ਬੱਸ ਹਾਦਸੇ ’ਚ ਜ਼ਖ਼ਮੀ ਯਾਤਰੀਆਂ ਦਾ ਹਰਜੀਤ ਸਿੰਘ ਸੰਧੂ ਨੇ ਜਾਣਿਆ ਹਾਲ ਬੱਸ ਹਾਦਸੇ ’ਚ ਜ਼ਖ਼ਮੀ ਹੋਏ ਯਾਤਰੀਆਂ ਦਾ ਹਰਜੀਤ ਸਿੰਘ ਸੰਧੂ ਨੇ ਜਾਣਿਆ ਹਾਲ
Publish Date: Sun, 15 Nov 2026 06:28 PM (IST)
Updated Date: Sun, 15 Nov 2026 06:30 PM (IST)
ਕੀਮਤੀ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਦਿਲੋਂ ਜਿਤਾਈ ਹਮਦਰਦੀ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਨੇੜੇ ਨੌਸ਼ਹਿਰਾ ਪੰਨੂਆਂ ਵਿਖੇ ਤੀਰਥ ਯਾਤਰਾ ਲਈ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ਬੇਹੱਦ ਦੁਖਦਾਈ ਅਤੇ ਹਿਰਦੇਵੇਦਕ ਹੈ। ਇਸ ਦਰਦਨਾਕ ਹਾਦਸੇ ਨੇ ਕਈ ਪਰਿਵਾਰਾਂ ਨੂੰ ਗਹਿਰੇ ਸਦਮੇ ’ਚ ਪਾ ਦਿੱਤਾ ਹੈ। ਇਸ ਹਾਦਸੇ ਵਿਚ ਕੀਮਤੀ ਜਾਨਾਂ ਦਾ ਚਲੇ ਜਾਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਦੁੱਖ ਦੀ ਘੜੀ ’ਚ ਪੀੜਤ ਪਰਿਵਾਰਾਂ ਦੇ ਦਰਦ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਿਲ ਹੈ। ਤਰਨਤਾਰਨ ਤੋਂ ਭਾਜਪਾ ਦੇ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ਹਸਪਤਾਲ ਪਹੁੰਚੇ। ਉਨ੍ਹਾਂ ਨੇ ਉਥੇ ਜ਼ੇਰੇ ਇਲਾਜ ਜ਼ਖ਼ਮੀ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਇਸ ਔਖੀ ਘੜੀ ’ਚ ਹੌਸਲਾ ਦਿੱਤਾ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਹਾਦਸੇ ਵਿਚ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਦਿਲੋਂ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ‘ਵਾਹਿਗੁਰੂ’ ਜੀ ਵਿਛੜੀਆਂ ਰੂਹਾਂ ਨੂੰ ਆਪਣੇ ਪਵਿੱਤਰ ਚਰਨਾਂ ’ਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਪ੍ਰਦਾਨ ਕਰਨ। ਉਨ੍ਹਾਂ ਨੇ ਅਰਦਾਸ ਕੀਤੀ ਕਿ ਹਸਪਤਾਲਾਂ ’ਚ ਇਲਾਜ ਅਧੀਨ ਸਾਰੇ ਜ਼ਖ਼ਮੀ ਸ਼ਰਧਾਲੂ ਜਲਦ ਤੋਂ ਜਲਦ ਪੂਰੀ ਤਰ੍ਹਾਂ ਸਿਹਤਯਾਬ ਹੋਣ। ਸੰਧੂ ਨੇ ਕਿਹਾ ਕਿ ਇਸ ਹਾਦਸੇ ਨੂੰ ਸਿਰਫ਼ ਇਕ ਸੜਕ ਹਾਦਸਾ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਇਸ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਬਹੁਤ ਜ਼ਰੂਰੀ ਹੈ। ਖ਼ਾਸ ਕਰਕੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਚਲਾਈਆਂ ਜਾ ਰਹੀਆਂ ਬੱਸਾਂ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਕਈ ਅਹਿਮ ਸਵਾਲਾਂ ਦੇ ਜਵਾਬ ਸਾਹਮਣੇ ਆਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਹਾਦਸੇ ਵਾਲੀ ਬੱਸ ਲੰਬੀ ਧਾਰਮਿਕ ਯਾਤਰਾ ਲਈ ਸੁਰੱਖਿਅਤ ਅਤੇ ਤਕਨੀਕੀ ਤੌਰ ’ਤੇ ਯੋਗ ਸੀ ਜਾਂ ਨਹੀਂ। ਜੇਕਰ ਜਾਂਚ ਦੌਰਾਨ ਕਿਸੇ ਵੀ ਪੱਧਰ ’ਤੇ ਲਾਪਰਵਾਹੀ, ਨਿਯਮਾਂ ਦੀ ਉਲੰਘਣਾ ਜਾਂ ਸੁਰੱਖਿਆ ਪ੍ਰਬੰਧਾਂ ’ਚ ਕਮੀ ਸਾਹਮਣੇ ਆਉਂਦੀ ਹੈ ਤਾਂ ਉਸ ਲਈ ਜ਼ਿੰਮੇਵਾਰ ਵਿਅਕਤੀਆਂ ਅਤੇ ਅਧਿਕਾਰੀਆਂ ਦੀ ਜਵਾਬ ਦੇਹੀ ਤੈਅ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅੰਤ ਵਿਚ ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਉਹ ਅਤੇ ਉਨ੍ਹਾਂ ਦੇ ਸਾਥੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸਿੰਘ ਸ਼ਿੰਦਬਾਦ, ਦਿਨੇਸ਼ ਜੋਸ਼ੀ, ਰੋਹਿਤ ਸ਼ਰਮਾ, ਅਵਤਾਰ ਸਿੰਘ, ਅਮਨ ਅਰੋੜਾ, ਜਸਵਿੰਦਰ ਸਿੰਘ, ਰਾਮੇਸ਼ ਕਲਸੀ, ਅਮਨ ਸ਼ਰਮਾ, ਦੀਪਕ ਸ਼ਰਮਾ, ਸੋਨੂੰ ਸੇਤੀਆ ਵੀ ਮੌਕੇ ’ਤੇ ਪਹੁੰਚੇ।