ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਕੀਤਾ ਤਰਨਤਾਰਨ ਦਾ ਦੌਰਾ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਵਿਜੇ ਦੱਤ ਨੇ ਅਧਿਕਾਰੀਆਂ ਨਾਲ ਮੀਟਿੰਗ
Publish Date: Wed, 18 Nov 2026 08:21 PM (IST)
Updated Date: Wed, 18 Nov 2026 08:21 PM (IST)
ਚੇਅਰਮੈਨ ਵਿਜੇ ਦੱਤ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ‘ਮੇਰੀ ਰਸੋਈ ਯੋਜਨਾ’ ਤਹਿਤ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਦਾ ਕੀਤਾ ਨਿਰੀਖਣ ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ-ਕਮ-ਚੇਅਰਮੈਨ ਵਿਜੇ ਦੱਤ ਨੇ ‘ਮੇਰੀ ਰਸੋਈ ਯੋਜਨਾ’ ਦੇ ਪ੍ਰਭਾਵਸ਼ਾਲੀ ਲਾਗੂਕਰਨ ਦਾ ਮੁਲਾਂਕਣ ਕਰਨ ਅਤੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਐੱਨਐੱਫਐੱਸਏ ਅਧੀਨ ਲਾਗੂ ਕੀਤੀਆਂ ਜਾ ਰਹੀਆਂ ਯੋਜਨਾਵਾਂ ਦੀ ਜ਼ਮੀਨੀ ਪੱਧਰ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਅੱਜ ਤਰਨਤਾਰਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪੇਂਡੂ ਵਿਕਾਸ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ-ਕਮ-ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਫ਼ਸਰ ਸੰਜੀਵ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਦੌਰਾਨ ਉਨ੍ਹਾਂ ਮੇਰੀ ਰਸੋਈ ਯੋਜਨਾ ਤਹਿਤ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਦਾ ਨਿਰੀਖਣ ਕੀਤਾ ਅਤੇ ਯੋਜਨਾ ਨੂੰ ਪ੍ਰਭਾਵਸ਼ਾਲੀ ਲਾਗੂ ਕਰਨ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਮਿਆਰੀ ਰਾਸ਼ਨ ਮਿਲੇ ਅਤੇ ਕਿਹਾ ਕਿ ਯੋਜਨਾ ਨੂੰ ਲਾਗੂ ਕਰਨ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਨਿਯਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਉਨ੍ਹਾਂ ਨੇ ਮਿਡ-ਡੇਅ-ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫ਼ਾਈ, ਅਨਾਜ ਦੀ ਸਟੋਰੇਜ, ਸੁਰੱਖਿਅਤ ਪੀਣ ਵਾਲੇ ਪਾਣੀ ਦੀ ਉਪਲਬੱਧਤਾ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਪੋਸ਼ਣ ਸਬੰਧੀ ਪੂਰਕਾਂ ਦੇ ਨਾਲ-ਨਾਲ ਕੇਂਦਰਾਂ ਦੀ ਸਫ਼ਾਈ, ਬੱਚਿਆਂ ਦੀ ਹਾਜ਼ਰੀ, ਰਿਕਾਰਡਾਂ ਦੀ ਸੰਭਾਲ ਅਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ। ਵਿਜੇ ਦੱਤ ਨੇ ਕਿਹਾ ਕਿ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਯੋਗ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਲਾਗੂ ਕੀਤੀਆਂ ਗਈਆਂ ਸਾਰੀਆਂ ਯੋਜਨਾਵਾਂ ਦਾ ਲਾਭ ਮਿਲੇ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਸਾਫ-ਸਫਾਈ, ਮਿਡ-ਡੇ-ਮੀਲ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸੇ ਤਰ੍ਹਾਂ ਬੱਚਿਆਂ ਦੀ ਸਿਹਤ ਦੀ ਨਿਯਮਤ ਜਾਂਚ ਕੀਤੀ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ, ਜਨਤਕ ਵੰਡ ਪ੍ਰਣਾਲੀ ਰਾਸ਼ਨ, ਮਿਡ-ਡੇਅ ਮੀਲ ਸਕੀਮ, ਆਂਗਣਵਾੜੀ ਸੇਵਾਵਾਂ, ਜਾਂ ਮੇਰੀ ਰਸੋਈ ਯੋਜਨਾ ਨਾਲ ਸਬੰਧਤ ਕੋਈ ਸ਼ਿਕਾਇਤ ਜਾਂ ਬੇਨਿਯਮੀਆਂ ਮਿਲਦੀਆਂ ਹਨ, ਤਾਂ ਉਹ ਆਪਣੀ ਸ਼ਿਕਾਇਤ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਕੋਲ ਉਸ ਦੇ ਹੈਲਪਲਾਈਨ ਨੰਬਰ 98767-64545 ’ਤੇ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਈ ਹਰ ਸ਼ਿਕਾਇਤ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਅਧਿਕਾਰੀ, ਕਰਮਚਾਰੀ ਜਾਂ ਹੋਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਵੀਨ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਜਿੰਦਰ ਕੌਰ, ਸਿਹਤ ਵਿਭਾਗ ਤੋਂ ਡਾਕਟਰ ਰੁਪਿੰਦਰਜੀਤ ਕੌਰ ਸੀਡੀਪੀਓ ਗਗਨਦੀਪ ਸਿੰਘ, ਡਾਕਟਰ ਮਨਜੀਤ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਹਰਵਿੰਦਰ ਸਿੰਘ,ਜਲ ਸਪਲਾਈ ਵਿਭਾਗ ਤੋਂ ਸੁਖਮਿੰਦਰ ਸਿੰਘ, ਜਗਦੀਸ਼ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।