ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਕਰਵਾਇਆ ਮਹਾਨ ਗੁਰਮਤਿ ਸਮਾਗਮ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਕਰਵਾਇਆ ਮਹਾਨ ਗੁਰਮਤਿ ਸਮਾਗਮ
Publish Date: Sun, 15 Nov 2026 07:31 PM (IST)
Updated Date: Sun, 15 Nov 2026 07:33 PM (IST)
ਐਤਵਾਰ ਨੂੰ 21 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਭੋਗ, ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਐਤਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ 21 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਥੇ ਹੀ ਦੇਰ ਰਾਤ ਤਕ ਹੋਏ ਮਹਾਨ ਗੁਰਮਤਿ ਸਮਾਗਮ ’ਚ ਵੀ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 13 ਨਵੰਬਰ ਨੂੰ 21 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ ਸਨ। ਜਿਨ੍ਹਾਂ ਦੇ ਭੋਗ ਐਤਵਾਰ ਸਵੇਰੇ ਪਾਏ ਜਾਣ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ, ਕਮੇਟੀ ਮੈਂਬਰ, ਸਮੂਹ ਸੇਵਾਦਾਰ ਅਤੇ ਹੋਰ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਹਾਜਰੀ ਭਰੀ। ਇਸਦੇ ਉਪਰੰਤ ਸ਼ਾਮ 4 ਤੋਂ ਰਾਤ ਸਵਾ 9 ਵਜੇੇ ਤਕ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਕਰਵਾਇਆ ਗਿਆ। ਜਿਸ ਦੌਰਾਨ ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਲਕੀਰ ਸਾਹਿਬ, ਭਾਈ ਹੀਰਾ ਸਿੰਘ ਹਜੂਰੀ ਕਥਾ ਵਾਚਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ, ਭਾਈ ਨਿਸ਼ਾਨ ਸਿੰਘ ਤੇ ਜਥਾ, ਭਾਈ ਸਰਬਜੀਤ ਸਿੰਘ ਢੋਟੀਆਂ ਵਾਲੇ ਹੈੱਡ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਕੁਲਦੀਪ ਸਿੰਘ ਖਾਲਸਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਾਲਿਆਂ ਨੇ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ। ਸਮੁੱਚੇ ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸ੍ਰੀ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਤੋਂ ਇਲਾਵਾ ਮੈਂਬਰਾਂ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ ਆਦਿ ਨੇ ਸਮਾਗਮ ’ਚ ਪਹੁੁੰਚੀਆਂ ਸ਼ਖਸ਼ੀਅਤਾਂ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੇ ਸ਼ਰਧਾਲੂਆਂ ਨੂੰ ਗੁਰੂ ਘਰ ਦੀ ਬਖਿਸ਼ਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ---------- ਬਾਕਸ- ਸ਼ਨੀਵਾਰ ਨੂੰ ਸਜਾਇਆ ਗਿਆ ਮਹਾਨ ਨਗਰ ਕੀਰਤਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਿਪਤ ਜਿਥੇ ਸਮਾਗਮ ਕਰਵਾਏ ਗਏ। ਉਥੇ ਹੀ ਸ਼ਨੀਵਾਰ ਨੂੰ ਮਹਾਨ ਨਗਰ ਕੀਰਤਨ ਵੀ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਜੁੜੀ। ਇਹ ਨਗਰ ਕੀਰਤਨ ਨਗਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਪੁੱਜਾ ਅਤੇ ਮੁੜ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਸਮਾਪਤ ਹੋਇਆ। ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਹਰ ਸਾਲ ਬਾਬਾ ਜੀ ਦੇ ਸ਼ਹੀਦੀ ਦਿਹਾੜੇ ’ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ ਤੇ ਸਮਾਗਮ ’ਚ ਵੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਜੁੜਦੀ ਹੈ।