ਸਬ ਜੇਲ੍ਹ ਪੱਟੀ ’ਚ ਬੰਦ 22 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਸਬ ਜੇਲ੍ਹ ਪੱਟੀ ’ਚ ਬੰਦ 22 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ
Publish Date: Sun, 15 Nov 2026 07:23 PM (IST)
Updated Date: Sun, 15 Nov 2026 07:24 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਸਬ ਜੇਲ੍ਹ ਪੱਟੀ ਵਿਚ ਬੰਦ 22 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਿਕਰਮ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਵਲਟੋਹਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਤਹਿਤ ਸਬ ਜੇਲ੍ਹ ਪੱਟੀ ’ਚ ਬੰਦ ਸੀ। ਮ੍ਰਿਤਕ ਦੇ ਵੱਡੇ ਭਰਾ ਜਗਮੋਹਨ ਸਿੰਘ ਨੇ ਜੇਲ੍ਹ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਦੇ ਭਰਾ ਨੂੰ ਜੇਲ੍ਹ ਅੰਦਰ ਇਨਫੈਕਸ਼ਨ ਹੋ ਗਿਆ ਸੀ, ਪਰ ਇਸ ਦੇ ਬਾਵਜੂਦ ਉਸ ਨੂੰ ਸਮੇਂ ਸਿਰ ਢੁੱਕਵਾਂ ਇਲਾਜ ਮੁਹੱਈਆ ਨਹੀਂ ਕਰਵਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਦੇ ਮਾਮਲੇ ’ਚ ਵਰਤੀ ਗਈ ਕਥਿਤ ਲਾਪਰਵਾਹੀ ਕਾਰਨ ਉਸ ਦੇ ਭਰਾ ਦੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਉਸ ਨੂੰ ਸਹੀ ਡਾਕਟਰੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਤਾਂ ਸ਼ਾਇਦ ਉਸ ਦੀ ਜਾਨ ਬਚਾਈ ਜਾ ਸਕਦੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਐਤਵਾਰ ਨੂੰ ਜੇਲ੍ਹ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਫੋਨ ਕਰ ਕੇ ਬਿਕਰਮ ਸਿੰਘ ਦੀ ਮੌਤ ਹੋਣ ਦੀ ਸੂਚਨਾ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਿਆਂ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇ ਕਿ ਨੌਜਵਾਨ ਦੀ ਸਿਹਤ ਖ਼ਰਾਬ ਹੋਣ ਤੋਂ ਬਾਅਦ ਉਸ ਨੂੰ ਕਿਹੋ ਜਿਹਾ ਇਲਾਜ ਦਿੱਤਾ ਅਤੇ ਇਲਾਜ’ਚ ਕੋਈ ਲਾਪਰਵਾਹੀ ਤਾਂ ਨਹੀਂ ਵਰਤੀ ਗਈ। ਪਰਿਵਾਰ ਨੇ ਮੰਗ ਕੀਤੀ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਫਿਲਹਾਲ ਨੌਜਵਾਨ ਦੀ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਮੁਤਾਬਕ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।