ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ
Publish Date: Sun, 15 Nov 2026 07:40 PM (IST)
Updated Date: Sun, 15 Nov 2026 07:42 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਤਰਨਤਾਰਨ ਦੇ ਪਿੰਡ ਦੁਬਲੀ-ਘਰਿਆਲਾ ਸੜਕ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਟਰੈਕਟਰ-ਟਰਾਲੀ ਵੱਲੋਂ ਮੋਟਰਸਾਈਕਲ ਨੂੰ ਸਾਈਡ ਮਾਰਨ ਕਾਰਨ ਵਾਪਰਿਆ। ਪੁਲਿਸ ਨੇ ਇਸ ਮਾਮਲੇ ’ਚ ਟਰੈਕਟਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ’ਚ ਜਗਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਦੁਬਲੀ ਨੇ ਦੱਸਿਆ ਕਿ ਉਹ ਪਿੰਡ ’ਚ ਇਕ ਡਾਕਟਰ ਦੀ ਦੁਕਾਨ ’ਤੇ ਹੈਲਪਰ ਵਜੋਂ ਕੰਮ ਕਰਦਾ ਹੈ। ਲੰਘੀ ਸ਼ਾਮ ਗੁਰਦੇਵ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਦੁਬਲੀ ਦੁਕਾਨ ’ਤੇ ਦਵਾਈ ਲੈਣ ਆਇਆ ਹੋਇਆ ਸੀ। ਇਸੇ ਦੌਰਾਨ ਅਚਾਨਕ ਜ਼ੋਰਦਾਰ ਖੜਾਕ ਸੁਣਾਈ ਦਿੱਤਾ। ਜਦੋਂ ਉਹ ਗੁਰਦੇਵ ਸਿੰਘ ਸਮੇਤ ਦੁਕਾਨ ਤੋਂ ਬਾਹਰ ਆਇਆ ਤਾਂ ਦੁਬਲੀ-ਘਰਿਆਲਾ ਲਿੰਕ ਸੜਕ ’ਤੇ ਹਾਦਸਾ ਵਾਪਰਿਆ ਹੋਇਆ ਸੀ। ਸ਼ਿਕਾਇਤਕਰਤਾ ਅਨੁਸਾਰ ਇਕ ਟਰੈਕਟਰ, ਜਿਸ ਦੇ ਪਿੱਛੇ ਟਰਾਲੀ ਜੁੜੀ ਹੋਈ ਸੀ, ਨੇ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ। ਮੋਟਰਸਾਈਕਲ ’ਤੇ ਗੁਰਪ੍ਰੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਅਤੇ ਜਸਕਰਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਦੁਬਲੀ ਸਵਾਰ ਸਨ। ਟੱਕਰ ਲੱਗਣ ਕਾਰਨ ਦੋਵੇਂ ਨੌਜਵਾਨ ਸੜਕ ’ਤੇ ਗੰਭੀਰ ਹਾਲਤ ’ਚ ਡਿੱਗੇ ਪਏ ਸਨ। ਉਨ੍ਹਾਂ ਦੋਸ਼ ਲਗਾਇਆ ਗਿਆ ਹੈ ਕਿ ਟਰੈਕਟਰ ਚਾਲਕ ਹੀਰਾ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਦੁਬਲੀ ਸ਼ਰਾਬੀ ਹਾਲਤ ਸੀ ਅਤੇ ਲੋਕਾਂ ਵੱਲੋਂ ਰੋਕਣ ਦੇ ਬਾਵਜੂਦ ਉਹ ਟਰੈਕਟਰ-ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਨੌਜਵਾਨਾਂ ਨੂੰ ਲੋਕਾਂ ਨੇ ਸਿਵਲ ਹਸਪਤਾਲ ਪੱਟੀ ਪਹੁੰਚਾਇਆ, ਜਿਥੇ ਡਾਕਟਰਾਂ ਨੇ ਜਾਂਚ ਉਪਰੰਤ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਿਸ ਵੱਲੋਂ ਟਰੈਕਟਰ ਚਾਲਕ ਹੀਰਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।