‘ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ’ਤੇ ਲੋਕਾਂ ਦਾ ਭਰੋਸਾ ਵਧਿਆ : ਜੱਸਾ ਪੱਟੀ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ’ਤੇ ਲੋਕਾਂ ਦਾ ਭਰੋਸਾ ਵਧਿਆ : ਜੱਸਾ ਪੱਟੀ
Publish Date: Thu, 19 Nov 2026 05:44 PM (IST)
Updated Date: Thu, 19 Nov 2026 05:45 PM (IST)
ਹਲਕਾ ਪੱਟੀ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਵਚਨਬੱਧ : ਜਸਕੰਵਰ ਸਿੰਘ ਗਿੱਲ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਹਲਕਾ ਪੱਟੀ ਦੇ ਪਿੰਡ ਸਭਰਾ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ‘ਲੋਕ ਮਿਲਣੀ’ ਦੀ ਇਤਿਹਾਸਕ ਤੇ ਸ਼ਾਨਦਾਰ ਸਫਲਤਾ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਹਲਕਾ ਪੱਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ‘ਆਪ’ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ ਕੀਤੀ। ਇਸ ਦੌਰਾਨ ਲੋਕ ਮਿਲਣੀ ਪ੍ਰੋਗਰਾਮ ਨੂੰ ਮਿਲੇ ਭਰਵੇਂ ਹੁੰਗਾਰੇ ਤੇ ਲੋਕਾਂ ਦੇ ਵੱਡੇ ਇਕੱਠ ਨੂੰ ਲੈ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੁੱਚੀ ਟੀਮ ਦੀ ਮਿਹਨਤ ਤੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ’ਚ ਹਲਕਾ ਪੱਟੀ ਸਮੇਤ ਪੂਰੇ ਮਾਝੇ ਦੇ ਲੋਕਾਂ ਨੇ ਜਿਸ ਉਤਸ਼ਾਹ ਤੇ ਪਿਆਰ ਨਾਲ ਸ਼ਮੂਲੀਅਤ ਕੀਤੀ ਹੈ। ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਲੋਕ ਮਿਲਣੀ ਸਿਰਫ਼ ਇਕ ਸਿਆਸੀ ਸਮਾਗਮ ਨਹੀਂ ਸੀ, ਸਗੋਂ ਇਹ ਲੋਕਾਂ ਤੇ ਸਰਕਾਰ ਵਿਚਕਾਰ ਸਿੱਧਾ ਸੰਵਾਦ ਸਥਾਪਿਤ ਕਰਨ ਦਾ ਇਕ ਮਹੱਤਵਪੂਰਨ ਉਪਰਾਲਾ ਸੀ, ਜਿਸ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਮੁੱਖ ਮੰਤਰੀ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਸਭਰਾ ਵਿਖੇ ਕੀਤੇ ਗਏ ਵੱਡੇ ਐਲਾਨ, ਖਾਸ ਕਰਕੇ ਹਲਕਾ ਪੱਟੀ ’ਚ ਲੜਕੀਆਂ ਲਈ ਮੈਡੀਕਲ ਕਾਲਜ ਬਣਾਉਣ ਦਾ ਐਲਾਨ, ਇਲਾਕੇ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਸਾਬਿਤ ਹੋਵੇਗਾ। ਇਸ ਨਾਲ ਨਾ ਸਿਰਫ਼ ਪੱਟੀ ਹਲਕੇ ਸਗੋਂ ਆਸ-ਪਾਸ ਦੇ ਇਲਾਕਿਆਂ ਦੀਆਂ ਵਿਦਿਆਰਥਣਾਂ ਨੂੰ ਵੀ ਉੱਚ ਪੱਧਰੀ ਮੈਡੀਕਲ ਸਿੱਖਿਆ ਪ੍ਰਾਪਤ ਕਰਨ ਦੇ ਨਵੇਂ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਇਹ ਐਲਾਨ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ’ਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਿਹਤ, ਸਿੱਖਿਆ, ਸੜਕਾਂ, ਬਿਜਲੀ ਅਤੇ ਲੋਕ ਭਲਾਈ ਦੇ ਖੇਤਰਾਂ ’ਚ ਕੀਤੇ ਜਾ ਰਹੇ ਉਪਰਾਲਿਆਂ ਦਾ ਲਾਭ ਆਮ ਲੋਕਾਂ ਤਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਸਿਆਸਤ ਨੂੰ ਲੋਕ ਸੇਵਾ ਦਾ ਮਾਧਿਅਮ ਬਣਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੈ। ਮੀਟਿੰਗ ਦੌਰਾਨ ਹਲਕਾ ਪੱਟੀ ਦੇ ਸਰਬਪੱਖੀ ਵਿਕਾਸ, ਪਿੰਡਾਂ ਤੇ ਸ਼ਹਿਰਾਂ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਲੋਕਾਂ ਦੀਆਂ ਲੋੜਾਂ ਨੂੰ ਲੈ ਕੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਸਮੂਹ ਪਾਰਟੀ ਅਹੁਦੇਦਾਰਾਂ, ਪੰਚਾਂ, ਸਰਪੰਚਾਂ, ਕੌਂਸਲਰਾਂ, ਪਿੰਡਾਂ ਦੇ ਮੋਹਤਬਾਰਾਂ ਅਤੇ ਵਲੰਟੀਅਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਮਿਲਣੀ ਦੀ ਸਫ਼ਲਤਾ ਪੂਰੀ ਟੀਮ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹਲਕਾ ਪੱਟੀ ਦੇ ਸਮੂਹ ਨਿਵਾਸੀਆਂ ਵੱਲੋਂ ਦਿਖਾਏ ਗਏ ਪਿਆਰ, ਵਿਸ਼ਵਾਸ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ। ਜੱਸਾ ਪੱਟੀ ਨੇ ਅੰਤ ’ਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਹਲਕਾ ਪੱਟੀ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।