ਨਸ਼ਾ ਤਸਕਰਾਂ ਖ਼ਿਲਾਫ਼ ਜਾਰੀ ਰਹੇਗੀ ਸਖ਼ਤ ਕਾਰਵਾਈ : ਵਿਧਾਇਕ ਧੁੰਨ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ
Publish Date: Sat, 21 Nov 2026 04:49 PM (IST)
Updated Date: Sat, 21 Nov 2026 04:52 PM (IST)
ਕਿਹਾ, ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਤੇ ਮੁੜ ਵਸੇਬੇ ਵੱਲ ਵੀ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ ਰਾਜਵਿੰਦਰ ਸਿੰਘ ਰਾਜੂ, •ਪੰਜਾਬੀ ਜਾਗਰਣ ਵਲਟੋਹਾ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ ਅਤੇ ਇਸ ਮਕਸਦ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਵਿਧਾਇਕ ਧੁੰਨ ਨੇ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਸਰਕਾਰੀ ਮੁਹਿੰਮ ਤਕ ਸੀਮਤ ਨਾ ਰੱਖ ਕੇ ਲੋਕ ਲਹਿਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾ ਕੇ ਸਿੱਖਿਆ, ਖੇਡਾਂ ਤੇ ਰੁਜ਼ਗਾਰ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਇਲਾਜ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਮੁੜ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ’ਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ। ਜੇਕਰ ਕਿਸੇ ਇਲਾਕੇ ਵਿਚ ਨਸ਼ਾ ਵੇਚਣ ਜਾਂ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਬਾਰੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਨਾਲ-ਨਾਲ ਮਾਪਿਆਂ, ਅਧਿਆਪਕਾਂ, ਪੰਚਾਇਤਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਸਾਡਾ ਮਕਸਦ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨਾ ਹੀ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਦੇਣਾ ਵੀ ਹੈ। ਵਿਧਾਇਕ ਧੁੰਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਲਗਾਤਾਰ ਜਾਰੀ ਰਹੇਗੀ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।