ਸੁਖਰਾਜ ਸਿੰਘ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੱਡਾ ਸਵਾਲ : ਹਰਜੀਤ ਸਿੰਘ ਸੰਧੂ ਸੁਖਰਾਜ ਸਿੰਘ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੱਡਾ ਸਵਾਲ : ਹਰਜੀਤ ਸਿੰਘ ਸੰਧੂ
Publish Date: Sun, 22 Nov 2026 07:55 PM (IST)
Updated Date: Sun, 22 Nov 2026 07:58 PM (IST)
ਕਿਹਾ- ਪਰਿਵਾਰ ਨੂੰ ਇਨਸਾਫ਼ ਦਿਵਾਉਣ ਤਕ ਚੁੱਪ ਨਹੀਂ ਬੈਠਾਂਗੇ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ’ਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ 20 ਸਾਲਾ ਨੌਜਵਾਨ ਸੁਖਰਾਜ ਸਿੰਘ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਤਰਨਤਾਰਨ ਇੰਚਾਰਜ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸ਼ਿਰਕਤ ਕਰਕੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਦੇ ਦੁੱਖ ’ਚ ਸ਼ਰੀਕ ਹੁੰਦਿਆਂ ਕਿਹਾ ਕਿ 20 ਸਾਲ ਦੀ ਉਮਰ ’ਚ ਇਕ ਨੌਜਵਾਨ ਦਾ ਇਸ ਤਰ੍ਹਾਂ ਗੋਲੀਆਂ ਦਾ ਸ਼ਿਕਾਰ ਹੋ ਜਾਣਾ ਬੇਹੱਦ ਮੰਦਭਾਗਾ ਤੇ ਸਮੁੱਚੇ ਸਮਾਜ ਲਈ ਵੱਡਾ ਦੁਖਾਂਤ ਹੈ। ਆਪਣੇ ਜਵਾਨ ਪੁੱਤਰ ਦੇ ਵਿਛੋੜੇ ’ਚ ਵਿਲਕ ਰਹੀ ਮਾਂ ਤੇ ਭੈਣ ਨਾਲ ਦੁੱਖ ਸਾਂਝਾ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਉਨ੍ਹਾਂ ਨੂੰ ਹੌਸਲਾ ਦਿੱਤਾ। ਉਨ੍ਹਾਂ ਕਿਹਾ ਕਿ ਇਕ ਮਾਂ ਲਈ ਆਪਣੇ ਪੁੱਤਰ ਨੂੰ ਆਪਣੇ ਹੱਥੀਂ ਅੰਤਿਮ ਵਿਦਾਈ ਦੇਣਾ ਕਿੰਨਾ ਅਸਹਿ ਦਰਦ ਹੈ, ਇਸ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਹ ਮਾਂ ਦੀ ਸੁੰਨੀ ਹੋਈ ਕੁੱਖ ’ਚ ਉਸ ਦਾ ਪੁੱਤਰ ਤਾਂ ਵਾਪਸ ਨਹੀਂ ਲਿਆ ਸਕਦੇ ਪਰ ਪਰਿਵਾਰ ਦੇ ਦੁੱਖ ਨੂੰ ਵੰਡਾਉਣ ਤੇ ਉਨ੍ਹਾਂ ਦੀਆਂ ਅੱਖਾਂ ’ਚੋਂ ਹੰਝੂ ਪੂੰਝਣ ਲਈ ਹਰ ਸੰਭਵ ਯਤਨ ਜ਼ਰੂਰ ਕਰਨਗੇ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਇਸ ਦੁੱਖ ਦੀ ਘੜੀ ’ਚ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਜਦੋਂ ਤਕ ਸੁਖਰਾਜ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਨਹੀਂ ਦਿਵਾਈ ਜਾਂਦੀ, ਉਦੋਂ ਤਕ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਪਰਿਵਾਰ ਦਾ ਦੁੱਖ ਨਹੀਂ, ਸਗੋਂ ਪੂਰੇ ਇਲਾਕੇ ਦੇ ਲੋਕਾਂ ਦੇ ਮਨਾਂ ਵਿਚ ਪੈਦਾ ਹੋਏ ਡਰ ਅਤੇ ਅਸੁਰੱਖਿਆ ਦੀ ਭਾਵਨਾ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਦਾ ਰਾਜ ਕਾਇਮ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਮ ਨਾਗਰਿਕ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣਾ ਜੀਵਨ ਬਤੀਤ ਕਰ ਸਕਣ। ਸਿਰਫ਼ ਬਿਆਨਬਾਜ਼ੀ ਨਾਲ ਲੋਕਾਂ ਨੂੰ ਸੁਰੱਖਿਆ ਦਾ ਅਹਿਸਾਸ ਨਹੀਂ ਕਰਵਾਇਆ ਜਾ ਸਕਦਾ, ਸਗੋਂ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਕੇ ਅਪਰਾਧੀਆਂ ਦੇ ਮਨਾਂ ਵਿਚ ਕਾਨੂੰਨ ਦਾ ਡਰ ਪੈਦਾ ਕਰਨਾ ਲਾਜ਼ਮੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਕਤਲ ਦੀ ਡੂੰਘਾਈ ਨਾਲ ਜਾਂਚ ਕਰਕੇ ਸਾਰੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਨਾਲ ਹੀ ਪਰਿਵਾਰ ਨੂੰ ਪੂਰਾ ਭਰੋਸਾ ਦਿੱਤਾ ਜਾਵੇ ਕਿ ਉਨ੍ਹਾਂ ਨੂੰ ਨਿਆਂ ਜ਼ਰੂਰ ਮਿਲੇਗਾ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਸੁਖਰਾਜ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਜੋ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਸ ਦੀ ਭਰਪਾਈ ਕੋਈ ਨਹੀਂ ਕਰ ਸਕਦਾ। ਇਸ ਮੌਕੇ ਹਰਪ੍ਰੀਤ ਸਿੰਘ ਸ਼ਿੰਦਬਾਜ, ਚਰਨਜੀਤ ਸਿੰਘ ਖਾਲਸਾ, ਦਿਨੇਸ਼ ਜੋਸ਼ੀ, ਰੋਹਿਤ ਸ਼ਰਮਾ, ਅਮਨ ਅਰੋੜਾ, ਅਵਤਾਰ ਸਿੰਘ ਬੰਟੀ, ਮੇਜਰ ਸਿੰਘ, ਕਾਬਲ ਸਿੰਘ, ਨਿਸ਼ਾਨ ਸਿੰਘ ਸੁਰਜੀਤ ਸਿੰਘ ਸਾਗਰ, ਹਰਜੀਤ ਸਿੰਘ ਕੰਗ, ਲੱਕੀ ਜੋਸ਼ੀ ਆਦਿ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।