ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ ਤੇ ਸਮਾਨਤਾ ਦਾ ਸੰਦੇਸ਼ ਦਿੰਦੀਆਂ- ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ ਤੇ ਸਮਾਨਤਾ ਦਾ ਸੰਦੇਸ਼ ਦਿੰਦੀਆਂ- ਸੰਧੂ
Publish Date: Fri, 20 Nov 2026 08:12 PM (IST)
Updated Date: Fri, 20 Nov 2026 08:13 PM (IST)
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ ਤੇ ਸਮਾਨਤਾ ਦਾ ਸੰਦੇਸ਼ ਦਿੰਦੀਆਂ : ਸੰਧੂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਕਲਪ ਯਾਤਰਾ ਦਾ ਤਰਨਤਾਰਨ ਪਹੁੰਚਣ ’ਤੇ ਭਰਵਾਂ ਸਵਾਗਤ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ ਤਰਨਤਾਰਨ : ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵੱਲੋਂ ਦੇਸ਼ ਭਰ ’ਚ ਪੂਰੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਸਮਰਸਤਾ ਸੰਕਲਪ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ, ਸਮਾਜਿਕ ਬਰਾਬਰੀ, ਏਕਤਾ, ਭਾਈਚਾਰਕ ਸਾਂਝ ਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਲੋਕਾਂ ਤਕ ਪਹੁੰਚਾਉਣਾ ਹੈ। ਇਸ ਮੌਕੇ ਸਮਾਗਮ ’ਚ ਵਿਸ਼ੇਸ਼ ਮਹਿਮਾਨ ਵਜੋਂ ਭਾਰਤੀ ਜਨਤਾ ਪਾਰਟੀ ਐੱਸਸੀ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸਵੇਸ਼ ਕੁਮਾਰ, ਪ੍ਰਦੇਸ਼ ਮਹਾਮੰਤਰੀ ਰਜਨੀਸ਼ ਧੀਮਾਨ, ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਪ੍ਰਦੇਸ਼ ਸਕੱਤਰ ਸੂਰਜ ਭਾਰਦਵਾਜ, ਗੁਜਰਾਤ ਦੇ ਮਹਾਮੰਤਰੀ ਦੇਵ ਕੇਵਲ ਵਰਮਾ, ਉੱਤਰਾਖੰਡ ਦੇ ਰਾਜ ਮੰਤਰੀ ਦੇਸਰਾਜ ਕਰਨਵਾਲ ਸਮੇਤ ਭਾਜਪਾ ਦੀ ਰਾਸ਼ਟਰੀ ਤੇ ਸੂਬਾਈ ਲੀਡਰਸ਼ਿਪ ਦੇ ਕਈ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਹੁੰਦੀ ਹੋਈ ਸਮਰਸਤਾ ਸੰਕਲਪ ਯਾਤਰਾ ਸ਼ੁਕਰਵਾਰ ਨੂੰ ਜ਼ਿਲ੍ਹਾ ਤਰਨਤਾਰਨ ਪਹੁੰਚੀ। ਇੱਥੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਤੇ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਅਤੇ ਜ਼ਿਲ੍ਹਾ ਇੰਚਾਰਜ ਨਰੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਹਲਕਾ ਇੰਚਾਰਜ ਤਰਨਤਾਰਨ ਹਰਜੀਤ ਸਿੰਘ ਸੰਧੂ ਸਮੇਤ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਸੰਕਲਪ ਲਿਆ ਗਿਆ। ਹਰਜੀਤ ਸਿੰਘ ਸੰਧੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਬਾਣੀ ਤੇ ਉਨ੍ਹਾਂ ਵੱਲੋਂ ਦਰਸਾਇਆ ਗਿਆ ਮਾਰਗ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਜਾਤ-ਪਾਤ, ਊਚ-ਨੀਚ, ਭੇਦਭਾਵ ਤੇ ਸਮਾਜਿਕ ਵੰਡੀਆਂ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਤਿਕਾਰ ਤੇ ਭਾਈਚਾਰਕ ਸਾਂਝ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਹਲਕਾ ਖੇਮਕਰਨ ਤੋ ਪ੍ਰਦੇਸ਼ ਕਾਰਜਕਾਰੀ ਮੈਂਬਰ ਦਲਬੀਰ ਸਿੰਘ ਅਲਗੋਂ ਕੋਠੀ, ਖਡੂਰ ਸਾਹਿਬ ਹਲਕੇ ਤੋ ਪ੍ਰਦੇਸ਼ ਕਾਰਜਕਾਰੀ ਕਮੇਟੀ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਜੀਵਨ ਤੇ ਬਾਣੀ ਰਾਹੀਂ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜਿੱਥੇ ਹਰ ਮਨੁੱਖ ਨੂੰ ਬਰਾਬਰ ਦਾ ਸਤਿਕਾਰ ਅਤੇ ਅਧਿਕਾਰ ਮਿਲੇ, ਕਿਸੇ ਨਾਲ ਕੋਈ ਵਿਤਕਰਾ ਨਾ ਹੋਵੇ ਤੇ ਹਰ ਵਿਅਕਤੀ ਨੂੰ ਸਨਮਾਨ ਨਾਲ ਜੀਵਨ ਜਿਊਣ ਦਾ ਮੌਕਾ ਮਿਲੇ। ਉਨ੍ਹਾਂ ਦਾ ਪ੍ਰਸਿੱਧ ਸੰਦੇਸ਼ ‘ਬੇਗਮਪੁਰਾ ਸ਼ਹਿਰ ਕੋ ਨਾਉ’ ਅੱਜ ਵੀ ਸਮਾਨਤਾ, ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਸੰਧੂ ਨੇ ਸਮੁੱਚੀ ਸੰਗਤ ਅਤੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਬਾਣੀ ਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ। ਆਪਣੇ ਮਨਾਂ ’ਚੋਂ ਨਫ਼ਰਤ, ਭੇਦਭਾਵ ਤੇ ਊਚ-ਨੀਚ ਦੀ ਭਾਵਨਾ ਨੂੰ ਖ਼ਤਮ ਕਰਕੇ ਪਿਆਰ, ਸੇਵਾ ਤੇ ਭਾਈਚਾਰੇ ਦਾ ਸੰਦੇਸ਼ ਅੱਗੇ ਵਧਾਉਣ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਮਹਾਂਪੁਰਖਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਕਲਪ ਕਰੀਏ ਤਾਂ ਇਕ ਮਜ਼ਬੂਤ, ਖੁਸ਼ਹਾਲ, ਸਮਾਨਤਾਪੂਰਨ ਤੇ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਅੰਤ ’ਚ ਉਨ੍ਹਾਂ ਸਮਰਸਤਾ ਸੰਕਲਪ ਯਾਤਰਾ ’ਚ ਸ਼ਾਮਲ ਸੂਬਾਈ ਲੀਡਰਸ਼ਿਪ, ਜ਼ਿਲ੍ਹਾ ਤਰਨਤਾਰਨ ਦੇ ਸਮੂਹ ਆਗੂਆਂ, ਵਰਕਰਾਂ ਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਤੇ ਸਮਾਜਿਕ ਉਪਰਾਲੇ ਸਮਾਜ ਨੂੰ ਜੋੜਨ ਅਤੇ ਮਹਾਂਪੁਰਖਾਂ ਦੀ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਤੇ ਜਿਲਾ ਟੀਮ, ਜਰਨਲ ਸਕੱਤਰ,ਪ੍ਰਦੇਸ਼ ਕਾਰਜਕਾਰਨੀ ਮੈਂਬਰ, ਮੋਰਚਿਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਜ਼ਿਲ੍ਹੇ ਚੋਂ ਸੈਂਕੜੇ ਆਗੂ ਮੌਜੂਦ ਸਨ।