ਭਗਵੰਤ ਮਾਨ ਸਿਰਫ਼ ਨਾਂ ਦੇ ਮੁੱਖ ਮੰਤਰੀ, ਪੰਜਾਬ ਨੂੰ ਤਾਂ ਦਿੱਲੀ ਤੋਂ ਚਲਾ ਰਹੀ ਹੈ ਕੇਜਰੀਵਾਲ ਦੀ ਟੀਮ : ਪਰਗਟ ਸਿੰਘ ਭਗਵੰਤ ਮਾਨ ਸਿਰਫ਼ ਨਾਮ ਦੇ ਮੁੱਖ ਮੰਤਰੀ, ਪੰਜਾਬ ਨੂੰ ਤਾਂ ਦਿੱਲੀ ਤੋਂ ਚਲਾ ਰਹੀ ਹੈ ਕੇਜਰੀਵਾਲ ਦੀ ਟੀਮ- ਪ੍ਰਧਾਨ ਪਰਗਟ ਸਿੰਘ
Publish Date: Wed, 18 Nov 2026 08:25 PM (IST)
Updated Date: Wed, 18 Nov 2026 08:27 PM (IST)
ਕਿਹਾ, ‘ਆਪ’ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਿਆ, ਭਾਜਪਾ ਦੀਆਂ ਨੀਤੀਆਂ ਨੇ ਦੇਸ਼ ਦੇ ਲੋਕਾਂ ਨੂੰ ਕੀਤਾ ਨਿਰਾਸ਼ ਤਰਨਤਾਰਨ ’ਚ ਕਾਂਗਰਸ ਦੀ ਵਿਸ਼ਾਲ ਮੀਟਿੰਗ ਨੇ ਦਿਖਾਈ ਪਾਰਟੀ ਦੀ ਤਾਕਤ, ਮੈਰਿਟ ਦੇ ਆਧਾਰ ’ਤੇ ਹੀ ਹੋਵੇਗੀ ਟਿਕਟਾਂ ਦੀ ਵੰਡ 2027 ’ਚ ਕਾਂਗਰਸ ਰਿਕਾਰਡਤੋੜ ਜਿੱਤ ਨਾਲ ਬਣਾਏਗੀ ਸਰਕਾਰ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ ਤਰਨਤਾਰਨ : ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਗਰਮਾਉਣ ਲੱਗ ਪਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਤਰਨਤਾਰਨ ਵਿਖੇ ਕਾਂਗਰਸ ਪਾਰਟੀ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਚੁੱਕਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਟੀਮ ਉੱਤੇ ਪੰਜਾਬ ਦੇ ਖਜ਼ਾਨੇ ਵਿਚੋਂ ਲਗਭਗ 50 ਹਜ਼ਾਰ ਕਰੋੜ ਰੁਪਏ ਲੁੱਟ ਕੇ ਲਿਜਾਣ ਦੇ ਦੋਸ਼ ਲਗਾਉਂਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰੋਤਾਂ ਅਤੇ ਸਿਆਸੀ ਤਾਕਤ ਦੀ ਵਰਤੋਂ ਪੰਜਾਬ ਦੇ ਹਿੱਤਾਂ ਦੀ ਬਜਾਏ ਦਿੱਲੀ ਦੇ ਹਾਰੇ ਤੇ ਨਕਾਰੇ ਲੀਡਰਾਂ ਦੀ ਆਓ ਭਗਤ ਲਈ ਕੀਤੀ ਜਾ ਰਹੀ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਨਾਮ ਦੇ ਮੁੱਖ ਮੰਤਰੀ ਬਣ ਕੇ ਰਹਿ ਗਏ ਹਨ, ਜਦਕਿ ਅਸਲ ਵਿਚ ਪੰਜਾਬ ਦਾ ਸਿਆਸੀ ਅਤੇ ਪ੍ਰਸ਼ਾਸਨਿਕ ਸਿਸਟਮ ਦਿੱਲੀ ’ਚ ਬੈਠੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਦੇ ਇਸ਼ਾਰਿਆਂ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਜਿਸ ਪੰਜਾਬ ਨੇ ਆਪਣੇ ਲੋਕਾਂ ਦੇ ਫ਼ਤਵੇ ਨਾਲ ਸਰਕਾਰ ਚੁਣੀ, ਉਸ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਆਪਣੇ ਆਗੂਆਂ ਅੱਗੇ ਹਾਜ਼ਰੀ ਲਗਾਉਣ ਲਈ ਦਿੱਲੀ ਜਾਣਾ ਪੈਂਦਾ ਹੈ। ਕੀ ਪੰਜਾਬ ਦੇ ਲੋਕਾਂ ਨੇ ਆਪਣਾ ਮੁੱਖ ਮੰਤਰੀ ਇਸ ਲਈ ਚੁਣਿਆ ਸੀ ਕਿ ਸੂਬੇ ਦੇ ਫ਼ੈਸਲੇ ਦਿੱਲੀ ’ਚ ਬੈਠ ਕੇ ਕੀਤੇ ਜਾਣ? ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰਿਮੋਟ ਕੰਟਰੋਲ ਨਾਲ ਚਲਾਉਣ ਦੀ ਇਹ ਰਾਜਨੀਤੀ ਸੂਬੇ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾਏ ਸਨ। ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਦੀ ਆਰਥਿਕ ਮਜ਼ਬੂਤੀ, ਵਪਾਰੀਆਂ ਨੂੰ ਰਾਹਤ, ਉਦਯੋਗਾਂ ਦਾ ਵਿਕਾਸ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਲੋਕ ਸਰਕਾਰ ਤੋਂ ਆਪਣੇ ਵਾਅਦਿਆਂ ਦਾ ਹਿਸਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਕਿਸੇ ਸਿਆਸੀ ਪਾਰਟੀ ਦੀ ਨਿੱਜੀ ਜਾਇਦਾਦ ਨਹੀਂ, ਸਗੋਂ ਸਾਢੇ ਤਿੰਨ ਕਰੋੜ ਪੰਜਾਬੀਆਂ ਦੀ ਅਮਾਨਤ ਹੈ। ਇਸ ਪੈਸੇ ਦੀ ਵਰਤੋਂ ਸੂਬੇ ਦੇ ਵਿਕਾਸ, ਸਿੱਖਿਆ, ਸਿਹਤ, ਕਿਸਾਨੀ ਅਤੇ ਨੌਜਵਾਨਾਂ ਦੇ ਭਵਿੱਖ ਲਈ ਹੋਣੀ ਚਾਹੀਦੀ ਹੈ। ਕੇਂਦਰ ਦੀ ਭਾਜਪਾ ਸਰਕਾਰ ’ਤੇ ਹਮਲਾ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਭਾਜਪਾ ਨੇ ਦੇਸ਼ ਵਿਚ ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨੀ ਸੰਕਟ ਵਰਗੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਲੋਕਾਂ ਨੂੰ ਸਿਆਸੀ ਨਾਅਰਿਆਂ ਵਿਚ ਉਲਝਾ ਕੇ ਰੱਖਿਆ ਹੈ। ਪੰਜਾਬ ਨਾਲ ਕੇਂਦਰ ਦਾ ਰਵੱਈਆ ਵੀ ਹਮੇਸ਼ਾ ਵਿਤਕਰੇ ਵਾਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਿਆਸਤ ਦੀ ਲੋੜ ਹੈ ਜੋ ਲੋਕਾਂ ਨੂੰ ਆਪਸ ਵਿਚ ਵੰਡਣ ਦੀ ਬਜਾਏ ਜੋੜੇ, ਨੌਜਵਾਨਾਂ ਨੂੰ ਨਿਰਾਸ਼ਾ ਦੀ ਬਜਾਏ ਰੁਜ਼ਗਾਰ ਦੇਵੇ ਅਤੇ ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ। ਕਾਂਗਰਸ ਪਾਰਟੀ ਦਾ ਮਕਸਦ ਸਿਰਫ਼ ਸੱਤਾ ਹਾਸਿਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਵਿਕਾਸ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਗੰਭੀਰਤਾ ਅਤੇ ਮਜ਼ਬੂਤ ਜਥੇਬੰਦਕ ਢਾਂਚੇ ਨਾਲ ਚੋਣ ਮੈਦਾਨ ’ਚ ਉਤਰੇਗੀ। ਪਾਰਟੀ ਵਿਚ ਟਿਕਟਾਂ ਦੀ ਵੰਡ ਸਿਰਫ਼ ਮੈਰਿਟ ਦੇ ਆਧਾਰ ’ਤੇ ਹੋਵੇਗੀ। ਕਿਸੇ ਦੀ ਸਿਫ਼ਾਰਸ਼, ਰਿਸ਼ਤੇਦਾਰੀ ਜਾਂ ਨਿੱਜੀ ਨੇੜਤਾ ਨੂੰ ਤਰਜੀਹ ਨਹੀਂ ਦਿੱਤੀ ਜਾਵੇਗੀ। ਜਿਹੜਾ ਆਗੂ ਲੋਕਾਂ ਵਿਚ ਰਹਿ ਕੇ ਕੰਮ ਕਰੇਗਾ, ਪਾਰਟੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਏਗਾ ਅਤੇ ਆਪਣੇ ਹਲਕੇ ਵਿਚ ਲੋਕਾਂ ਦਾ ਭਰੋਸਾ ਜਿੱਤੇਗਾ, ਉਸ ਦੀ ਮਿਹਨਤ ਅਤੇ ਕਾਰਗੁਜ਼ਾਰੀ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਸਮੁੱਚੀ ਜ਼ਿਲ੍ਹਾ ਤਰਨਤਾਰਨ ਕਾਂਗਰਸ ਲੀਡਰਸ਼ਿਪ ਨੂੰ ਇਕਜੁੱਟ ਹੋ ਕੇ 2027 ਦੀਆਂ ਚੋਣਾਂ ਦੀ ਤਿਆਰੀ ਵਿਚ ਜੁਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਿੱਤ ਲਈ ਆਪਸੀ ਏਕਤਾ ਸਭ ਤੋਂ ਵੱਡੀ ਤਾਕਤ ਹੈ। ਪਾਰਟੀ ਦੇ ਹਰ ਆਗੂ ਤੇ ਵਰਕਰ ਨੂੰ ਆਪਣੇ ਨਿੱਜੀ ਮਤਭੇਦ ਪਾਸੇ ਰੱਖ ਕੇ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ’ਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਜ਼ਿਲ੍ਹਾ ਤਰਨਤਾਰਨ ਦੇ ਇਕੱਠ ਨੇ ਪਰਗਟ ਸਿੰਘ ਨੂੰ ਕੀਤਾ ਬਾਗੋਬਾਗ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦੀ ਅਗਵਾਈ ਹੇਠ ਹੋਈ ਇਸ ਵਿਸ਼ਾਲ ਮੀਟਿੰਗ ’ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਵਰਕਰਾਂ ਦੇ ਉਤਸ਼ਾਹ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਵੇਖ ਕੇ ਪਰਗਟ ਸਿੰਘ ਬੇਹੱਦ ਬਾਗੋਬਾਗ ਨਜ਼ਰ ਆਏ। ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਸਮੇਤ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਰਨਤਾਰਨ ਵਿਚ ਕਾਂਗਰਸ ਦੀ ਮਜ਼ਬੂਤੀ ਅਤੇ ਵਰਕਰਾਂ ਦਾ ਜੋਸ਼ ਪਾਰਟੀ ਲਈ ਬਹੁਤ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਵਰਕਰਾਂ ਦੀ ਮਿਹਨਤ ਨੂੰ ਕਦੇ ਵੀ ਅਣਡਿੱਠਾ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਤਰਨਤਾਰਨ ਦੀ ਸਮੁੱਚੀ ਲੀਡਰਸ਼ਿਪ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਦੇ ਆਗੂ ਅਤੇ ਵਰਕਰ ਇਕ ਮੰਚ ’ਤੇ ਖੜ੍ਹੇ ਹੋਣਗੇ ਤਾਂ ਕੋਈ ਵੀ ਤਾਕਤ ਕਾਂਗਰਸ ਦੀ ਜਿੱਤ ਦਾ ਰਾਹ ਨਹੀਂ ਰੋਕ ਸਕੇਗੀ। ਅੰਤ ਵਿਚ ਪਰਗਟ ਸਿੰਘ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੀ ਰਾਜਨੀਤੀ ’ਚ ਨਵਾਂ ਇਤਿਹਾਸ ਸਿਰਜਣਗੀਆਂ। ਪੰਜਾਬ ਦੇ ਲੋਕ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਅਤੇ ਭਾਜਪਾ ਦੀਆਂ ਨੀਤੀਆਂ ਦਾ ਜਵਾਬ ਦੇਣ ਲਈ ਤਿਆਰ ਹਨ। ਕਾਂਗਰਸ ਪਾਰਟੀ ਲੋਕਾਂ ਦੇ ਵਿਸ਼ਵਾਸ, ਵਰਕਰਾਂ ਦੀ ਮਿਹਨਤ ਅਤੇ ਮਜ਼ਬੂਤ ਜਥੇਬੰਦਕ ਏਕਤਾ ਦੇ ਦਮ ’ਤੇ ਰਿਕਾਰਡ ਤੋੜ ਸੀਟਾਂ ਜਿੱਤ ਕੇ ਪੰਜਾਬ ’ਚ ਮਜ਼ਬੂਤ ਸਰਕਾਰ ਬਣਾਏਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਬੀਰ ਸਿੰਘ ਗਿੱਲ ਡਿੰਪਾ ਸਾਬਕਾ ਮੈਂਬਰ ਪਾਰਲੀਮੈਂਟ, ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਸਾਬਕਾ ਕੈਬਨਿਟ ਮੰਤਰੀ, ਸੁਨੀਲ ਦੱਤੀ ਸਾਬਕਾ ਵਿਧਾਇਕ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ, ਰਮਨਜੀਤ ਸਿੰਘ ਸਿੱਕੀ ਸਾਬਕਾ ਵਿਧਾਇਕ, ਸੁਖਪਾਲ ਸਿੰਘ ਭੁੱਲਰ ਸਾਬਕਾ ਵਿਧਾਇਕ, ਹਰਮਿੰਦਰ ਸਿੰਘ ਗਿੱਲ ਸਾਬਕਾ ਵਿਧਾਇਕ, ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ, ਦਵਿੰਦਰ ਸਿੰਘ ਲਾਲੀ ਢਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੀਨੀਅਰ ਆਗੂ, ਬਲਾਕ ਪ੍ਰਧਾਨ, ਮੰਡਲ ਪ੍ਰਧਾਨ, ਬੀਐੱਲਏ ਅਤੇ ਵਰਕਰ ਹਾਜ਼ਰ ਸਨ। ਅਖੀਰ ’ਚ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵੱਲੋਂ ਸੀਨੀਅਰ ਲੀਡਰਸ਼ਿਪ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਆਗੂਆਂ, ਬਲਾਕ ਪ੍ਰਧਾਨ ਅਤੇ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਦੇ ਉਦਮ ਸਦਕਾ ਇਹ ਵਿਸ਼ਾਲ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ।