ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਈਆਂ ਜਾਣਗੀਆਂ : ਜੱਸਾ ਪੱਟੀ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਮੁੱਖ ਮੰਤਰੀ ਤਕ ਪਹੁੰਚਾਈਆਂ ਜਾਣਗੀਆਂ : ਜੱਸਾ ਪੱਟੀ
Publish Date: Mon, 16 Nov 2026 05:22 PM (IST)
Updated Date: Mon, 16 Nov 2026 05:24 PM (IST)
ਸਭਰਾ ’ਚ ਮੁੱਖ ਮੰਤਰੀ ਦੀ ਆਮਦ ਮੌਕੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਸਤਨਾਮ ਸਿੰਘ ਚੀਮਾ•, ਪੰਜਾਬੀ ਜਾਗਰਣ ਘਰਿਆਲਾ : ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਤਰਨਤਾਰਨ ਵੱਲੋਂ ਪਿੰਡ ਸਭਰਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਮੁੱਖ ਰੱਖਦਿਆਂ ਹਲਕਾ ਇੰਚਾਰਜ਼ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਦੇ ਨੁਮਾਇੰਦਿਆਂ ਨੇ ਸੇਵਾ ਕੇਂਦਰਾਂ ’ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਸਰਪ੍ਰਸਤ ਕਰਨਬੀਰ ਸਿੰਘ ਨੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਭਰ ’ਚ ਸੇਵਾ ਕੇਂਦਰਾਂ ਵਿਚ ਲਗਭਗ 2 ਹਜ਼ਾਰ 600 ਮੁਲਾਜ਼ਮ ਕੰਮ ਕਰ ਰਹੇ ਹਨ, ਜੋ ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਘੱਟ ਤਨਖਾਹਾਂ ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਮਹਿੰਗਾਈ ਦੇ ਦੌਰ ਵਿਚ ਇਨ੍ਹੀਆਂ ਘੱਟ ਤਨਖਾਹਾਂ ਨਾਲ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਿਲ ਹੋ ਰਿਹਾ ਹੈ। ਯੂਨੀਅਨ ਦੇ ਮੈਂਬਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸੇਵਾ ਕੇਂਦਰਾਂ ਦਾ ਸੰਚਾਲਨ ਕਰ ਰਹੀ ਕੰਪਨੀ ਵੱਲੋਂ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਤਨਖਾਹਾਂ ਵਿੱਚੋਂ ਬਿਨ੍ਹਾਂ ਵਜ੍ਹਾ ਕਟੌਤੀਆਂ ਕੀਤੀਆਂ ਜਾਂਦੀਆਂ ਹਨ ਅਤੇ ਬੇਲੋੜੇ ਜੁਰਮਾਨੇ ਲਗਾਏ ਜਾਂਦੇ ਹਨ, ਜਿਸ ਕਾਰਨ ਸੂਬੇ ਭਰ ਦੇ ਸੇਵਾ ਕੇਂਦਰ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਯੂਨੀਅਨ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜਲਦ ਤੋਂ ਜਲਦ ਮੀਟਿੰਗ ਕਰਵਾਈ ਜਾਵੇ, ਤਾਂ ਜੋ ਉਹ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਿੱਧੇ ਤੌਰ ਤੇ ਮੁੱਖ ਮੰਤਰੀ ਦੇ ਧਿਆਨ ’ਚ ਲਿਆ ਸਕਣ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਤਨਖਾਹਾਂ ’ਚ ਵਾਧਾ ਕੀਤਾ ਜਾਵੇ ਅਤੇ ਕੰਪਨੀ ਵੱਲੋਂ ਕੀਤੀਆਂ ਜਾਂਦੀਆਂ ਕਥਿਤ ਬੇਲੋੜੀਆਂ ਕਟੌਤੀਆਂ ਤੇ ਜੁਰਮਾਨਿਆਂ ਤੇ ਰੋਕ ਲਗਾਈ ਜਾਵੇ। ਯੂਨੀਅਨ ਦੇ ਨੁਮਾਇੰਦਿਆਂ ਦੀਆਂ ਸਾਰੀਆਂ ਗੱਲਾਂ ਸੁਣਨ ਤੋਂ ਬਾਅਦ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਭਰੋਸਾ ਦਿਵਾਇਆ ਕਿ ਉਹ ਇਸੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕਰਨਗੇ ਅਤੇ ਜਾਇਜ਼ ਮੰਗਾਂ ਦਾ ਹੱਲ ਕਰਵਾਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਵੱਖ-ਵੱਖ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਨੂੰ ਲੋਕਾਂ ਤਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਜਗਜੀਤ ਸਿੰਘ, ਨਰੈਣ ਸਿੰਘ ਸਮੇਤ ਹੋਰ ਯੂਨੀਅਨ ਮੈਂਬਰ ਹਾਜ਼ਰ ਸਨ।