- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਨਪੀਐੱਸ ਮੁਲਾਜ਼ਮਾਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ, ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ

ਕਿਹਾ, ਨੋਟੀਫਿਕੇਸ਼ਨ ਜਾਰੀ ਹੋਣ ਦੇ ਚਾਰ ਸਾਲ ਬਾਅਦ ਵੀ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਤੋਂ ਵਾਂਝੇ
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੰਚ ਦੇ ਸੱਦੇ 'ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਰੋਸ ਵਜੋਂ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਜਾਰੀ ਕੀਤੇ ਗਏ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕੀਤੀ।
ਇਸ ਮੌਕੇ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਨੇ ਕਿਹਾ ਕਿ 24 ਅਕਤੂਬਰ 2022 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦੀਵਾਲੀ ਮੌਕੇ ਲਾਈਵ ਹੋ ਕੇ ਐਲਾਨ ਕੀਤਾ ਸੀ ਕਿ ਪੰਜਾਬ ’ਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ। ਇਸ ਸਬੰਧੀ ਸਰਕਾਰ ਵੱਲੋਂ 18 ਨਵੰਬਰ 2022 ਨੂੰ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ, ਪਰ ਇਸ ਨੂੰ ਲਾਗੂ ਕਰਨ ਲਈ ਲੋੜੀਂਦੀ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਐੱਸਓਪੀ ਬਾਅਦ ’ਚ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੱਜ ਤਕ ਐੱਸਓਪੀ ਜਾਰੀ ਨਾ ਕੀਤੇ ਜਾਣ ਕਾਰਨ ਮੁਲਾਜ਼ਮ ਪੁਰਾਣੀ ਪੈਨਸ਼ਨ ਦੇ ਲਾਭਾਂ ਤੋਂ ਵਾਂਝੇ ਹਨ।
ਇਸ ਮੌਕੇ ਆਗੂ ਸਤਨਾਮ ਸਿੰਘ ਨੇ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਅਮਲੀ ਰੂਪ ’ਚ ਪੂਰਾ ਨਹੀਂ ਹੋ ਸਕਿਆ। ਇਸ ਕਾਰਨ ਮੁਲਾਜ਼ਮਾਂ ਦੀ ਪੰਜਵੀਂ ਦੀਵਾਲੀ ਵੀ ਨਿਰਾਸ਼ਾ ਵਿਚ ਬੀਤੀ ਹੈ। ਉਨ੍ਹਾਂ ਇਸ ਨੂੰ ਮੁਲਾਜ਼ਮਾਂ ਨਾਲ ਵੱਡਾ ਧੋਖਾ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦੇ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਪਾਰਟੀ ਦੀਆਂ ਗਾਰੰਟੀਆਂ ’ਚ ਸ਼ਾਮਿਲ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 2019 ਵਿਚ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਮੁਲਾਜ਼ਮਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਵੀ ਉਨ੍ਹਾਂ ਐਲਾਨ ਕੀਤਾ ਸੀ ਕਿ ਜਿਥੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਉਥੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ। ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ’ਚ ਅਜੇ ਤਕ ਇਹ ਮੰਗ ਪੂਰੀ ਨਹੀਂ ਹੋਈ।
ਇਸ ਮੌਕੇ ਚਮਕੌਰ ਸਿੰਘ, ਬਿਕਰਮਜੀਤ ਸਿੰਘ, ਗੁਰਵਿੰਦਰਪਾਲ ਸਿੰਘ, ਹਰਦੇਵ ਸਿੰਘ, ਗੁਰਲਾਲ ਸਿੰਘ, ਸੁਰਜੀਤ ਸਿੰਘ, ਹਰਮਨਦੀਪ ਸਿੰਘ, ਸਟਾਲਨਜੀਤ ਸਿੰਘ, ਰਣਜੀਤ ਸਿੰਘ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਮੁਲਾਜ਼ਮ ਆਗੂ ਹਾਜ਼ਰ ਸਨ।
29 ਨੂੰ ਅਮਨ ਅਰੋੜਾ ਦੀ ਰਿਹਾਇਸ਼ ਦੇ ਘਿਰਾਓ ਮੌਕੇ ਵੱਡੀ ਗਿਣਤੀ ’ਚ ਪੁੱਜਣ ਮੁਲਾਜ਼ਮ
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐੱਨਪੀਐੱਸ ਦੇ ਖਾਤੇ ਬੰਦ ਕਰਕੇ ਮੁਲਾਜ਼ਮਾਂ ਦੇ ਜੀਪੀਐੱਫ ਖਾਤੇ ਤੁਰੰਤ ਖੋਲ੍ਹੇ ਜਾਣ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਸ ਦਾ ਸਿਆਸੀ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਸਵਾ ਦੋ ਲੱਖ ਦੇ ਕਰੀਬ ਐੱਨਪੀਐੱਸ ਪੀੜਤ ਮੁਲਾਜ਼ਮ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਘਿਰਾਓ ਸਬੰਧੀ ਕੀਤੇ ਜਾਣ ਵਾਲੇ ਐਕਸ਼ਨ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।