ਤਰਨਤਾਰਨ ਗੋਲ਼ੀ ਕਾਂਡ ਮਾਮਲੇ ’ਚ ਭਾਜਪਾ ਆਗੂਆਂ ਨੇ ਤਿੰਨ ਘੰਟੇ ਤਕ ਦਿੱਤਾ ਜ਼ੋਰਦਾਰ ਧਰਨਾ ਤਰਨਤਾਰਨ ਗੋਲੀਕਾਂਡ ਮਾਮਲੇ ’ਚ ਭਾਜਪਾ ਆਗੂਆਂ ਨੇ ਤਿੰਨ ਘੰਟੇ ਤਕ ਦਿੱਤਾ ਜ਼ੋਰਦਾਰ ਧਰਨਾ
Publish Date: Sat, 21 Nov 2026 08:07 PM (IST)
Updated Date: Sat, 21 Nov 2026 08:10 PM (IST)
ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤੀ ਧਰਨੇ ’ਚ ਸ਼ਮੂਲੀਅਤ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਤਰਨਤਾਰਨ ’ਚ ਦਿਨ-ਦਿਹਾੜੇ ਗੋਲ਼ੀਆਂ ਚਲਾ ਕੇ ਨੌਜਵਾਨ ਸੁਖਰਾਜ ਸਿੰਘ ਦਾ ਕਤਲ ਕਰਨ ਅਤੇ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਘਟਨਾ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਿਵਲ ਹਸਪਤਾਲ ਤਰਨਤਾਰਨ ਦੇ ਬਾਹਰ ਤਿੰਨ ਘੰਟੇ ਤਕ ਜ਼ੋਰਦਾਰ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਹਰਜੀਤ ਸਿੰਘ ਸੰਧੂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਧਰਨਾਕਾਰੀਆਂ ਵੱਲੋਂ ਪੰਜਾਬ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਸੁਖਰਾਜ ਸਿੰਘ ਦਾ ਕਤਲ ਬਹੁਤ ਹੀ ਦੁਖਦਾਈ ਘਟਨਾ ਹੈ, ਜਿਸ ਨੇ ਸਮੁੱਚੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਾਪਰ ਰਹੀਆਂ ਗੋਲੀਬਾਰੀ, ਕਤਲ ਅਤੇ ਗੈਂਗਸਟਰਵਾਦ ਨਾਲ ਜੁੜੀਆਂ ਘਟਨਾਵਾਂ ਆਮ ਲੋਕਾਂ ਦੀ ਸੁਰੱਖਿਆ ਸਬੰਧੀ ਗੰਭੀਰ ਚਿੰਤਾ ਪੈਦਾ ਕਰਦੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਸੰਧੂ ਨੇ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਇਸ ਘਟਨਾ ਤੋਂ ਪਹਿਲਾਂ ਵੀ ਸਬੰਧਤ ਵਿਵਾਦ ਬਾਰੇ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਸੀ, ਪਰ ਕਥਿਤ ਤੌਰ ਉੱਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਦੀਆਂ ਪਹਿਲਾਂ ਦਿੱਤੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਪੁਲਿਸ ਅਧਿਕਾਰੀ ਦੀ ਅਣਗਹਿਲੀ ਸਾਬਤ ਹੁੰਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਧਰਨੇ ਦੌਰਾਨ ਜ਼ਿਲ੍ਹੇ ਦੇ ਐੱਸਪੀ, ਡੀਐੱਸਪੀ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚੇ। ਭਾਜਪਾ ਆਗੂਆਂ ਮੁਤਾਬਕ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਪੀੜਤ ਪਰਿਵਾਰ ਨੂੰ ਜ਼ੁਬਾਨੀ ਤੌਰ ਉੱਤੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ, ਪਰ ਪਰਿਵਾਰ ਅਤੇ ਧਰਨਾਕਾਰੀਆਂ ਨੇ ਸਿਰਫ਼ ਭਰੋਸਿਆਂ ਦੀ ਬਜਾਏ ਠੋਸ ਕਾਰਵਾਈ ਦੀ ਮੰਗ ਉੱਤੇ ਜ਼ੋਰ ਦਿੱਤਾ। ਸੰਧੂ ਨੇ ਦਾਅਵਾ ਕੀਤਾ ਕਿ ਲਗਾਤਾਰ ਤਿੰਨ ਘੰਟੇ ਚੱਲੇ ਧਰਨੇ ਅਤੇ ਪੀੜਤ ਪਰਿਵਾਰ ਦੀਆਂ ਮੰਗਾਂ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੇ ਐੱਸਐੱਚਓ ਪਰਮਜੀਤ ਸਿੰਘ ਵਿਰਦੀ ਨੂੰ ਲਾਈਨ ਹਾਜ਼ਰ ਕੀਤਾ ਗਿਆ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਤੇ ਐੱਫਆਈਆਰ ਦਰਜ ਕਰਨ ਦੀ ਕਾਰਵਾਈ ਹੋਈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੀੜਤ ਪਰਿਵਾਰ ਦੇ ਸੰਘਰਸ਼ ਦਾ ਮਹੱਤਵਪੂਰਨ ਪੜਾਅ ਹੈ, ਪਰ ਅਸਲ ਇਨਸਾਫ਼ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਕਾਨੂੰਨੀ ਕਾਰਵਾਈ ਪੂਰੀ ਹੋਣ ਨਾਲ ਹੀ ਮਿਲੇਗਾ। ਇਸ ਧਰਨੇ ਵਿਚ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਕਾਰਜਕਾਰਨੀ ਕਮੇਟੀ ਮੈਂਬਰ ਸਰਦਾਰ ਰਮਨਦੀਪ ਸਿੰਘ ਭਰੋਵਾਲ, ਦਿਨੇਸ਼ ਜੋਸ਼ੀ, ਸੁਰਜੀਤ ਸਿੰਘ ਸਾਗਰ, ਜ਼ਿਲ੍ਹਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਅਤੇ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਪਰਿਵਾਰ ਦੇ ਨਾਲ ਖੜ੍ਹੀ ਹੈ ਭਾਜਪਾ : ਸੰਧੂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੀੜਤ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਿਰਫ਼ ਤਿੰਨ ਘੰਟਿਆਂ ਦੇ ਧਰਨੇ ਤਕ ਸੀਮਤ ਨਹੀਂ ਰਹੇਗਾ। ਜਦੋਂ ਤੱਕ ਸੁਖਰਾਜ ਸਿੰਘ ਦੇ ਕਤਲ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਨਹੀਂ ਲਿਆਂਦਾ ਜਾਂਦਾ, ਉਦੋਂ ਤੱਕ ਪਾਰਟੀ ਪਰਿਵਾਰ ਦੀ ਇਨਸਾਫ਼ ਦੀ ਮੰਗ ਦਾ ਸਮਰਥਨ ਕਰਦੀ ਰਹੇਗੀ।