‘ਆਪਰੇਸ਼ਨ ਪ੍ਰਹਾਰ’ ਤਹਿਤ ਜ਼ਿਲ੍ਹੇ ਭਰ ’ਚ ਕੀਤੀ ਵੱਡੇ ਪੱਧਰ ’ਤੇ ਤਲਾਸ਼ੀ ਤਰਨਤਾਰਨ ਪੁਲਿਸ ਨੇ ‘ਆਪਰੇਸ਼ਨ ਪ੍ਰਹਾਰ’ ਤਹਿਤ ਜ਼ਿਲ੍ਹੇ ਭਰ ’ਚ ਕੀਤੀ ਵੱਡੇ ਪੱਧਰ ’ਤੇ ਤਲਾਸ਼ੀ
Publish Date: Tue, 17 Nov 2026 07:38 PM (IST)
Updated Date: Wed, 18 Nov 2026 04:04 AM (IST)
ਡੀਆਈਜੀ ਤੇ ਐੱਸਐੱਸਪੀ ਦੀ ਅਗਵਾਈ ਹੇਠ ਇਕ ਹਜ਼ਾਰ ਪੁਲਿਸ ਮੁਲਾਜ਼ਮਾਂ ਨੇ ਸੰਭਾਲਿਆ ਮੋਰਚਾ 80 ਤੋਂ ਵੱਧ ਲੋੜੀਂਦੇ ਅਪਰਾਧੀ, ਨਸ਼ਾ ਤਸਕਰ ਤੇ ਸ਼ੱਕੀ ਵਿਅਕਤੀ ਕੀਤੇ ਕਾਬੂ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ, ਤਰਨਤਾਰਨ : ਗੈਂਗਸਟਰਾਂ, ਅਪਰਾਧਿਕ ਨੈੱਟਵਰਕਾਂ, ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਵੱਲੋਂ ਮੰਗਲਵਾਰ ਨੂੰ ‘ਆਪਰੇਸ਼ਨ ਪ੍ਰਹਾਰ, ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਭਰ ’ਚ ਵੱਡੇ ਪੱਧਰ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਅਗਵਾਈ ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਤੇ ਐੱਸਐੱਸਪੀ ਤਰਨਤਾਰਨ ਸੁਰੇਂਦਰਾ ਲਾਂਬਾ ਨੇ ਕੀਤੀ। ਪੁਲਿਸ ਦੇ ਇਸ ਵਿਸ਼ੇਸ਼ ਆਪਰੇਸ਼ਨ ’ਚ ਵੱਡੀ ਗਿਣਤੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲੈਂਦਿਆਂ ਵੱਖ-ਵੱਖ ਇਲਾਕਿਆਂ ’ਚ ਤਲਾਸ਼ੀ ਤੇ ਜਾਂਚ ਮੁਹਿੰਮ ਚਲਾਈ। ਡੀਆਈਜੀ ਸਨੇਹਦੀਪ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਪੁਲਿਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ ਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ, ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਸ਼ੱਕੀ ਅਨਸਰਾਂ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਨੂੰ ਸਫਲ ਬਣਾਉਣ ਲਈ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਲੈ ਕੇ ਥਾਣਾ ਪੱਧਰ ਦੇ ਅਧਿਕਾਰੀਆਂ ਅਤੇ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ। ਮੁਹਿੰਮ ਵਿਚ 4 ਐੱਸਪੀ, 14 ਡੀਐੱਸਪੀਜ਼, 16 ਥਾਣਾ ਮੁਖੀਆਂ ਤੇ ਇਕ ਹਜ਼ਾਰ ਹੋਰ ਪੁਲਿਸ ਕਰਮਚਾਰੀਆਂ ਨੇ ਹਿੱਸਾ ਲਿਆ। ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਨੇ ਜ਼ਿਲ੍ਹੇ ਦੇ ਕਈ ਇਲਾਕਿਆਂ ’ਚ ਇਕੋ ਸਮੇਂ ਕਾਰਵਾਈ ਨੂੰ ਅੰਜਾਮ ਦਿੱਤਾ। ਡੀਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ 80 ਤੋਂ ਵੱਧ ਲੋੜੀਂਦੇ ਅਪਰਾਧੀਆਂ, ਨਸ਼ਾ ਤਸਕਰਾਂ ਤੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ ਜਾਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦਾ ਮੁੱਖ ਮਕਸਦ ਪੁਲਿਸ ਨੂੰ ਲੋੜੀਂਦੇ ਅਪਰਾਧੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਕਾਬੂ ਕਰਨਾ, ਗੈਂਗਸਟਰਾਂ ਦੇ ਅਪਰਾਧਿਕ ਨੈੱਟਵਰਕਾਂ ਨੂੰ ਤੋੜਨਾ, ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਰੋਕ ਲਾਉਣਾ ਤੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਹੋਰ ਅਪਰਾਧਿਕ ਅਨਸਰਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਪੁਲਿਸ ਅਧਿਕਾਰੀਆਂ ਨੇ ਆਮ ਲੋਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।