ਰੋਲ ਆਬਜ਼ਰਵਰ ਰਾਮਵੀਰ ਸਿੰਘ ਨੇ ਵਿਸ਼ੇਸ਼ ਕੈਂਪਾਂ ਦਾ ਕੀਤਾ ਨਿਰੀਖਣ ਰੋਲ ਆਬਜ਼ਰਵਰ ਰਾਮਵੀਰ ਸਿੰਘ ਨੇ ਵਿਸ਼ੇਸ਼ ਕੈਂਪਾਂ ਦਾ ਕੀਤਾ ਨਿਰੀਖਣ
Publish Date: Sun, 22 Nov 2026 07:40 PM (IST)
Updated Date: Sun, 22 Nov 2026 07:43 PM (IST)
ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ’ਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਡਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ ਵੱਲੋਂ ਨਿਰੀਖਣ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਵਿਧਾਨ ਸਭਾ ਚੋਣ ਹਲਕਾ ਖਡੂਰ ਸਾਹਿਬ ਦੇ 158, 159, 160 ਅਤੇ 161 ਨੰਬਰ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਤੇ ਪੋਲਿੰਗ ਬੂਥਾਂ ’ਤੇ ਮੌਜੂਦ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰ ਸੂਚੀਆਂ ’ਤੇ ਦਾਅਵੇ ਤੇ ਇਤਰਾਜ਼ਾਂ ਸਬੰਧੀ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਅਤੇ ਯੋਗਤਾ ਮਿਤੀ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨ ਵੋਟਰਾਂ ਵੱਲੋਂ ਪ੍ਰਾਪਤ ਹੋਏ ਫਾਰਮ ਨੰਬਰ 6 ਦੇ ਸਟੇਟਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਉਨ੍ਹਾਂ ਕੈਂਪਾਂ ’ਚ ਪਹੁੰਚੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਇਸੇ ਤਰ੍ਹਾਂ 6 ਦਸੰਬਰ ਨੂੰ ਵੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਸਵੇਰੇ 10 ਤੋਂ ਸ਼ਾਮ 4 ਵਜੇ ਤਕ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਦਾਅਵੇ ਤੇ ਇਤਰਾਜ਼ਾਂ ਸਬੰਧੀ ਫਾਰਮ ਪ੍ਰਾਪਤ ਕਰਨਗੇ। ਡਵੀਜ਼ਨਲ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਵੋਟਰ ਸੂਚੀਆਂ ਵਿਚ ਆਪਣੇ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ, ਜਿਸ ’ਤੇ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।