ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਸ਼ਰਧਾ ਨਾਲ ਹੋਇਆ ਹਫ਼ਤਾਵਾਰੀ ਚੁਪਹਿਰਾ ਸਮਾਗਮ ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਸ਼ਰਧਾ ਨਾਲ ਹੋਇਆ ਹਫ਼ਤਾਵਾਰੀ ਚੁਪਹਿਰਾ ਸਮਾਗਮ
Publish Date: Sun, 22 Nov 2026 06:34 PM (IST)
Updated Date: Sun, 22 Nov 2026 06:37 PM (IST)
ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਸ਼ਰਧਾ ਨਾਲ ਹੋਇਆ ਹਫ਼ਤਾਵਾਰੀ ਚੁਪਹਿਰਾ ਸਮਾਗਮ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਇਤਿਹਾਸਿਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ ਵਿਖੇ ਐਤਵਾਰ ਨੂੰ ਹਫ਼ਤਾਵਾਰੀ ਚੁਪਹਿਰਾ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਤੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਸੰਗਤ ਨੂੰ ਸਮੂਹਿਕ ਪਾਠ ਕਰਵਾਉਣ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਹਰ ਐਤਵਾਰ ਨੂੰ ਚੁਪਹਿਰਾ ਸਮਾਗਮ ਹੁੰਦਾ ਹੈ ਅਤੇ ਹਰ ਹਫ਼ਤੇ ਇਥੇ ਵੱਡੀ ਗਿਣਤੀ ਸੰਗਤ ਹਾਜ਼ਰੀ ਭਰਨ ਲਈ ਪਹੁੰਚਦੀ ਹੈ। ਸ਼ਰਧਾਲੂਆਂ ਦੀ ਭਾਰੀ ਆਮਦ ਦੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਪ੍ਰਕਾਰ ਦੀਆਂ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ, ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਤੇ ਹੋਰ ਅਹੁਦੇਦਾਰਾਂ ਨੇ ਇਸ ਸਬੰਧੀ ਦੱਸਿਆ ਕਿ ਤਰਨਤਾਰਨ ਸ਼ਹਿਰ ਦੇ ਨਾਲ ਆਸ ਪਾਸ ਦੇ ਇਲਾਕਿਆਂ ਤੋਂ ਵੀ ਸੰਗਤ ਇਥੇ ਪਹੁੰਚਦੀ ਹੀ ਹੈ। ਨਾਲ ਹੀ ਪਿੰਡਾਂ ਤੋਂ ਵੀ ਸ਼ਰਧਾਲੂ ਚੁਪਹਿਰਾ ਸਮਾਗਮ ’ਚ ਹਾਜ਼ਰੀ ਭਰਨ ਲਈ ਪਹੁੰਚਣ ਲੱਗੇ ਹਨ। ਜਿਨ੍ਹਾਂ ਦੀ ਸਹੂਲਤ ਲਈ ਦੀਵਾਨ ਹਾਲ ’ਚ ਜਿਥੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ। ਉਥੇ ਹੀ ਗੁਰੂ ਕੇ ਲੰਗਰ ਵੀ ਵਿਸ਼ੇਸ਼ ਤੌਰ ’ਤੇ ਤਿਆਰ ਹੁੰਦੇ ਹਨ। ਸਾਰਾ ਦਿਨ ਛਬੀਲ ਦਾ ਪ੍ਰਬੰਧ ਸ਼ਰਧਾਲੂਆਂ ਵੱਲੋਂ ਕੀਤਾ ਜਾਂਦਾ ਹੈ ਅਤੇ ਜੋੜਾ ਘਰ ਸੇਵਕ ਜਥੇ ਦੀ ਸੰਗਤ ਤਨਦੇਹੀ ਨਾਲ ਸੇਵਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਤੋਂ ਸ਼ਾਮ 4 ਵਜੇ ਤਕ ਹੋਣ ਵਾਲੇ ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸੰਗਤ ਨੂੰ ਪਾਠ ਕਰਵਾਉਣ ਦੀ ਸੇਵਾ ਨਿਭਾਉਂਦੇ ਹਨ ਤੇ ਅਰਦਾਸ ਉਪਰੰਤ ਚੁਪਹਿਰਾ ਸਮਾਗਮ ਦੀ ਸਮਾਪਤੀ ਹੁੰਦੀ ਹੈ। ਸਰਦੀ ਹੋਵੇ ਜਾਂ ਗਰਮੀ ਸੰਗਤ ਸਮਾਗਮ ਦੌਰਾਨ ਹਾਜ਼ਰੀ ਭਰਨ ਲਈ ਗੁਰੂ ਘਰ ਜ਼ਰੂਰ ਪੁੱਜਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਿੰਸੀਪਲ ਬਖਸ਼ੀਸ਼ ਸਿੰਘ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਗ੍ਰੰਥੀ ਭਾਈ ਮੁਖਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਿਮਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਜਿਥੇ ਮੌਜੂਦ ਸਨ। ਉਥੇ ਹੀ ਵੱਡੀ ਗਿਣਤੀ ਸੇਵਾਦਾਰਾਂ ਨੇ ਜੋੜਾ ਘਰ ਅਤੇ ਛਬੀਲ ਤੋਂ ਇਲਾਵਾ ਪਾਰਕਿੰਗ ’ਚ ਵੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ। ------------ ਬਾਕਸ : ਸੰਗਤ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ ਸੇਵਾਵਾਂ : ਪੱਡਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਹੋਣ ਵਾਲੇ ਚੁਪਹਿਰਾ ਸਮਾਗਮ ’ਚ ਸੰਗਤ ਦੀ ਵਧ ਰਹੀ ਆਮਦ ਨੂੰ ਧਿਆਨ ’ਚ ਰੱਖਦਿਆਂ ਗੁਰੂ ਘਰ ਦੇ ਵਿਸਥਾਰ ਤੇ ਵਿਕਾਸ ਲਈ ਕਈ ਸੇਵਾਵਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਾਰਕਿੰਗ ਲਈ ਖਰੀਦੀ ਗਈ ਫਲੈਟਾਂ ਵਾਲੀ ਜਗ੍ਹਾ ਦੀ ਰਜਿਸਟਰੀ ਅਗਲੇ ਮਹੀਨੇ ਹੋਣ ਜਾ ਰਹੀ ਹੈ। ਨਾਲ ਹੀ ਗੁਰੂ ਘਰ ਅੰਦਰ ਹੋਰ ਸੇਵਾਵਾਂ ਚੱਲ ਰਹੀਆਂ ਹਨ। ਜਿਨ੍ਹਾਂ ਨੂੰ ਸੰਗਤ ਦੇ ਸਹਿਯੋਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਸੰਗਤ ਨੂੰ ਚੱਲ ਰਹੀਆਂ ਸੇਵਾਵਾਂ ’ਚ ਹਿੱਸਾ ਪਾਉਣ ਦੀ ਬੇਨਤੀ ਵੀ ਕੀਤੀ ਗਈ।