ਪਰਗਟ ਸਿੰਘ ਅੱਜ ਕਰਨਗੇ ਲੀਡਰਸ਼ਿਪ ਤੇ ਵਰਕਰਾਂ ਨਾਲ ਮੀਟਿੰਗ : ਭੁੱਲਰ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਕਰਨਗੇ ਤਰਨਤਾਰਨ ਜ਼ਿਲ੍ਹੇ ਦੀ ਲੀਡਰਸ਼ਿਪ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ - ਰਾਜਬੀਰ ਭੁੱਲਰ
Publish Date: Tue, 17 Nov 2026 05:38 PM (IST)
Updated Date: Wed, 18 Nov 2026 04:01 AM (IST)
ਕਿਹਾ- ਚੋਣਾਂ ਦੀ ਰਣਨੀਤੀ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਜਾਵੇਗਾ ਵਿਚਾਰ ਵਟਾਂਦਰਾ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਸੂਬੇ ਭਰ ’ਚ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅੱਜ 18 ਨਵੰਬਰ ਨੂੰ ਦੁਪਹਿਰ 1:30 ਵਜੇ ਸਤਿਕਾਰ ਪੈਲੇਸ ਤਰਨਤਾਰਨ ਵਿਖੇ ਜ਼ਿਲ੍ਹਾ ਤਰਨਤਾਰਨ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ, ਬਲਾਕ ਪ੍ਰਧਾਨ, ਬੀਐੱਲਏ, ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ਪ੍ਰਤੀ ਵੱਧ ਰਿਹਾ ਪਿਆਰ, ਵਿਸ਼ਵਾਸ ਅਤੇ ਸਮਰਥਨ ਪਾਰਟੀ ਦੇ ਵਰਕਰਾਂ ’ਚ ਨਵਾਂ ਜੋਸ਼ ਭਰ ਰਿਹਾ ਹੈ। ਸੂਬੇ ਦੇ ਲੋਕ ਪੰਜਾਬ ’ਚ ਇਕ ਮਜ਼ਬੂਤ ਅਤੇ ਲੋਕ-ਪੱਖੀ ਸਰਕਾਰ ਦੇਖਣਾ ਚਾਹੁੰਦੇ ਹਨ। ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤਕ ਲੋਕਾਂ ਵੱਲੋਂ ਮਿਲ ਰਿਹਾ ਹੁੰਗਾਰਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਮਜ਼ਬੂਤ ਸਥਿਤੀ ਦਾ ਸੰਕੇਤ ਹੈ। ਜ਼ਿਲ੍ਹਾ ਪ੍ਰਧਾਨ ਭੁੱਲਰ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਬੂਥ ਪੱਧਰ ਤੇ ਵਰਕਰਾਂ ਨੂੰ ਸਰਗਰਮ ਕਰਨਾ, ਬੀਐੱਲਏ ਦੀ ਭੂਮਿਕਾ ਨੂੰ ਮਜ਼ਬੂਤ ਕਰਨਾ, ਪਿੰਡਾਂ ਅਤੇ ਸ਼ਹਿਰਾਂ ’ਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਇਨ੍ਹਾਂ ਤਿਆਰੀਆਂ ਦਾ ਮੁੱਖ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅੱਜ 18 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭੁੱਲਰ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੀਟਿੰਗ ’ਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ।