25 ਤੱਕ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਟਰੇਨਿੰਗ ਸ਼ੁਰੂ ਨਾ ਹੋਈ ਤਾਂ ਪੰਜਾਬ ਸਰਕਾਰ ਖ਼ਿਲਾਫ਼ ਵਿੱਢਿਆ ਜਾਵੇਗਾ ਵੱਡਾ ਸੰਘਰਸ਼ 25 ਤਕ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਟਰੇਨਿੰਗ ਸ਼ੁਰੂ ਨਾ ਹੋਈ ਤਾਂ ਪੰਜਾਬ ਸਰਕਾਰ ਖ਼ਿਲਾਫ਼ ਵਿੱਢਿਆ ਜਾਵੇਗਾ ਵੱਡਾ ਸੰਘਰਸ਼
Publish Date: Thu, 19 Nov 2026 05:50 PM (IST)
Updated Date: Thu, 19 Nov 2026 05:52 PM (IST)
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਸੂਬੇ ਭਰ ’ਚ ਡੀਸੀ ਰਾਹੀਂ ਮੁੱਖ ਮੰਤਰੀ ਦੇ ਨਾਂ ਭੇਜੇ ਚੇਤਾਵਨੀ ਪੱਤਰ, ਡੇਢ ਲੱਖ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕਾਨੂੰਨੀ ਅਧਿਕਾਰ ਦੇਣ ਦੀ ਕੀਤੀ ਮੰਗ ਸਤਨਾਮ ਸਿੰਘ ਚੀਮਾ•, ਪੰਜਾਬੀ ਜਾਗਰਣ ਘਰਿਆਲਾ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟਰਡ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ’ਚ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਵਫ਼ਦਾਂ ਵੱਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਚੇਤਾਵਨੀ ਪੱਤਰ ਭੇਜੇ ਗਏ। ਐਸੋਸੀਏਸ਼ਨ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 25 ਨਵੰਬਰ ਤਕ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਟ੍ਰੇਨਿੰਗ ਸ਼ੁਰੂ ਕਰਵਾਉਣ ਲਈ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਜ਼ਿਲ੍ਹਾ ਤਰਨਤਾਰਨ ’ਚ ਸੂਬਾਈ ਆਗੂ ਸੁਖਚੈਨ ਸਿੰਘ ਬੋਪਾਰਾਏ ਅਤੇ ਗੁਰਜੀਤ ਸਿੰਘ ਦੁਬਲੀ ਤੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਚੀਮਾ ਦੀ ਅਗਵਾਈ ਹੇਠ ਵਫ਼ਦ ਨੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂ ਚੇਤਾਵਨੀ ਪੱਤਰ ਭੇਜਿਆ। ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਰੀਬ ਡੇਢ ਲੱਖ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕੰਮ ਕਰਨ ਦਾ ਕਾਨੂੰਨੀ ਅਧਿਕਾਰ ਦਿਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸੂਬੇ ਦੀਆਂ ਵੱਖ-ਵੱਖ ਸਰਕਾਰਾਂ ਨੇ ਉਨ੍ਹਾਂ ਦੀ ਮੰਗ ਨੂੰ ਜਾਇਜ਼ ਮੰਨਦਿਆਂ ਕਈ ਵਾਰ ਇਸ ਮਸਲੇ ਦਾ ਹੱਲ ਕਰਨ ਦੇ ਵਾਅਦੇ ਕੀਤੇ ਹਨ ਪਰ ਅੱਜ ਤਕ ਕੋਈ ਠੋਸ ਕਾਰਵਾਈ ਨਹੀਂ ਹੋਈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸੱਤਾ ’ਚ ਆਉਣ ਤੋਂ ਬਾਅਦ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਆਗੂਆਂ ਨੇ ਦੱਸਿਆ ਕਿ 26 ਨਵੰਬਰ 2024 ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸੂਬਾਈ ਲੀਡਰਸ਼ਿਪ ਨਾਲ ਹੋਈ ਪੈਨਲ ਮੀਟਿੰਗ ਅਤੇ 16 ਅਪ੍ਰੈਲ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਟ੍ਰੇਨਿੰਗ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਇਸੇ ਲੜੀ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਤਿੰਦਰ ਕੌਰ ਵੱਲੋਂ 21 ਜੁਲਾਈ 2026 ਨੂੰ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਸਰਕੂਲਰ ਜਾਰੀ ਕਰਕੇ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਵਿੱਦਿਅਕ ਯੋਗਤਾ ਅਤੇ ਤਜ਼ਰਬੇ ਸਬੰਧੀ ਜਾਣਕਾਰੀ ਇਕੱਠੀ ਕਰਨ ਲਈ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ ਗਏ ਸਨ। ਐਸੋਸੀਏਸ਼ਨ ਅਨੁਸਾਰ ਇਸ ਤੋਂ ਬਾਅਦ ਹਜ਼ਾਰਾਂ ਮੈਂਬਰਾਂ ਦੇ ਲੋੜੀਂਦੇ ਦਸਤਾਵੇਜ਼ ਸਿਵਲ ਸਰਜਨ ਦਫ਼ਤਰਾਂ ’ਚ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਪਰ ਕਰੀਬ ਢਾਈ ਮਹੀਨੇ ਬੀਤ ਜਾਣ ਦੇ ਬਾਵਜੂਦ ਟ੍ਰੇਨਿੰਗ ਸ਼ੁਰੂ ਕਰਵਾਉਣ ਦੀ ਦਿਸ਼ਾ ’ਚ ਕੋਈ ਕਦਮ ਨਹੀਂ ਚੁੱਕਿਆ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਮਾਮਲੇ ’ਚ ਕੋਈ ਸੰਤੋਸ਼ਜਨਕ ਜਵਾਬ ਵੀ ਨਹੀਂ ਦਿੱਤਾ ਜਾ ਰਿਹਾ ਅਤੇ ਸਿਰਫ਼ ਭਰੋਸੇ ਦੇ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਇਕ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਦੌਰਾਨ ਸਪੀਕਰ ਨੇ ਸਿਹਤ ਮੰਤਰੀ, ਵਿੱਤ ਮੰਤਰੀ ਤੇ ਸਿਹਤ ਵਿਭਾਗ ਦੇ ਡਾਇਰੈਕਟਰ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਜਲਦ ਟ੍ਰੇਨਿੰਗ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਸੀ। ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਜਦੋਂ ਤਕ ਟ੍ਰੇਨਿੰਗ ਸ਼ੁਰੂ ਨਹੀਂ ਹੁੰਦੀ, ਉਦੋਂ ਤਕ ਸੂਬਾ ਕਮੇਟੀ ਵੱਲੋਂ ਐਲਾਨਿਆ ਗਿਆ ਸੰਘਰਸ਼ ਪ੍ਰੋਗਰਾਮ ਜਾਰੀ ਰਹੇਗਾ। ਜੇਕਰ 25 ਨਵੰਬਰ ਤਕ ਸਰਕਾਰ ਨੇ ਕੋਈ ਸਾਰਥਕ ਕਦਮ ਨਾ ਚੁੱਕਿਆ ਤਾਂ ਸੂਬੇ ਭਰ ’ਚ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਸਿਆਸੀ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭੁਗਤਣਾ ਪਵੇਗਾ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਗੁਰਮੇਜ ਸਿੰਘ ਬੱਠੇ ਭੈਣੀ, ਜ਼ਿਲ੍ਹਾ ਕੈਸ਼ੀਅਰ ਸੁਖਵਿੰਦਰ ਸਿੰਘ ਦੁਬਲੀ, ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਵਲਟੋਹਾ, ਬਲਾਕ ਕੈਸ਼ੀਅਰ ਡਾ. ਬਲਵਿੰਦਰ ਸਿੰਘ ਕੋਟਲੀ, ਡਾ. ਪ੍ਰਭਜੀਤ ਸਿੰਘ ਕਾਲੇਕੇ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।