ਆਉਣ ਵਾਲੇ ਸੰਘਰਸ਼ਾਂ ’ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰੈੱਸ ਸਕੱਤਰ ਹਰਪਾਲ ਸਿੰਘ, ਸੁਰਜੀਤ ਸਿੰਘ, ਸੰਦੀਪ ਸਿੰਘ, ਕੁਲਦੀਪ ਸਿੰਘ, ਰਛਪਾਲ ਸਿੰਘ, ਦੁਰਗਾ ਸਿੰਘ, ਬਗੀਚਾ ਸਿੰਘ, ਚਰਨਜੀਤ ਸਿੰਘ, ਦਲਬੀਰ ਸਿੰਘ, ਲੱਖਾਂ ਸਿੰਘ, ਮਿੱਠੂ ਬਾਈ, ਕੁਲਵੰਤ ਸਿੰਘ, ਹਰਦੇਵ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ ਡੀਜੇ, ਕਸ਼ਮੀਰ ਸਿੰਘ, ਕਸ਼ਮੀਰ ਸਿੰਘ ਤੇ ਲੱਖਾਂ ਸਿੰਘ ਨੰਬਰਦਾਰ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।