ਮੋਦੀ ਸਰਕਾਰ ਦੀਆਂ ਸੰਵਿਧਾਨ ਬਦਲਣ ਦੀਆਂ ਕੋਸ਼ਿਸ਼ਾਂ ਕਮਿਊਨਿਸਟ ਬਰਦਾਸ਼ਤ ਨਹੀਂ ਕਰਨਗੇ : ਮਾੜੀਮੇਘਾ ਮੋਦੀ ਸਰਕਾਰ ਦੀਆਂ ਸੰਵਿਧਾਨ ਬਦਲਣ ਦੀਆਂ ਕੋਸ਼ਿਸ਼ਾਂ ਕਮਿਊਨਿਸਟ ਬਰਦਾਸ਼ਤ ਨਹੀਂ ਕਰਨਗੇ: ਮਾੜੀਮੇਘਾ
Publish Date: Wed, 18 Nov 2026 04:41 PM (IST)
Updated Date: Wed, 18 Nov 2026 04:42 PM (IST)
ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਗੈਂਗਸਟਰਵਾਦ ਵਿਰੁੱਧ ਜੇਲ੍ਹ ਭਰੋ ਅੰਦੋਲਨ ਇਤਿਹਾਸਕ ਹੋਵੇਗਾ : ਸੋਹਲ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਕਮਿਊਨਿਸਟ ਪਾਰਟੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਸੀਪੀਆਈ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਸਥਾਨਕ ਬਾਠ ਰੋਡ ਸਥਿਤ ਦੇਸ਼ ਭਗਤ ਅਰਜਨ ਸਿੰਘ ਗੜਗੱਜ ਯਾਦਗਾਰੀ ਹਾਲ ਵਿਖੇ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜਿੰਦਰਪਾਲ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਪਹਿਲੀ ਤੋਂ ਤਿੰਨ ਦਸੰਬਰ ਤਕ ਕੀਤੇ ਜਾਣ ਵਾਲੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਮਰੇਡ ਮਾੜੀਮੇਘਾ ਨੇ ਕਿਹਾ ਕਿ ਸੀਪੀਆਈ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ‘ਬਦਲਾਅ ਜ਼ਰੂਰੀ ਹੈ’ ਦੇ ਨਾਅਰੇ ਹੇਠ ਇਤਿਹਾਸਕ ਰੈਲੀ ਕੀਤੀ ਗਈ ਸੀ। ਇਸ ਰੈਲੀ ਦੌਰਾਨ ਹੀ ਜੇਲ੍ਹ ਭਰੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਅੰਦੋਲਨ ਦੀ ਸਫ਼ਲਤਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਸੋਹਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਗੈਂਗਸਟਰਵਾਦ, ਨਸ਼ਿਆਂ ਦੇ ਵਧ ਰਹੇ ਪ੍ਰਭਾਵ, ਡਾਕਿਆਂ, ਕਤਲਾਂ, ਫਿਰੌਤੀਆਂ, ਲੁੱਟਾਂ-ਖੋਹਾਂ ਅਤੇ ਚੋਰੀਆਂ ਵਰਗੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿਹਤ ਅਤੇ ਸਿੱਖਿਆ ਖੇਤਰ ਵੀ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ, ਵੋਟਾਂ ’ਚ ਕਥਿਤ ਬੇਨਿਯਮੀਆਂ ਅਤੇ ਸੰਵਿਧਾਨ ਨਾਲ ਛੇੜਛਾੜ ਦੇ ਖ਼ਦਸ਼ਿਆਂ ਵਿਰੁੱਧ ਵੀ ਆਵਾਜ਼ ਬੁਲੰਦ ਕਰਨ ਦੀ ਗੱਲ ਕਹੀ। ਉਨ੍ਹਾਂ ਐਲਾਨ ਕੀਤਾ ਕਿ ਜੇਲ੍ਹ ਭਰੋ ਅੰਦੋਲਨ ਦੇ ਸੱਦੇ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਪਾਰਟੀ ਆਗੂ ਤਿੰਨ ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਕੱਠੇ ਹੋ ਕੇ ਗ੍ਰਿਫ਼ਤਾਰੀਆਂ ਦੇਣ ਲਈ ਆਪਣੇ ਆਪ ਨੂੰ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਦੌਰਾਨ ਆਗੂਆਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ ’ਚ ਪਾਰਟੀ ਵੱਲੋਂ ਚੋਣ ਲੜਨ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਵਿਉਂਤਬੰਦੀ ਕੀਤੀ। ਇਸ ਮੌਕੇ ਪਾਰਟੀ ਕੇਡਰ ਨੂੰ ਹੁਣ ਤੋਂ ਹੀ ਚੋਣ ਤਿਆਰੀਆਂ ’ਚ ਜੁਟਣ ਅਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ। ਪਾਰਟੀ ਦੇ ਜ਼ਿਲ੍ਹਾ ਸਹਾਇਕ ਸਕੱਤਰ ਕਾਮਰੇਡ ਗੁਰਦਿਆਲ ਸਿੰਘ ਖਡੂਰ ਸਾਹਿਬ ਅਤੇ ਖ਼ਜ਼ਾਨਚੀ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਆਗੂਆਂ ਨੂੰ ਏਰੀਆ ਕਮੇਟੀਆਂ ਦੀਆਂ ਲੈਵੀ ਫ਼ੀਸਾਂ ਤੁਰੰਤ ਜਮ੍ਹਾਂ ਕਰਵਾਉਣ, ਪਾਰਟੀ ਦੀ ਮੈਂਬਰਸ਼ਿਪ ਦਾ ਨਵੀਨੀਕਰਨ ਕਰਨ ਅਤੇ ਮੈਂਬਰਸ਼ਿਪ ’ਚ ਵਾਧਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੁਲਬੀਰ ਸਿੰਘ ਕਸੇਲ, ਬਲਜੀਤ ਸਿੰਘ ਫਤਿਆਬਾਦ, ਜੈਮਲ ਸਿੰਘ ਬਾਠ, ਪੂਰਨ ਸਿੰਘ ਮਾੜੀਮੇਘਾ, ਬਲਦੇਵ ਸਿੰਘ ਧੂਦਾਂ, ਵਿਸ਼ਾਲਦੀਪ ਵਲਟੋਹਾ, ਮੋਤਾ ਸਿੰਘ ਝਬਾਲ, ਜਸਬੀਰ ਸਿੰਘ ਜੌਣੇਕੇ, ਹਰਭਿੰਦਰ ਸਿੰਘ ਕਸੇਲ, ਸੁਖਦੇਵ ਸਿੰਘ ਚਾਹਲ ਅਤੇ ਚਰਨ ਸਿੰਘ ਤਰਨਤਾਰਨ ਸਮੇਤ ਹੋਰ ਪਾਰਟੀ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਬੰਦ ਕੀਤੀਆਂ ਮੰਡੀਆਂ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ। ਉਨ੍ਹਾਂ ਜੇਲ੍ਹ ਭਰੋ ਅੰਦੋਲਨ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਦਾ ਅਹਿਦ ਵੀ ਲਿਆ।