- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ

ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖ਼ਾ ਕਰਕੇ ਤੇ ਜੈਕਾਰਿਆਂ ਦੀ ਗੂੰਜ ਨਾਲ ਕੀਤਾ ਗਿਆ ਨਗਰ ਕੀਰਤਨ ਦਾ ਨਿੱਘਾ ਸਵਾਗਤ
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ
ਸ੍ਰੀ ਗੋਇੰਦਵਾਲ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਨਗਰ ਦੀ ਪਰਿਕਰਮਾ ਲਈ ਰਵਾਨਾ ਹੋਇਆ।
ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੀ ਸ਼ੋਭਾ ਬੈਂਡ ਪਾਰਟੀਆਂ, ਸਕੂਲੀ ਵਿਦਿਆਰਥੀਆਂ ਤੇ ਸ਼ਬਦੀ ਜਥਿਆਂ ਨੇ ਵਧਾਈ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਗੁਰਦੁਆਰਾ ਚੁਬਾਰਾ ਸਾਹਿਬ ਪਹੁੰਚਿਆ, ਜਿਥੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਾਪਸ ਪੁੱਜਾ।
ਇਸ ਦੌਰਾਨ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ’ਚ ਸ਼ਮੂਲੀਅਤ ਕਰਦਿਆਂ ‘ਸਤਿਨਾਮ-ਵਾਹਿਗੁਰੂ’ ਦਾ ਜਾਪ ਕੀਤਾ।
ਨਗਰ ਕੀਰਤਨ ’ਚ ਸ਼ਾਮਿਲ ਸੰਗਤਾਂ ਲਈ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਮੀਤ ਮੈਨੇਜਰ ਸਰਬਜੀਤ ਸਿੰਘ ਮੁੰਡਾ ਪਿੰਡ, ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ, ਭਾਈ ਨਿਹਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ, ਐੱਸਜੀਪੀਸੀ ਮੈਂਬਰ ਬਲਵਿੰਦਰ ਸਿੰਘ ਵੇਂਈਪੂੰਈ, ਸਰਪੰਚ ਨਿਰਮਲ ਸਿੰਘ ਅਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਸਮੇਤ ਹੋਰ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਗਿਆ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਸਰਬ ਸਾਂਝਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਅਤੇ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।
ਇਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਤੇ ਨਗਰ ਕੀਰਤਨ ਦੌਰਾਨ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਨਗਰ ਕੀਰਤਨ ਦੇਰ ਸ਼ਾਮ ਨਗਰ ਦੀ ਪਰਿਕਰਮਾ ਮੁਕੰਮਲ ਕਰਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸੰਪੰਨ ਹੋਇਆ।
ਇਸ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਰਬਜੀਤ ਸਿੰਘ ਮੁੰਡਾ ਪਿੰਡ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਜਥੇਦਾਰ ਪ੍ਰੇਮ ਸਿੰਘ ਪੰਨੂ, ਰਛਪਾਲ ਸਿੰਘ, ਨਿਰਮਲ ਸਿੰਘ ਢੋਟੀ ਸਰਪੰਚ, ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ, ਹਰਭਜਨ ਸਿੰਘ ਰਠੌੜ, ਪ੍ਰਚਾਰਕ ਬਾਬਾ ਨਿਹਾਲ ਸਿੰਘ, ਮੈਂਬਰ ਜਸਬੀਰ ਸਿੰਘ ਮਿੱਠੂ, ਮੈਂਬਰ ਬਲਜਿੰਦਰ ਸਿੰਘ, ਬਾਬਾ ਰਣਜੀਤ ਸਿੰਘ ਗ੍ਰੰਥੀ, ਜਸਬੀਰ ਸਿੰਘ ਖਜ਼ਾਨਚੀ, ਸਤਬੀਰ ਸਿੰਘ ਰਿਕਾਰਡ ਕੀਪਰ, ਮਨਜੀਤ ਸਿੰਘ, ਜਸਵਿੰਦਰ ਸਿੰਘ, ਹਰਪਿੰਦਰ ਸਿੰਘ ਗਿੱਲ, ਦੇਸ਼ਵੀਰ ਸਿੰਘ ਪਵਾਰ, ਸੁਖਵਿੰਦਰ ਸਿੰਘ ਧਾਲੀਵਾਲ, ਡਾ. ਹਰਪਾਲ ਸਿੰਘ ਪੰਨੂੰ, ਹਰਚਰਨ ਸਿੰਘ ਭੱਠਲ ਤੇ ਮਨਦੀਪ ਸਿੰਘ ਮਾਰਕੀਟ ਪ੍ਰਧਾਨ, ਵਰਿੰਦਰ ਸਿੰਘ ਜੋਤੀ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ, ਭਾਈ ਸੂਰਤਾ ਸਿੰਘ, ਬਾਵਾ ਰਣਜੀਤ ਸਿੰਘ ਲੱਕੀ, ਗੋਲਡੀ ਭੱਲਾ ਤੇ ਡਾ. ਮਨਜੀਤ ਸਿੰਘ ਮੱਲ੍ਹੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।