ਪੰਜਾਬ ’ਚ ਵਿਕਾਸ ਤੇ ਲੋਕ ਭਲਾਈ ਦੀ ਨਵੀਂ ਰਾਜਨੀਤੀ ਦਾ ਪ੍ਰਤੀਕ ਬਣੀ ਮਾਨ ਸਰਕਾਰ : ਬ੍ਰਹਮਪੁਰਾ ਪੰਜਾਬ ’ਚ ਵਿਕਾਸ ਤੇ ਲੋਕ ਭਲਾਈ ਦੀ ਨਵੀਂ ਰਾਜਨੀਤੀ ਦਾ ਪ੍ਰਤੀਕ ਬਣੀ ਭਗਵੰਤ ਮਾਨ ਸਰਕਾਰ : ਬ੍ਰਹਮਪੁਰਾ
Publish Date: Sun, 15 Nov 2026 07:42 PM (IST)
Updated Date: Sun, 15 Nov 2026 07:45 PM (IST)
ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ ਤਰਨਤਾਰਨ : ਪੰਜਾਬ ਦੀ ਤਰੱਕੀ, ਲੋਕਾਂ ਦੀ ਖ਼ੁਸ਼ਹਾਲੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਕਾਰਜਕਾਲ ਦੌਰਾਨ ਕਈ ਅਹਿਮ ਲੋਕ ਪੱਖੀ ਫ਼ੈਸਲੇ ਲਾਗੂ ਕਰਕੇ ਸੂਬੇ ਦੀ ਵਿਕਾਸ ਯਾਤਰਾ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਅਸਲ ਸਫ਼ਲਤਾ ਉਸ ਦੇ ਇਸ਼ਤਿਹਾਰਾਂ ਜਾਂ ਦਾਅਵਿਆਂ ਨਾਲ ਨਹੀਂ, ਸਗੋਂ ਆਮ ਨਾਗਰਿਕ ਦੇ ਜੀਵਨ ਵਿਚ ਆਏ ਹਾਂ-ਪੱਖੀ ਬਦਲਾਅ ਨਾਲ ਮਾਪੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਆਪਣੇ ਰੋਜ਼ਾਨਾ ਦੇ ਤਜ਼ਰਬਿਆਂ ਨਾਲ ਜੋੜ ਕੇ ਦੇਖ ਰਹੇ ਹਨ ਅਤੇ ਲੋਕ ਭਲਾਈ ਦੇ ਖੇਤਰ ’ਚ ਕੀਤੇ ਕੰਮਾਂ ਦਾ ਪ੍ਰਭਾਵ ਜ਼ਮੀਨੀ ਪੱਧਰ ’ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹਲਕਾ ਪੱਟੀ ਦੇ ਪਿੰਡਾਂ ’ਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ, ਉਨ੍ਹਾਂ ਦੇ ਸੁਝਾਅ ਪ੍ਰਾਪਤ ਕਰਨਾ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਹੋ ਰਹੇ ਵਿਚਾਰ-ਵਟਾਂਦਰੇ ਦੌਰਾਨ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਅਤੇ ਵਿਕਾਸ ਕਾਰਜਾਂ ਬਾਰੇ ਲੋਕ ਆਪਣੇ ਤਜ਼ਰਬੇ ਸਾਂਝੇ ਕਰ ਰਹੇ ਹਨ। ਲੋਕਾਂ ਦਾ ਇਹ ਭਰੋਸਾ ਅਤੇ ਸਰਗਰਮ ਭਾਗੀਦਾਰੀ ਪਾਰਟੀ ਲਈ ਵੱਡੀ ਤਾਕਤ ਹੈ। -------------- ਬਾਕਸ- 2027 ਦੀਆਂ ਚੋਣਾਂ ’ਚ ਮੁੜ ਸੱਤਾ ’ਚ ਆਵੇਗੀ ਆਮ ਆਦਮੀ ਪਾਰਟੀ ਬ੍ਰਹਮਪੁਰਾ ਨੇ ਦ੍ਰਿੜ੍ਹ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਆਪਣੀ ਲੋਕ ਪੱਖੀ ਕਾਰਗੁਜ਼ਾਰੀ ਅਤੇ ਵਿਕਾਸ ਦੇ ਏਜੰਡੇ ਦੇ ਆਧਾਰ ’ਤੇ ਮੁੜ ਲੋਕਾਂ ਦਾ ਫ਼ਤਵਾ ਹਾਸਿਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਸਿਆਸੀ ਦਾਅਵਿਆਂ ਅਤੇ ਵਾਅਦਿਆਂ ਤੋਂ ਅੱਗੇ ਵਧ ਕੇ ਕੰਮ ਕਰਨ ਵਾਲੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਆਮ ਆਦਮੀ ਪਾਰਟੀ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ।