ਯਾਦਗਾਰੀ ਹੋ ਨਿਬੜਿਆ ਬ੍ਰਿਟਿਸ਼ ਵਿਕਟੋਰੀਆ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿਬੜਿਆ ਬ੍ਰਿਟਿਸ਼ ਵਿਕਟੋਰੀਆ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ
Publish Date: Thu, 19 Nov 2026 06:06 PM (IST)
Updated Date: Thu, 19 Nov 2026 06:07 PM (IST)
ਵਿਦਿਆਰਥੀਆਂ ਨੇ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ, ਸਮਾਜਿਕ ਸਰੋਕਾਰਾਂ ਤੇ ਆਧੁਨਿਕ ਤਕਨੀਕ ਦਾ ਦਿੱਤਾ ਸੁਨੇਹਾ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦਾ ਸੱਤਵਾਂ ਸਥਾਪਨਾ ਦਿਵਸ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਹਾਰਟ ਐਂਡ ਬਾਈਟ ਇਮੋਸ਼ਨਜ਼ ਟੂ ਏਆਈ’ ਦੇ ਬੈਨਰ ਹੇਠ ਬੜੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਦਿਲਕਸ਼ ਪੇਸ਼ਕਾਰੀਆਂ, ਸਮਾਜਿਕ ਸਰੋਕਾਰਾਂ ਨੂੰ ਦਰਸਾਉਂਦੀਆਂ ਨਾਟਕੀ ਪੇਸ਼ਕਾਰੀਆਂ ਤੇ ਸ਼ਾਨਦਾਰ ਪ੍ਰਾਪਤੀਆਂ ਲਈ ਵਿਦਿਆਰਥੀਆਂ ਦੇ ਸਨਮਾਨ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦਾ ਸ਼ੁਭ ਅਰੰਭ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਮੈਨੇਜਿੰਗ ਡਾਇਰੈਕਟਰ ਸਾਹਿਲ ਪੱਬੀ ਅਤੇ ਪ੍ਰਿੰਸੀਪਲ ਕੋਮਲ ਸ਼ਰਮਾ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਨੇ ਰਸਭਿੰਨੇ ਸ਼ਬਦ ਗਾਇਨ ਰਾਹੀਂ ਪ੍ਰਮਾਤਮਾ ਦਾ ਓਟ-ਆਸਰਾ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਨਾਟਕ ਹਨੇਰੇ ਤੋਂ ਚਾਨਣ ਵੱਲ ਰਿਹਾ, ਜਿਸ ਰਾਹੀਂ ਪੰਜਾਬ ਦੀਆਂ ਮੌਜੂਦਾ ਸਮਾਜਿਕ ਸਮੱਸਿਆਵਾਂ, ਨਸ਼ਿਆਂ ਦੇ ਵਧ ਰਹੇ ਰੁਝਾਨ ਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਬਾਖੂਬੀ ਉਭਾਰਿਆ ਗਿਆ। ਇਸ ਦੇ ਨਾਲ ਹੀ ਆਰਟੀਫੀਸ਼ੀਅਲ ਇੰਟੈਲੀਜੈਂਸ ਏਆਈ ਦੀ ਮਦਦ ਨਾਲ ਖੇਤੀਬਾੜੀ ਨੂੰ ਆਧੁਨਿਕ ਅਤੇ ਲਾਹੇਵੰਦ ਬਣਾਉਣ ’ਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਦਾ ਸੰਦੇਸ਼ ਵੀ ਦਿੱਤਾ ਗਿਆ। ਵਿਦਿਆਰਥੀਆਂ ਵੱਲੋਂ ਗਤਕਾ, ਗਿੱਧਾ, ਭੰਗੜਾ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਪੇਸ਼ ਕੀਤੀ ਗਈ, ਜਿਸ ਨੂੰ ਦਰਸ਼ਕਾਂ ਵੱਲੋਂ ਭਰਪੂਰ ਸਰਾਹਿਆ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ’ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਇਨਾਮ ਤੇ ਸਨਮਾਨ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਸਾਹਿਲ ਪੱਬੀ ਨੇ ਆਪਣੇ ਸੰਬੋਧਨਾਂ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਵੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਜੀਵਨ ਵਿਚ ਸਫ਼ਲਤਾ ਦੀਆਂ ਨਵੀਆਂ ਮੰਜ਼ਿਲਾਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ’ਚ ਪ੍ਰਿੰਸੀਪਲ ਕੋਮਲ ਸ਼ਰਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸੰਸਥਾ ਦੀਆਂ ਵਿੱਦਿਅਕ ਤੇ ਹੋਰ ਖੇਤਰਾਂ ਵਿਚ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸਮਾਗਮ ’ਚ ਸ਼ਾਮਿਲ ਹੋਏ ਮਹਿਮਾਨਾਂ, ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਅਧਿਆਪਕ ਗੁਰਜਿੰਦਰ ਸਿੰਘ ਰੰਧਾਵਾ, ਗਾਰਗੀ ਜੈਸਵਾਲ, ਭੂਮਿਕਾ ਰਾਵਲਾ ਅਤੇ ਵਿਦਿਆਰਥਣਾਂ ਸੁਖਮਨ ਕੌਰ, ਹਰਨੂਰ ਕੌਰ ਤੇ ਮਨਦੀਪ ਕੌਰ ਨੇ ਬਾਖੂਬੀ ਨਿਭਾਈ। ਸਮਾਗਮ ਖੁਸ਼ੀ, ਉਤਸ਼ਾਹ ਅਤੇ ਯਾਦਗਾਰੀ ਪਲਾਂ ਦੀਆਂ ਅਮਿਟ ਪੈੜਾਂ ਛੱਡਦਾ ਹੋਇਆ ਸਫਲਤਾ ਪੂਰਵਕ ਸੰਪੰਨ ਹੋਇਆ।